ਦਲਜੀਤ ਰਾਜੂ ਬੀਸੀ ਵਿੰਗ ਦੇ ਦੋਆਬਾ ਇੰਚਾਰਜ ਨਿਯੁਕਤ
ਦਲਜੀਤ ਰਾਜੂ ਦਰਵੇਸ਼ ਪਿੰਡ ਨੂੰ ਮਿਲੀ ਆਮ ਆਦਮੀ ਪਾਰਟੀ ਬੀਸੀ ਵਿੰਗ ਦੇ ਦੋਆਬਾ ਇੰਚਾਰਜ ਦੀ ਅਹਿਮ ਜਿੰਮੇਵਾਰੀ
Publish Date: Tue, 27 Jan 2026 10:24 PM (IST)
Updated Date: Tue, 27 Jan 2026 10:25 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਦੇ ਦੋਆਬਾ ਖੇਤਰ ’ਚ ਬੀਸੀ ਵਿੰਗ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਆਮ ਆਦਮੀ ਪਾਰਟੀ ਨੇ ਦਲਜੀਤ ਰਾਜੂ ਦਰਵੇਸ਼ ਪਿੰਡ ਨੂੰ ਬੀਸੀ ਵਿੰਗ ਦੋਆਬਾ ਜ਼ੋਨ ਦਾ ਇੰਚਾਰਜ ਨਿਯੁਕਤ ਕੀਤਾ ਹੈ। ‘ਆਪ’ ਦੇ ਇਸ ਕਦਮ ਨੂੰ ਰਾਜਨੀਤਿਕ ਹਲਕਿਆਂ ਵਿਚ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਪਹੁੰਚ ਤੇ ਪ੍ਰਭਾਵ ਨੂੰ ਵਧਾਉਣ ਵੱਲ ਇਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਸਮੇਤ ਬੀਸੀ ਵਿੰਗ ਦੇ ਪੰਜਾਬ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ, ਦੋਆਬਾ ਜ਼ੋਨ ਇੰਚਾਰਜ ਨਯਨ ਛਾਬੜਾ, ਸੰਦੀਪ ਸੈਣੀ, ਯੂਥ ਇੰਚਾਰਜ ਰੋਬੀ ਕੰਗ ਤੇ ਕਪੂਰਥਲਾ ਜ਼ਿਲ੍ਹਾ ‘ਆਪ’ ਪਾਰਟੀ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ ਤੇ ਪਾਰਟੀ ਦੀਆਂ ਉਮੀਦਾਂ ’ਤੇ ਖਰੇ ਉਤਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਆਪਣੇ ਹਲਕੇ ਦੇ ਵਸਨੀਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰਨ ਦੀ ਆਪਣੀ ਵਚਨਬੱਧਤਾ ’ਤੇ ਵੀ ਜ਼ੋਰ ਦਿੱਤਾ। ਨਾਲ ਹੀ ਉਨ੍ਹਾਂ ਨੇ ਆਪਣੇ ਹਲਕੇ ਦੇ ਲੋਕਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨ ਦੀ ਗੱਲ ਵੀ ਕਹੀ ਹੈ। ਜ਼ਿਕਰਯੋਗ ਹੈ ਕਿ ਫਗਵਾੜਾ ਹਲਕੇ ਦੇ ਪੇਂਡੂ ਖੇਤਰਾਂ ਵਿਚ ਦਲਜੀਤ ਰਾਜੂ ਦਾ ਰਾਜਨੀਤਿਕ ਪ੍ਰਭਾਵ ਬਹੁਤ ਮਜ਼ਬੂਤ ਮੰਨਿਆ ਜਾਂਦਾ ਹੈ। ਧਿਆਨ ਦੇਣ ਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ, ਜਿਥੇ ‘ਆਪ’ ਨੇ ਮੁੱਖ ਮੰਤਰੀ ਦੇ ਆਪਣੇ ਮਾਲਵਾ ਖੇਤਰ ਵਿਚ ਸਭ ਤੋਂ ਵੱਧ ਸਫਲਤਾ ਪ੍ਰਾਪਤ ਕੀਤੀ ਸੀ, ਉਥੇ ਦੋਆਬਾ ਵਿਚ ਪਾਰਟੀ ਦਾ ਪ੍ਰਦਰਸ਼ਨ ਸਭ ਤੋਂ ਕਮਜ਼ੋਰ ਰਿਹਾ ਸੀ। ਪੰਜਾਬ ‘ਚ ‘ਆਪ’ ਦੀ ਹਨ੍ਹੇਰੀ ਦੇ ਬਾਵਜੂਦ ਕਪੂਰਥਲਾ ਜ਼ਿਲ੍ਹੇ ਵਿਚ ਚਾਰੇ ਸੀਟਾਂ ’ਤੇ ਹਾਰ ਦਾ ਸਾਹਮਣਾ ਕਰਨਾ ਪਿਆ। ਦਲਜੀਤ ਰਾਜੂ ਦੇ ‘ਆਪ’ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਵਜੋਂ ਨਿਭਾਈ ਜਾ ਰਹੀ ਕਾਰਗੁਜ਼ਾਰੀ ਦੇ ਚਲਦਿਆਂ ਵੀ ਕਪੂਰਥਲਾ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਉਨ੍ਹਾਂ ਦਾ ਕਾਫ਼ੀ ਚੰਗਾ ਪ੍ਰਭਾਵ ਹੈ।