ਡੀਸੀ ਤੇ ਐੱਸਐੱਸਪੀ ਵੱਲੋਂ ਕਿਸਾਨਾਂ ਨੂੰ ਨਾੜ ਨਾ ਸਾੜਨ ਦੀ ਅਪੀਲ
ਡੀ.ਸੀ. ਅਤੇ ਐੱਸ.ਐੱਸ.ਪੀ. ਵੱਲੋਂ ਨਡਾਲਾ-ਬੇਗੋਵਾਲ ਦਾ ਦੌਰਾ, ਕਿਸਾਨਾਂ ਨੂੰ ਨਾੜ ਨਾ ਸਾੜਨ ਦੀ ਅਪੀਲ
Publish Date: Sat, 02 May 2026 09:32 PM (IST)
Updated Date: Sat, 02 May 2026 09:35 PM (IST)

---ਖੇਤੀ ਮਸ਼ੀਨਾਂ ਦੀ ਵਰਤੋਂ ਨਾਲ ਕਣਕ ਦੇ ਨਾੜ ਨੂੰ ਖੇਤਾਂ ‘ਚ ਰਲਾਉਣ ਲਈ ਕੀਤਾ ਪ੍ਰੇਰਿਤ ਸੁਖਜਿੰਦਰ ਸਿੰਘ ਮੁਲਤਾਨੀ/ਚੰਨਪ੍ਰੀਤ ਸਿੰਘ ਕੰਗ, ਪੰਜਾਬੀ ਜਾਗਰਣ ਬੇਗੋਵਾਲ/ਨਡਾਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐੱਸਐੱਸਪੀ ਗੌਰਵ ਤੂਰਾ ਵੱਲੋਂ ਅੱਜ ਸਾਂਝੇ ਤੌਰ ਤੇ ਨਡਾਲਾ ਤੇ ਬੇਗੋਵਾਲ ਦੀਆਂ ਕੋਆਪ੍ਰੇਟਿਵ ਸੁਸਾਇਟੀਆਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਗਈ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਆਪ੍ਰੇਟਿਵ ਸੁਸਾਇਟੀਆਂ ਰਾਹੀਂ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਨਾੜ ਨੂੰ ਸਾੜਨ ਦੀ ਬਜਾਏ ਸੁਸਾਇਟੀਆਂ ਕੋਲ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਨੂੰ ਖੇਤਾਂ ਵਿਚ ਹੀ ਰਲ਼ਾਉਣਾ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਸਾਇਟੀਆਂ ਕੋਲ ਮਲਚਰ, ਰੋਟਾਵੇਟਰ ਆਦਿ ਵਰਗੀ ਅਤਿ ਆਧੁਨਿਕ ਮਸ਼ੀਨਰੀ ਉਪਲਬਧ ਹੈ, ਜਿਸ ਦੀ ਮਦਦ ਨਾਲ ਨਾੜ ਨੂੰ ਖੇਤ ਵਿਚ ਹੀ ਰਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਮਸ਼ੀਨਰੀ ਸਬੰਧੀ ਕਪੂਰਥਲਾ ਸਬ-ਡਿਵੀਜ਼ਨ ਲਈ ਸੰਦੀਪ ਸਿੰਘ (85271-1124) ਤੇ ਭੁਲੱਥ ਸਬ ਡਵੀਜ਼ਨ ਲਈ ਜੋਬਨਜੀਤ ਸਿੰਘ (89686-41990) ਨੂੰ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜਿਥੇ ਮਿੱਤਰ ਕੀੜੇ ਮਰ ਜਾਂਦੇ ਹਨ ਉਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ, ਜਿਸ ਦਾ ਸਿੱਧਾ ਅਸਰ ਅਗਲੀ ਫ਼ਸਲ ਦੇ ਝਾੜ ਤੇ ਪੈਂਦਾ ਹੈ। ਐੱਸਐੱਸਪੀ ਗੌਰਵ ਤੂਰਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਅੱਗ ਲਗਾਉਣ ਤੇ ਪੂਰਨ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਤੇ ਸੈਟੇਲਾਈਟ ਰਾਹੀਂ ਹਰ ਘਟਨਾ ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਖੇਤੀ ਮਸ਼ੀਨਾਂ ਦੀ ਵਰਤੋਂ ਕਰਕੇ ਨਾੜ ਦਾ ਨਿਪਟਾਰਾ ਖੇਤਾਂ ਵਿਚ ਹੀ ਕਰਨ। ਐੱਸਐੱਸਪੀ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਤੁਰੰਤ ਐੱਫਆਈਆਰ ਦਰਜ ਕਰ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਦੌਰੇ ਦੌਰਾਨ ਨਡਾਲਾ ਦੇ ਨਜ਼ਦੀਕ ਇਕ ਖੇਤ ਵਿਚ ਨਾੜ ਨੂੰ ਲੱਗੀ ਅੱਗ ਦੇਖ ਕੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐੱਸਐੱਸਪੀ ਗੌਰਵ ਤੂਰਾ ਨੇ ਤੁਰੰਤ ਆਪਣਾ ਕਾਫਲਾ ਰੁਕਵਾ ਮੌਕੇ ਤੇ ਖੜ੍ਹੇ ਹੋ ਕੇ ਅੱਗ ਬੁਝਾਉਣ ਦੇ ਕੰਮ ਦੀ ਨਿਗਰਾਨੀ ਕੀਤੀ ਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੱਗ ’ਤੇ ਤੁਰੰਤ ਕਾਬੂ ਪਾਇਆ ਜਾਵੇ ਤਾਂ ਜੋ ਕੋਈ ਵੱਡਾ ਹਾਦਸਾ ਨਾ ਵਾਪਰ ਸਕੇ।