ਸਕੂਲਾਂ ਦਾ ਸਮਾਂ ਸਵੇਰੇ 7 ਤੋਂ 11 ਕੀਤਾ ਜਾਵੇ
ਵਧੀ ਗਰਮੀ ਕਾਰਨ ਪ੍ਰਾਇਮਰੀ ਸਕੂਲਾਂ ਦੇ ਸਮੇਂ ‘ਚ ਤਬਦੀਲੀ ਦੀ ਮੰਗ
Publish Date: Thu, 21 May 2026 08:17 PM (IST)
Updated Date: Thu, 21 May 2026 08:19 PM (IST)

ਫਗਵਾੜਾ : ਪੰਜਾਬ ਵਿਚ ਲਗਾਤਾਰ ਵੱਧ ਰਹੀ ਤਾਪਮਾਨ ਦੀ ਲਹਿਰ ਨੇ ਆਮ ਜੀਵਨ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਖਾਸ ਕਰਕੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਨੰਨ੍ਹੇ ਬੱਚਿਆਂ ਲਈ ਸਕੂਲ ਜਾਣਾ ਮੁਸ਼ਕਲ ਬਣਦਾ ਜਾ ਰਿਹਾ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਮਾਪਿਆਂ ਨੇ ਸਰਕਾਰ ਤੇ ਸਿੱਖਿਆ ਵਿਭਾਗ ਕੋਲ ਪ੍ਰਾਇਮਰੀ ਸਕੂਲਾਂ ਦੇ ਸਮੇਂ ਵਿਚ ਤੁਰੰਤ ਤਬਦੀਲੀ ਕਰਨ ਦੀ ਮੰਗ ਕੀਤੀ ਹੈ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਕਰਦਿਆਂ ਸਮਾਜ ਸੇਵਕ ਗੁਰਦੀਪ ਸਿੰਘ ਕੰਗ, ਸ਼ਰਨਜੀਤ ਸਿੰਘ, ਰਣਜੀਤ ਸਿੰਘ ਜੀਤੀ ਖੇੜਾ ਨੇ ਕਿਹਾ ਕਿ ਸਵੇਰੇ ਤੋਂ ਹੀ ਤਾਪਮਾਨ ਵਿਚ ਤੇਜ਼ ਵਾਧਾ ਹੋ ਜਾਂਦਾ ਹੈ ਤੇ ਦੁਪਹਿਰ ਸਮੇਂ ਘਰ ਵਾਪਸੀ ਦੌਰਾਨ ਬੱਚਿਆਂ ਨੂੰ ਤਿੱਖੀ ਧੁੱਪ ਤੇ ਗਰਮ ਹਵਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਾਰਨ ਬੱਚਿਆਂ ਵਿਚ ਡੀਹਾਈਡਰੇਸ਼ਨ, ਚੱਕਰ ਆਉਣ ਤੇ ਥਕਾਵਟ ਵਰਗੀਆਂ ਸਮੱਸਿਆਵਾਂ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਨੂੰ ਸੁਝਾਅ ਦਿੱਤਾ ਕਿ 1 ਤੋਂ 5 ਤੱਕ ਦੇ ਬੱਚਿਆਂ ਦਾ ਸਮਾਂ ਸਵੇਰੇ 7 ਵਜੇ ਤੋਂ 11 ਵਜੇ ਤੱਕ ਕੀਤਾ ਜਾਵੇ ਤਾਂ ਜੋ ਬੱਚੇ ਗਰਮੀ ਦੇ ਪ੍ਰਭਾਵ ਤੋਂ ਬਚ ਸਕਣ। ਉਨ੍ਹਾਂ ਕਿਹਾ ਕਿ ਨੰਨ੍ਹੇ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਸਰਕਾਰ ਨੂੰ ਹਾਲਾਤ ਦੇ ਮੱਦੇਨਜ਼ਰ ਤੁਰੰਤ ਫੈਸਲਾ ਲੈਣਾ ਚਾਹੀਦਾ ਹੈ। ਸ਼ਰਨਜੀਤ ਸਿੰਘ ਨੇ ਕਿਹਾ ਕਿ ਵਧਦੀ ਗਰਮੀ ਨੂੰ ਦੇਖਦੇ ਹੋਏ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਲਾਜ਼ਮੀ ਹੈ। ਉਨ੍ਹਾਂ ਅਨੁਸਾਰ ਜੇਕਰ ਸਮੇਂ ਸਿਰ ਕਦਮ ਨਾ ਚੁੱਕੇ ਗਏ ਤਾਂ ਬੱਚਿਆਂ ਦੀ ਸਿਹਤ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਵਿਚ ਦਿਨੋਂ-ਦਿਨ ਵਧ ਰਹੀ ਤਿੱਖੀ ਗਰਮੀ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ। ਸਭ ਤੋਂ ਵੱਧ ਪ੍ਰਭਾਵ ਸਕੂਲ ਜਾਣ ਵਾਲੇ ਛੋਟੇ ਬੱਚਿਆਂ ‘ਤੇ ਪੈ ਰਿਹਾ ਹੈ। ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚੇ ਤੇਜ਼ ਧੁੱਪ ਤੇ ਗਰਮੀ ਕਾਰਨ ਬਿਮਾਰ ਹੋ ਰਹੇ ਹਨ, ਜਿਸ ਕਾਰਨ ਮਾਪਿਆਂ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਰਣਜੀਤ ਸਿੰਘ ਜੀਤੀ ਖੇੜਾ ਨੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਛੋਟੇ ਬੱਚਿਆਂ ਦੇ ਸਕੂਲਾਂ ਦਾ ਸਮਾਂ ਤੁਰੰਤ ਬਦਲਿਆ ਜਾਵੇ ਤਾਂ ਜੋ ਬੱਚਿਆਂ ਨੂੰ ਸਿਹਤ ਸਬੰਧੀ ਖਤਰਨਾਕ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਕੂਲਾਂ ਦਾ ਸਮਾਂ ਸਵੇਰੇ ਜਲਦੀ ਤੋਂ ਜਲਦੀ ਕੀਤਾ ਜਾਵੇ ਜਾਂ ਫਿਰ ਗਰਮੀ ਦੀਆਂ ਛੁੱਟੀਆਂ ਜਲਦੀ ਕੀਤੀਆਂ ਜਾਣ।