ਡੀਸੀ ਨੇ ਸੰਭਾਵੀ ਹੜ੍ਹ ਦੇ ਮੱਦੇਨਜ਼ਰ ਪਹਿਲਾਂ ਤੋਂ ਹੀ ਤਿਆਰੀਆਂ ਸਬੰਧੀ ਦਿੱਤੇ ਨਿਰਦੇਸ਼
ਡਿਪਟੀ ਕਮਿਸ਼ਨਰ ਵਲੋਂ ਸੰਭਾਵੀ ਹੜ ਦੇ ਮੱਦੇਨਜ਼ਰ ਪਹਿਲਾਂ ਤੋਂ ਹੀ ਤਿਆਰੀਆਂ ਸਬੰਧੀ ਦਿੱਤੇ ਨਿਰਦੇਸ਼
Publish Date: Fri, 10 Apr 2026 07:06 PM (IST)
Updated Date: Fri, 10 Apr 2026 07:08 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਵੱਲੋਂ ਹੜ੍ਹ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਹਦਾਇਤ ਕੀਤੀ ਕਿ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਸਬੰਧਿਤ ਅਧਿਕਾਰੀ ਦੀ ਨਿੱਜੀ ਤੌਰ ’ਤੇ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਪੱਧਰ ’ਤੇ ਸੰਭਾਵੀ ਹੜ੍ਹ ਦੀ ਰੋਕਥਾਮ ਲਈ ਲੁੜੀਂਦੇ ਪ੍ਰਬੰਧ ਪਹਿਲਾਂ ਹੀ ਕਰਕੇ ਰੱਖਣ ਤਾਂ ਜੋ ਲੋੜ ਪੈਣ ’ਤੇ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਹੜ੍ਹ ਤੋਂ ਪ੍ਰਭਾਵਿਤ ਹੋਣ ਵਾਲੀਆਂ ਥਾਵਾਂ ਦੀ ਪਹਿਲਾਂ ਤੋਂ ਹੀ ਸ਼ਨਾਖਤ ਕਰ ਕੇ ਲੁੜੀਂਦੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਉਣ। ਉਨ੍ਹਾਂ ਨਗਰ ਨਿਗਮ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰੀ ਖੇਤਰਾਂ ਵਿੱਚ ਸੰਭਾਵੀ ਹੜ੍ਹ/ਬਰਸਾਤ ਦੇ ਜਮ੍ਹਾਂ ਹੋਏ ਪਾਣੀ ਨੂੰ ਡਰੇਨ ਆਊਟ ਕਰਨ ਲਈ ਪੰਪ ਤਿਆਰ ਰੱਖਣ ਅਤੇ ਨਿਕਾਸੀ ਨਾਲਿਆਂ ਦੀ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਭਾਵੀ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਸਿਹਤ ਸੰਭਾਲ ਲਈ ਵੱਖ-ਵੱਖ ਡਾਕਟਰਾਂ ਦੀਆਂ ਟੀਮਾਂ ਗਠਿਤ ਕਰਨ ਅਤੇ ਦਵਾਈਆਂ ਆਦਿ ਦਾ ਅਗੇਤੇ ਪ੍ਰਬੰਧ ਕਰਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸੰਭਾਵੀ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਲਈ ਖਾਣ-ਪੀਣ ਦੀਆਂ ਵਸੂਤਆਂ ਦਾ ਪਹਿਲਾਂ ਹੀ ਪ੍ਰਬੰਧ ਕਰ ਕੇ ਰੱਖਣ ਤਾਂ ਜੋ ਲੋੜ ਪੈਣ ’ਤੇ ਬਿਨਾਂ ਕਿਸੇ ਦੇਰੀ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੈਟਨਰੀ ਡਾਕਟਰਾਂ ਦੀਆਂ ਟੀਮਾਂ ਅਤੇ ਲੁੜੀਂਦੀਆਂ ਦਵਾਈਆਂ ਤੇ ਟੀਕੇ ਪਹਿਲਾਂ ਤੋਂ ਹੀ ਤਿਆਰ ਰੱਖਣ।