ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ
ਡਿਪਟੀ ਕਮਿਸ਼ਨਰ ਵੱਲੋਂ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਲਈ ਰੀਵਿਊ ਮੀਟਿੰਗ
Publish Date: Tue, 28 Apr 2026 07:35 PM (IST)
Updated Date: Tue, 28 Apr 2026 07:37 PM (IST)

--ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੇ ਕੰਮ ਚ ਤੇਜ਼ੀ ਲਿਆਉਣ ਦੇ ਹੁਕਮ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵਲੋ ਅੱਜ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੇ ਸਬੰਧ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ਨਸ਼ਾ ਛੁਡਾਊ ਪ੍ਰੋਗਰਾਮ (ਯੁੱਧ ਨਸ਼ਿਆਂ ਵਿਰੁੱਧ) ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਸਬੰਧਤ ਵਿਭਾਗ ਵੱਲੋਂ ਪੇਸ਼ ਕੀਤੀਆਂ ਰਿਪੋਰਟਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਪ੍ਰੋਗਰਾਮ ਨੂੰ ਜ਼ਿਲ੍ਹੇ ਵਿਚ ਸਖ਼ਤੀ ਨਾਲ ਲਾਗੂ ਕੀਤਾ ਗਿਆ ਹੈ। ਮੀਟਿੰਗ ਦੌਰਾਨ ਵਿਭਾਗ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿਚ ਸਟਾਫ਼ ਦੀ ਕਮੀ ਬਾਰੇ ਵੀ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਗਿਆ, ਤਾਂ ਜੋ ਇਸ ਕਮੀ ਨੂੰ ਪੂਰਾ ਕਰਕੇ ਮੇਲ ਤੇ ਫੀਮੇਲ ਵਾਰਡਾਂ ਦਾ ਕੰਮ ਹੋਰ ਸੁਚਾਰੂ ਤਰੀਕੇ ਨਾਲ ਚਲਾਇਆ ਜਾ ਸਕੇ। ਇਸ ਤੋਂ ਇਲਾਵਾ, ਉਨ੍ਹਾਂ ਵੱਲੋਂ ਨਿਰਮਾਣ ਅਧੀਨ ਮੈਡੀਕਲ ਕਾਲਜ ਦੀ ਪ੍ਰਗਤੀ ਰਿਪੋਰਟ ਦਾ ਵੀ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਬਣ ਰਹੇ ਕਾਰਡਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਕਲੀਨਿਕਾਂ ਵਿਚ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਟੀਬੀ ਤੇ ਕੈਂਸਰ ਵਿਰੋਧੀ ਪ੍ਰੋਗਰਾਮਾਂ ਦੀ ਸਥਿਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਵੱਲੋਂ ਡਿਪਟੀ ਕਮਿਸ਼ਨਰ ਨੂੰ ਸਿਹਤ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸੰਦੀਪ ਭੋਲਾ, ਡਾ. ਰਾਹੁਲ, ਡਾ. ਰੂਹੀ, ਡਾ. ਮੀਨਾਕਸ਼ੀ, ਡਾ. ਨਵਪ੍ਰੀਤ ਤੇ ਹੋਰ ਅਧਿਕਾਰੀ ਹਾਜ਼ਰ ਸਨ।