ਡੀਸੀ ਵੱਲੋਂ ਲੋਕ ਭਲਾਈ ਸਰਗਰਮੀਆਂ ਤੇਜ਼ ਕਰਨ ਦੇ ਹੁਕਮ
ਡਿਪਟੀ ਕਮਿਸ਼ਨਰ ਵੱਲੋਂ ਰੈਡ ਕਰਾਸ ਸੁਸਾਇਟੀ ਨੂੰ ਲੋਕ ਭਲਾਈ ਖੇਤਰ ਵਿਚ ਗਤੀਵਿਧੀਆਂ ਹੋਰ ਤੇਜ਼ ਕਰਨ ਦੇ ਹੁਕਮ
Publish Date: Fri, 28 Nov 2025 08:40 PM (IST)
Updated Date: Fri, 28 Nov 2025 08:41 PM (IST)
- ਰੈੱਡ ਕਰਾਸ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੌਰਾਨ ਸਰਗਰਮੀਆਂ ਦੀ ਸਮੀਖਿਆ
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਰੈੱਡ ਕਰਾਸ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਲੋਕ ਭਲਾਈ ਦੇ ਖੇਤਰ ਵਿੱਚ ਆਪਣੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੈੱਡ ਕਰਾਸ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੌਰਾਨ ਰੈੱਡ ਕਰਾਸ ਦੀਆਂ ਸਰਗਰਮੀਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋੜਵੰਦਾਂ ਦੀ ਮਦਦ ਲਈ ਰੈੱਡ ਕਰਾਸ ਸੁਸਾਇਟੀ ਹੋਰ ਤਨਦੇਹੀ ਨਾਲ ਕੰਮ ਕਰੇ ਤਾਂ ਜੋ ਵੱਧ ਤੋਂ ਵੱਧ ਲੋਕ ਰੈੱਡ ਕਰਾਸ ਦੀਆਂ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਕਿੱਤਾਮੁਖੀ ਸਿਖਲਾਈ ਜਿਸ ਵਿੱਚ ਬਿਊਟੀ ਪਾਰਲਰ, ਸਿਲਾਈ-ਕਢਾਈ, ਕੁਕਿੰਗ, ਕੰਪਿਊਟਰ ਸਿੱਖਿਆ ਆਦਿ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਲੋੜਵੰਦ ਲੜਕੀਆਂ ਸਿਖਲਾਈ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰ ਸਕਣ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਰਾਹੀਂ ਲੋੜਵੰਦਾਂ ਨੂੰ ਸਿੱਖਿਆ ਤੇ ਇਲਾਜ ਲਈ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਅੰਗਹੀਣਾਂ ਨੂੰ ਟ੍ਰਾਈਸਾਈਕਲ ਵੰਡਣ ਦਾ ਕੰਮ ਲਗਾਤਾਰ ਕੀਤਾ ਜਾਵੇ। ਇਸ ਤੋਂ ਪਹਿਲਾਂ ਰੈੱਡ ਕਰਾਸ ਦੇ ਸਕੱਤਰ ਆਰਸੀ ਬਿਰਹਾ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਵਧੀਕ ਡਿਪਟੀ ਕਮਿਸ਼ਨਰ (ਵ) ਵਰਿੰਦਰਪਾਲ ਸਿੰਘ ਬਾਜਵਾ, ਸਹਾਇਕ ਕਮਿਸ਼ਨਰ ਵਿਸ਼ਾਲ ਵਾਟਸ ਤੇ ਸੁਸਾਇਟੀ ਦੇ ਗੈਰ ਸਰਕਾਰੀ ਮੈਂਬਰ ਆਦਿ ਹਾਜ਼ਰ ਸਨ।