ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ : ਡੀਸੀ
ਡਿਪਟੀ ਕਮਿਸ਼ਨਰ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਦੇ ਹੁਕਮ
Publish Date: Mon, 11 May 2026 08:45 PM (IST)
Updated Date: Mon, 11 May 2026 08:48 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹੇ ਵਿਚ ਉਦਯੋਗ ਨੂੰ ਹੁਲਾਰਾ ਦੇਣ ਤੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਵੱਖ-ਵੱਖ ਉਦਯੋਗਪਤੀਆਂ ਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਦਯੋਗਪਤੀਆਂ ਵੱਲੋਂ ਫੋਕਲ ਪੁਆਇੰਟਾਂ ਵਿਚ ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਦੀ ਸਹੀ ਵਿਵਸਥਾ, ਨਿਰਵਿਘਨ ਬਿਜਲੀ ਸਪਲਾਈ, ਵਧ ਰਹੀਆਂ ਚੋਰੀਆਂ ਤੇ ਸਾਫ਼-ਸਫ਼ਾਈ ਵਰਗੇ ਅਹਿਮ ਮੁੱਦੇ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦੇ ਗਏ। ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਨੇ ਮੌਕੇ ਤੇ ਹਾਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦੇ ਉਦਯੋਗਿਕ ਖੇਤਰ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਦਯੋਗ ਕਿਸੇ ਵੀ ਖੇਤਰ ਦੀ ਆਰਥਿਕਤਾ ਦਾ ਅਹਿਮ ਹਿੱਸਾ ਹੁੰਦੇ ਹਨ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਵੱਡਾ ਯੋਗਦਾਨ ਪਾਉਂਦੇ ਹਨ, ਇਸ ਲਈ ਇਨ੍ਹਾਂ ਨੂੰ ਇਕ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਦਯੋਗਪਤੀਆਂ ਦੇ ਨਾਲ ਮਿਲ ਕੇ ਕੰਮ ਕਰਨ ਲਈ ਹਮੇਸ਼ਾ ਤਿਆਰ ਹੈ ਤੇ ਭਵਿੱਖ ਵਿਚ ਵੀ ਅਜਿਹੀਆਂ ਮੀਟਿੰਗਾਂ ਰਾਹੀਂ ਸਮੱਸਿਆਵਾਂ ਦਾ ਹੱਲ ਕੱਢਿਆ ਜਾਂਦਾ ਰਹੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।