ਫੱਤੂਢੀਂਗਾ ਦੀ ਅਨਾਜ ਮੰਡੀ ’ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਾਇਆ
ਫੱਤੂਢੀਂਗਾ ਦੀ ਅਨਾਜ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
Publish Date: Sat, 11 Apr 2026 06:58 PM (IST)
Updated Date: Sat, 11 Apr 2026 07:02 PM (IST)

- ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਦਾ ਦਿੱਤਾ ਹੋਕਾ ਕੁਲਵਿੰਦਰ ਸਿੰਘ ਲਾਡੀ/ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਫੱਤੂਢੀਂਗਾ/ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਅਨਾਜ ਮੰਡੀ ਫੱਤੂਢੀਂਗਾ ਵਿਖੇ ‘ਆਤਮਾ’ ਸਕੀਮ ਤਹਿਤ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ ਲਾਈਆਂ ਗਈਆਂ। ਇਸ ਮੌਕੇ ਮਾਹਿਰਾਂ ਨੇ ਕਿਸਾਨਾਂ ਨੂੰ ਪਾਣੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਜਾਗਰੂਕ ਕੀਤਾ। ਕੈਂਪ ਦਾ ਉਦਘਾਟਨ ਜੁਆਇੰਟ ਡਾਇਰੈਕਟਰ (ਇਨਪੁਟਸ) ਡਾ. ਗੁਰਨਾਮ ਸਿੰਘ ਨੇ ਕੀਤਾ, ਜਦਕਿ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਕੀਤੀ ਗਈ। ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਚੀਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾ ਸਕੇ। ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ’ਤੇ ਜ਼ੋਰ ਦਿੰਦਿਆਂ ਡਾ. ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਡਿੱਗ ਰਹੀ ਸਤ੍ਹਾ ਪ੍ਰਤੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਝੋਨੇ ਹੇਠੋਂ ਰਕਬਾ ਘਟਾ ਕੇ ਮੱਕੀ ਅਤੇ ਹੋਰ ਬਦਲਵੀਆਂ ਫ਼ਸਲਾਂ ਹੇਠ ਲਿਆਂਦਾ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ. ਬਲਕਾਰ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਕੋਸ਼ਿਸ਼ਾਂ ਸਦਕਾ ਪਿਛਲੇ ਸਾਲ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ 67% ਦੀ ਵੱਡੀ ਕਮੀ ਦਰਜ ਕੀਤੀ ਗਈ। ਉਨ੍ਹਾਂ ਕਿਸਾਨਾਂ ਨੂੰ ਪੀਏਯੂ ਵੱਲੋਂ ਸਿਫ਼ਾਰਿਸ਼ ਕੀਤੀਆਂ ਕਿਸਮਾਂ ਹੀ ਬੀਜਣ ਦੀ ਸਲਾਹ ਦਿੱਤੀ। ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਗੁਰਮੀਤ ਸਿੰਘ ਰਿਆੜ ਨੇ ਮਿੱਟੀ ਦੀ ਸਿਹਤ ਸੁਧਾਰਨ ਲਈ ਹਰੀ ਖਾਦ ਅਤੇ ਰੂੜੀ ਦੀ ਵਰਤੋਂ ’ਤੇ ਜ਼ੋਰ ਦਿੱਤਾ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਡਿਪਟੀ ਡਾਇਰੈਕਟਰ ਦਿਲਜੀਤ ਸਿੰਘ ਗਿੱਲ ਨੇ ਬਾਗਬਾਨੀ ਵਿਭਾਗ ਦੀਆਂ ਸਬਸਿਡੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਬੀਜ ਅਤੇ ਕਿਸਮਾਂ ਕੇ.ਵੀ.ਕੇ ਦੇ ਸਹਾਇਕ ਪ੍ਰੋ. ਡਾ. ਮਨਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕੇ.ਵੀ.ਕੇ ਕੋਲ ਝੋਨੇ ਦੀਆਂ ਨਵੀਆਂ ਕਿਸਮਾਂ ਪੀਆਰ 132 ਅਤੇ ਪੀਆਰ 133 ਦਾ ਬੀਜ ਉਪਲਬਧ ਹੈ। ਡਾ. ਸੁਮਨ ਜੌਲੀ ਨੇ ਕੀੜੇ-ਮਕੌੜਿਆਂ ਦੀ ਰੋਕਥਾਮ ਅਤੇ ਡਾ. ਬਿੰਦੂ ਮਰਵਾਹਾ ਨੇ ਖੇਤੀ ਮਸ਼ੀਨਰੀ ਦੀ ਸਾਂਭ-ਸੰਭਾਲ ਬਾਰੇ ਅਹਿਮ ਨੁਕਤੇ ਸਾਂਝੇ ਕੀਤੇ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਖੇਤੀਬਾੜੀ ਅਫ਼ਸਰ ਨਡਾਲਾ ਡਾ. ਸਤਨਾਮ ਸਿੰਘ ਨੇ ਨਿਭਾਈ। ਕੈਂਪ ਦੀ ਸਫ਼ਲਤਾ ਲਈ ਸੀਨੀਅਰ ਸਹਾਇਕ ਜਸਰਮਨਦੀਪ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਗੁਰਵਿੰਦਰ ਸਿੰਘ, ਵਿਸ਼ਾਲ ਕੌਸ਼ਲ, ਪਰਮਜੀਤ ਸਿੰਘ, ਏਡੀਓ ਡਾ. ਜਸਪਾਲ ਸਿੰਘ ਧੰਜੂ, ਪਰਮਿੰਦਰ ਕੁਮਾਰ, ਗੁਰਜੋਤ ਸਿੰਘ, ਮਨਅਰਸ਼ਰੂਪ ਕੌਰ ਅਤੇ ਹੋਰ ਵਿਸਥਾਰ ਅਫ਼ਸਰ ਤੇ ਸਟਾਫ਼ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।