ਨਡਾਲਾ ਕਾਲਜ ’ਚ ਵਿਦਿਆਰਥੀਆਂ ਨੂੰ ਡਾ. ਅੰਬੇਡਕਰ ਦੀ ਡਾਕੂਮੈਂਟਰੀ ਦਿਖਾਈ
ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਵਿਖੇ ਡਾ.ਬੀਆਰ ਅੰਬੇਡਕਰ ਜਯੰਤੀ ਸਬੰਧੀ ਵਿਦਿਆਰਥੀਆਂ ਨੂੰ ਦਿਖਾਈ ਗਈ ਡਾਕੂਮੈਂਟਰੀ
Publish Date: Mon, 20 Apr 2026 07:19 PM (IST)
Updated Date: Mon, 20 Apr 2026 07:21 PM (IST)

ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਬੀਤੇ ਦਿਨੀਂ ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਡਾ. ਬੀਆਰ ਅੰਬੇਡਕਰ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਬੰਧਕਾਂ ਤੇ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਡਾ. ਅੰਬੇਡਕਰ ਦੇ ਜੀਵਨ, ਵਿਚਾਰਧਾਰਾ ਤੇ ਸੰਘਰਸ਼ਾਂ ਤੇ ਆਧਾਰਿਤ ਇਕ ਵਿਸ਼ੇਸ਼ ਡਾਕੂਮੈਂਟਰੀ (ਦਸਤਾਵੇਜ਼ੀ ਫ਼ਿਲਮ) ਦਿਖਾਈ ਗਈ। ਇਸ ਡਾਕੂਮੈਂਟਰੀ ਰਾਹੀਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ੁਰੂਆਤੀ ਜੀਵਨ, ਛੂਤ-ਛਾਤ ਵਰਗੀਆਂ ਸਮਾਜਿਕ ਬੁਰਾਈਆਂ ਦਾ ਸਾਹਮਣਾ ਕਰਦੇ ਹੋਏ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਉਨ੍ਹਾਂ ਵੱਲੋਂ ਕੀਤੇ ਗਏ ਕਠਿਨ ਸੰਘਰਸ਼ ਤੇ ਭਾਰਤੀ ਸੰਵਿਧਾਨ ਦੀ ਰਚਨਾ ਵਿਚ ਪਾਏ ਗਏ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਫ਼ਿਲਮ ਰਾਹੀਂ ਵਿਦਿਆਰਥੀਆਂ ਨੂੰ ਸਮਾਜਿਕ ਬਰਾਬਰੀ ਤੇ ਔਰਤਾਂ ਦੇ ਹੱਕਾਂ ਲਈ ਲੜੀ ਗਈ ਉਨ੍ਹਾਂ ਦੀ ਲੜਾਈ ਤੋਂ ਵੀ ਜਾਣੂ ਕਰਵਾਇਆ ਗਿਆ। ਡਾਕੂਮੈਂਟਰੀ ਦੇਖਣ ਤੋਂ ਬਾਅਦ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਬਾਬਾ ਸਾਹਿਬ ਦੇ ਮੂਲ ਮੰਤਰ ਸਿੱਖਿਅਤ ਬਣੋ, ਸੰਗਠਿਤ ਰਹੇ ਤੇ ਸੰਘਰਸ਼ ਕਰੋ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਅਪੀਲ ਕੀਤੀ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਡਾ. ਨਵਪ੍ਰੀਤ ਕੌਰ, ਡਾ. ਰਣਜੀਤ ਕੌਰ, ਡਾ. ਨਵਨੀਤ ਸਿੰਘ,, ਅਸਿਸਟੈਂਟ ਪ੍ਰੋਫੈਸਰ ਪਰਦੀਪ,ਹਰਜੀਤ, ਰਮਨਪ੍ਰੀਤ ਕੌਰ, ਰਮਨਦੀਪ ਕੌਰ, ਪ੍ਰੀਤੀ ਤੇ ਹਰਪ੍ਰੀਤ ਕੌਰ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ।