ਰਾਏਪੁਰ ਅਰਾਈਆਂ ’ਚ ਨਸ਼ੇ ਦਾ ਕਹਿਰ ਜਾਰੀ, ਇੱਕ ਹਫ਼ਤੇ ’ਚ ਤੀਜੀ ਮੌਤ
ਪਿੰਡ ਰਾਏਪੁਰ ਅਰਾਈਆਂ ਵਿੱਚ ਨਸ਼ੇ ਦਾ ਕਹਿਰ ਜਾਰੀ, ਇੱਕ ਹਫਤੇ ਵਿੱਚ ਤੀਜੀ ਮੌਤ
Publish Date: Fri, 17 Apr 2026 10:04 PM (IST)
Updated Date: Fri, 17 Apr 2026 10:06 PM (IST)
ਚੰਨਪ੍ਰੀਤ ਸਿੰਘ ਕੰਗ, ਪੰਜਾਬੀ ਜਾਗਰਣ
ਨਡਾਲਾ : ਥਾਣਾ ਢਿੱਲਵਾਂ ਅਧੀਨ ਆਉਂਦੇ ਪਿੰਡ ਰਾਏਪੁਰ ਅਰਾਈਆਂ ਜ਼ਿਲ੍ਹਾ ਕਪੂਰਥਲਾ ਵਿੱਚ ਨਸ਼ੇ ਦੀ ਲਤ ਨੇ ਇੱਕ ਹੋਰ ਪਰਿਵਾਰ ਨੂੰ ਉਜਾੜ ਦਿੱਤਾ ਹੈ। ਹੈਰਾਨੀਜਨਕ ਗੱਲ ਇਹ ਹੈ ਕਿ ਅਜੇ ਇੱਕ ਹਫ਼ਤਾ ਪਹਿਲਾਂ ਹੀ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਈ ਸੀ ਅਤੇ ਹੁਣ ਤੀਜੀ ਮੌਤ ਨੇ ਪਿੰਡ ਵਿੱਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਸੈਮੂਅਲ ਉਰਫ਼ ਸੰਨੀ (32), ਪੁੱਤਰ ਅਬਦੁਲ ਵਾਸੀ ਪਿੰਡ ਰਾਏਪੁਰ ਅਰਾਈਆਂ ਵਜੋਂ ਹੋਈ ਹੈ। ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਦੱਸਿਆ ਜਾਂਦਾ ਹੈ।
ਪਿੰਡ ਵਾਸੀਆਂ ਦੇ ਮੁਤਾਬਿਕ 9 ਅਪ੍ਰੈਲ ਨੂੰ ਹੋਈਆਂ ਦੋ ਮੌਤਾਂ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਸੰਨੀ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਉਸ ਵੇਲੇ ਪੁਲਿਸ ਵੱਲੋਂ ਉਸ ਨੂੰ ਨਸ਼ਾ ਛਡਾਓ ਕੇਂਦਰ ਵਿੱਚ ਭਰਤੀ ਕਰਵਾਉਣ ਦੀ ਗੱਲ ਕਹੀ ਗਈ ਸੀ, ਪਰ ਬਾਅਦ ਵਿੱਚ ਉਸ ਨੂੰ ਛੱਡ ਦਿੱਤਾ ਗਿਆ। ਇਸ ਤੋਂ ਬਾਅਦ ਉਹ ਡਰ ਦੇ ਮਾਰੇ ਘਰੋਂ ਭੱਜ ਕੇ ਆਪਣੀ ਭੈਣ ਕੋਲ ਪਿੰਡ ਬਾਗੜੀਆਂ ਚਲਾ ਗਿਆ, ਜਿੱਥੇ ਸ਼ੁੱਕਰਵਾਰ ਨੂੰ ਉਸ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਇਸ ਮੌਤ ਦੀ ਪੁਸ਼ਟੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਮੋਹਤਬਰਾਂ ਵੱਲੋਂ ਕੀਤੀ ਗਈ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਗ਼ਮਗੀਨ ਮਾਹੌਲ ਹੈ ਅਤੇ ਲੋਕਾਂ ਵਿੱਚ ਡਰ ਅਤੇ ਗੁੱਸਾ ਦੋਵੇਂ ਵੇਖਣ ਨੂੰ ਮਿਲ ਰਹੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਪਿੰਡ ਦੇ ਸਰਪੰਚ ਵਰਿੰਦਰ ਕੁਮਾਰ ਪਰਾਸ਼ਰ, ਸਟੀਫਨ ਕਾਲਾ ਅਤੇ ਹੋਰ ਸਮਾਜਿਕ ਆਗੂਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਫੈਲ ਰਹੇ ਨਸ਼ੇ ਦੇ ਕਾਰੋਬਾਰ ’ਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਅਜਿਹੀਆਂ ਦੁੱਖਦਾਈ ਘਟਨਾਵਾਂ ਵਧਦੀਆਂ ਰਹਿਣਗੀਆਂ। ਪਿੰਡ ਵਾਸੀਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਪੁਲਿਸ ਕਾਰਵਾਈ ਨਹੀਂ ਕਰਵਾਉਣਾ ਚਾਹੁੰਦੇ, ਪਰ ਸਰਕਾਰ ਤੋਂ ਨਸ਼ੇ ਦੇ ਖ਼ਾਤਮੇ ਲਈ ਠੋਸ ਕਦਮਾਂ ਦੀ ਉਮੀਦ ਕਰਦੇ ਹਨ।