ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਨਡਾਲਾ ’ਚ ਲੱਗੇ ਕੂੜੇ ਦੇ ਢੇਰ
ਪਰੇਸ਼ਾਨ, ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ
Publish Date: Mon, 11 May 2026 10:42 PM (IST)
Updated Date: Mon, 11 May 2026 10:45 PM (IST)

ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਨਗਰ ਪੰਚਾਇਤ ਨਡਾਲਾ ਦੇ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਕੰਮਛੋੜੂ ਹੜਤਾਲ ਕਾਰਨ ਕਸਬੇ ਵਿਚ ਸਫ਼ਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਕਈ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਨਡਾਲਾ ਦੀਆਂ ਕਰੀਬ ਸਾਰੀਆਂ ਗਲੀਆਂ, ਮੁਹੱਲਿਆਂ ਤੇ ਬਾਜ਼ਾਰਾਂ ਦੇ ਕੋਨਿਆਂ ’ਤੇ ਕੂੜੇ ਦੇ ਢੇਰ ਲੱਗ ਗਏ ਹਨ, ਜਿਸ ਨਾਲ ਹਾਲਾਤ ਦਿਨੋਂ-ਦਿਨ ਗੰਭੀਰ ਬਣਦੇ ਜਾ ਰਹੇ ਹਨ। ਕਸਬਾ ਵਾਸੀਆਂ ਨੇ ਦੱਸਿਆ ਕਿ ਕੂੜੇ ਦੇ ਢੇਰਾਂ ਕਾਰਨ ਨਾ ਸਿਰਫ਼ ਇਲਾਕੇ ਵਿਚ ਬਦਬੂ ਫੈਲ ਰਹੀ ਹੈ, ਸਗੋਂ ਮੱਖੀ-ਮੱਛਰਾਂ ਦੀ ਭਰਮਾਰ ਵੀ ਵਧ ਗਈ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਬਣ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਹੜਤਾਲ ਕਾਰਨ ਪੈਦਾ ਹੋਈ ਇਸ ਸਮੱਸਿਆ ਦਾ ਹੱਲ ਕਰਨ ਲਈ ਨਗਰ ਪੰਚਾਇਤ ਨੂੰ ਤੁਰੰਤ ਕੋਈ ਬਦਲਵਾਂ ਪ੍ਰਬੰਧ ਕਰਨਾ ਚਾਹੀਦਾ ਹੈ, ਤਾਂ ਜੋ ਕਸਬੇ ਵਿਚ ਸਫ਼ਾਈ ਪ੍ਰਬੰਧ ਬਹਾਲ ਹੋ ਸਕੇ। ਸਥਾਨਕ ਨਿਵਾਸੀਆਂ ਨੇ ਆਪਣੇ ਵਾਰਡਾਂ ਦੇ ਕੌਂਸਲਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਨਿਭਾਉਂਦੇ ਹੋਏ ਹੁਣ ਸਫ਼ਾਈ ਪ੍ਰਬੰਧ ਨੂੰ ਸੁਧਾਰਨ ਲਈ ਫੌਰੀ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਥਾਂ-ਥਾਂ ਪਏ ਕੂੜੇ ਕਾਰਨ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਵਿਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਧਰ, ਪੰਜਵੇਂ ਦਿਨ ਵੀ ਕੰਮਛੋੜੂ ਹੜਤਾਲ ‘ਤੇ ਬੈਠੇ ਸਫ਼ਾਈ ਸੇਵਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਹਨਾਂ ਦੀ ਹੜਤਾਲ ਜਾਰੀ ਰਹੇਗੀ। ਸਫ਼ਾਈ ਸੇਵਕਾਂ ਨੇ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਤੇ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਵੱਲੋਂ ਕੋਈ ਸਕਾਰਾਤਮਕ ਭਰੋਸਾ ਨਾ ਮਿਲਣ ਕਾਰਨ ਹੜਤਾਲ ਖਤਮ ਕਰਨ ਦਾ ਫ਼ਿਲਹਾਲ ਕੋਈ ਫੈਸਲਾ ਨਹੀਂ ਕੀਤਾ ਗਿਆ। ਕਸਬਾ ਵਾਸੀਆਂ ਨੇ ਪੰਜਾਬ ਸਰਕਾਰ ਤੇ ਨਗਰ ਪੰਚਾਇਤ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਇਸ ਮਸਲੇ ਦਾ ਹੱਲ ਕਰਕੇ ਲੋਕਾਂ ਨੂੰ ਗੰਦਗੀ ਤੇ ਸੰਭਾਵੀ ਬਿਮਾਰੀਆਂ ਦੇ ਖ਼ਤਰੇ ਤੋਂ ਬਚਾਇਆ ਜਾਵੇ।