ਅਕਾਲੀ ਸਰਕਾਰ ਵੇਲੇ ਰਾਜ ਨਹੀਂ ਸੇਵਾ ਦੀ ਭਾਵਨਾ ਨਾਲ ਹੁੰਦੇ ਸਨ ਲੋਕਾਂ ਦੇ ਕੰਮ-ਰੰਧਾਵਾ

--ਕਿਹਾ-ਅਕਾਲੀ ਦਲ ਮੁੜ ਜ਼ਮੀਨੀ ਪੱਧਰ ’ਤੇ ਮਜ਼ਬੂਤ ਹੋ ਰਿਹੈ
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਿੱਖੀ ਨਿਖੇਧੀ ਕਰਦਿਆਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ’ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਆਪ ਦੀ ਸਰਕਾਰ ਨਾ ਤਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਕੀ ਹੈ ਤੇ ਨਾ ਹੀ ਸੂਬੇ ਵਿਚ ਅਮਨ-ਸ਼ਾਂਤੀ ਤੇ ਵਿਕਾਸ ਦਾ ਕੋਈ ਢੰਗ ਦਾ ਮਾਹੌਲ ਬਣਾਇਆ ਜਾ ਸਕਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਅੱਜ ਆਪਣੇ ਹੀ ਵਾਅਦਿਆਂ ਤੋਂ ਮੁੱਕਰ ਰਹੀ ਹੈ। ਘਰ-ਘਰ ਨੌਕਰੀ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਤੇ ਸਸਤੀ ਬਿਜਲੀ ਵਰਗੇ ਦਾਅਵੇ ਸਿਰਫ ਨਾਅਰੇ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਅੱਜ ਵੀ ਨੌਕਰੀਆਂ ਦੀ ਭਾਲ ਵਿਚ ਭਟਕ ਰਿਹਾ ਹੈ ਤੇ ਮਜ਼ਦੂਰ, ਕਿਸਾਨ ਤੇ ਵਪਾਰੀ ਵਰਗ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਖਰਾਬ ਹੋ ਰਹੀ ਹੈ। ਇਸ ਦੇ ਉਲਟ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕਾ ਕਪੂਰਥਲਾ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਦੀ ਅਗਵਾਈ ਹੇਠ ਮੁੜ ਜ਼ਮੀਨੀ ਪੱਧਰ ’ਤੇ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਸ਼ਕਤੀਸ਼ਾਲੀ ਬਣਾਇਆ ਜਾਵੇਗਾ, ਜਦਕਿ ਜ਼ਿਲਾ ਕਪੂਰਥਲਾ ਦੇ ਅੰਦਰ ਮੀਟਿੰਗਾਂ ਕਰ ਕੇ ਹਰ ਵਰਗ ਦੇ ਲੋਕਾਂ ਨੂੰ ਪਾਰਟੀ ਦੇ ਨਾਲ ਲਾਮਬੰਦ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਭਲੇ ਦੀ ਸੋਚ ਨੂੰ ਮੁੱਖ ਰੱਖ ਕੇ, ਜਿਥੇ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ, ਉਥੇ ਹਰ ਵਰਗ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਸਾਰੀਆਂ ਸੁੱਖ-ਸਹੂਲਤਾਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਸੂਬੇ ਪ੍ਰਤੀ ਕੀਤੇ ਗਏ ਨੇਕ ਕਾਰਜਾਂ ਨੂੰ ਅੱਜ ਵੀ ਪੰਜਾਬ ਦੇ ਲੋਕ ਯਾਦ ਕਰ ਰਹੇ ਹਨ। ਰੰਧਾਵਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਲਈ ਰਣਨੀਤੀ ਵੀ ਬਣਾਈ ਜਾ ਰਹੀ ਹੈ,ਜਦਕਿ ਹਰ ਵਰਗ ਦੇ ਨਾਲ ਸਿੱਧਾ-ਸਿੱਧਾ ਸੰਪਰਕ ਵੀ ਕਾਇਮ ਕੀਤਾ ਜਾ ਰਿਹਾ ਹੈ। ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਦੇ ਪਿਆਰ ਤੇ ਵੱਡਮੁੱਲੇ ਸਹਿਯੋਗ ਸਦਕਾ ਸ਼ਾਨਦਾਰ ਜਿੱਤ ਹਾਸਲ ਕਰ ਕੇ ਪੰਜਾਬ ਵਿਚ ਮਜ਼ਬੂਤ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਪਹਿਲਾਂ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ ਨੂੰ ਮੌਕਾ ਦੇ ਕੇ ਚੰਗੀ ਤਰ੍ਹਾਂ ਨਾਲ ਪਰਖ ਚੁੱਕੇ ਹਨ ਤੇ ਦੋਵੇਂ ਹੀ ਰਾਜਸੀ ਪਾਰਟੀਆਂ ਲੋਕਾਂ ਦੀਆ ਉਮੀਦਾਂ ’ਤੇ ਖਰਾ ਉਤਰਣ ਵਿਚ ਫੇਲ੍ਹ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਸੂਬੇ ਵਿਚ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਾਸੀਆਂ ਦੀ ਤਰੱਕੀ ਤੇ ਖੁਸ਼ਹਾਲੀ ਵਾਸਤੇ ਜਿਹੜੇ ਬੇਮਿਸਾਲ ਕਾਰਜ ਕੀਤੇ ਗਏ ਹਨ, ਉਨ੍ਹਾਂ ਕੰਮਾਂ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਮਰਹੂਮ ਨੇਤਾ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੀ ਸ਼ਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਅਕਾਲੀ ਸਰਕਾਰ ਵੇਲੇ ਰਾਜ ਨਹੀਂ ਸੇਵਾ ਦੀ ਭਾਵਨਾ ਨਾਲ ਅਕਾਲੀ ਆਗੂ ਵਰਕਰ ਤੇ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਲੋਕਾਂ ਦੀ ਭਲਾਈ ਵਾਸਤੇ ਕਾਰਜ ਕਰਦੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੁੜ ਉਨ੍ਹਾਂ ਸਹੂਲਤਾਂ ਦਾ ਲਾਭ ਲੈਣ ਵਾਸਤੇ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ’ਚ ਸਰਕਾਰ ਬਣਾਉਣ ਦਾ ਪੱਕਾ ਤਹੱਈਆ ਕਰ ਚੁੱਕੇ ਹਨ।