ਏਕਤਾ ਪਾਰਟੀ ਨੇ ਨਸ਼ਿਆਂ ਖਿਲਾਫ ਕੱਢਿਆ ਵਿਸ਼ਾਲ ਰੋਸ ਮਾਰਚ
ਏਕਤਾ ਪਾਰਟੀ ਨੇ ਨਸਿ਼ਆਂ ਖਿਲਾਫ ਕੱਢਿਆ ਵਿਸ਼ਾਲ ਰੋਸ ਮਾਰਚ
Publish Date: Tue, 20 Jan 2026 08:33 PM (IST)
Updated Date: Tue, 20 Jan 2026 08:36 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਏਕਤਾ ਪਾਰਟੀ ਕਪੂਰਥਲਾ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਨਸ਼ਿਆਂ ਦੇ ਖਿਲਾਫ ਵਿਸ਼ਾਲ ਰੋਸ਼ ਮਾਰਚ ਕੱਢਿਆ ਗਿਆ ਤੇ ਪੰਜਾਬ ਸਰਕਾਰ ਦੇ ਖਿਲਾਫ ਪਿੱਟ-ਸਿਆਪਾ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਦੇ ਨਾਮ ਦਾ ਮੰਗ ਪੱਤਰ ਥਾਣਾ ਸਿਟੀ ਤੇ ਐੱਸਐੱਚਓ ਇੰਸਪੈਕਟਰ ਅਮਨਦੀਪ ਨਾਹਰ ਨੂੰ ਸੌਂਪਿਆ ਗਿਆ। ਮੰਗ ਪੱਤਰ ਸੌਂਪਦੇ ਹੋਏ ਪਾਰਟੀ ਪ੍ਰਧਾਨ ਗੁਰਮੀਤ ਲਾਲ ਬਿੱਟੂ ਤੇ ਪੰਜਾਬ ਪ੍ਰਧਾਨ ਪਰਮਜੀਤ ਸਿੰਘ ਨੇ ਸਾਂਝੇ ਰੂਪ ਵਿਚ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿਚ ਪੰਜਾਬ ਵਿਚ ਨਸ਼ੇ ਦਾ ਕਾਰੋਬਾਰ ਇੰਨਾ ਵਧ-ਫੁੱਲ ਗਿਆ ਹੈ ਕਿ ਆਏ ਦਿਨ ਨੌਜਵਾਨ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਸ਼ਿਕਾਰ ਹੋ ਰਹੇ ਹਨ ਪਰ ਅੱਜ ਤੱਕ ਸਰਕਾਰ ਵੱਲੋਂ ਨਸ਼ਿਆਂ ’ਤੇ ਠੱਲ ਪਾਉਣ ਵਾਸਤੇ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣਾਂ ਸਮੇਂ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਹਰੇਕ ਮਹਿਲਾ ਨੂੰ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਸੀਐੱਮ ਮਾਨ ਵੱਲੋਂ ਆਪਣੇ ਇਸ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ। ਸਰਕਾਰ ਵੱਲੋਂ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਜਿਸ ਨਾਲ ਗਰੀਬਾਂ ਨੂੰ ਕੋਈ ਲਾਭ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿਚ ਪੰਜਾਬ ਦੇ ਲੋਕ ਸਰਕਾਰ ਤੋਂ ਸਵਾਲ ਪੁੱਛਣਗੇ ਕਿ ਸਾਡਾ 1000 ਰੁਪਏ ਕਿੱਥੇ ਹੈ, ਸਾਡਾ 2500 ਰੁਪਏ ਕਿੱਥੇ ਹੈ? ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮਨ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਖੱਟਾ ਹੋ ਚੁੱਕਾ ਹੈ ਤੇ ਆਉਣ ਵਾਲੀਆਂ ਚੋਣਾਂ ਵਿਚ ਲੋਕ ਇਸ ਸਰਕਾਰ ਨੂੰ ਪੰਜਾਬ ਤੋਂ ਬਾਹਰ ਦਾ ਰਸਤਾ ਦਿਖਾਉਣ ਲਈ ਉਤਸੁਕ ਹਨ। ਇਸ ਮੌਕੇ ਸੁਰਜੀਤ ਮਾਨ, ਅਰੁਣ ਸਬਰਵਾਲ, ਨੰਨੂ, ਕਨੂੰ, ਜੋਬਨ, ਸੂਰਜ, ਰੋਕੀ, ਲੱਕੀ, ਅਜੇ, ਮੰਗਾ, ਬਿੱਲਾ, ਸਾਬੀ, ਬਬਲੂ ਆਦਿ ਹਾਜ਼ਰ ਸਨ।