ਗੈਂਗਸਟਰ ਦਿਨ-ਦਿਹਾੜੇ ਅਪਰਾਧ ਕਰ ਰਹੇ : ਭਾਰਦਵਾਜ
ਸੂਬੇ ਵਿੱਚ ਗੈਂਗਸਟਰ ਦਿਨ-ਦਿਹਾੜੇ ਨਿਡਰ ਹੋ ਕੇ ਅਪਰਾਧ ਕਰ ਰਹੇ ਹਨ-ਨਰੇਸ਼ ਭਾਰਦਵਾਜ
Publish Date: Sat, 02 May 2026 07:13 PM (IST)
Updated Date: Sat, 02 May 2026 07:14 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਬਲਾਕ ਕਾਂਗਰਸ ਦੇ ਪ੍ਰਧਾਨ ਨਰੇਸ਼ ਭਾਰਦਵਾਜ ਨੇ ਸੂਬਾ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਰਹੀ ਤੇ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਨੇ ਬਠੌਣੀਆਂ ਨੇੜੇ ਹਾਲ ਹੀ ਵਿਚ ਹੋਏ ਹਾਦਸੇ ਦਾ ਖਾਸ ਤੌਰ ’ਤੇ ਜ਼ਿਕਰ ਕਰਦਿਆਂ ਕਿਹਾ ਕਿ ਇਹ ਘਟਨਾ ਸਰਕਾਰ ਦੀ ਘੋਰ ਲਾਪਰਵਾਹੀ ਦਾ ਸਪੱਸ਼ਟ ਸਬੂਤ ਹੈ। ਪ੍ਰਮਾਤਮਾ ਦੀ ਕਿਰਪਾ ਨਾਲ, ਜਾਨ-ਮਾਲ ਦਾ ਵੱਡਾ ਨੁਕਸਾਨ ਟਲ ਗਿਆ ਪਰ ਅਜਿਹੀਆਂ ਘਟਨਾਵਾਂ ਪ੍ਰਸ਼ਾਸਨਿਕ ਅਸਫਲਤਾ ਨੂੰ ਉਜਾਗਰ ਕਰਦੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਸਿਰਫ਼ ਕਾਗਜ਼ੀ ਕਾਰਵਾਈ ਤੱਕ ਸੀਮਤ ਹੈ, ਜਦੋਂ ਕਿ ਜ਼ਮੀਨੀ ਤੌਰ ’ਤੇ ਅਪਰਾਧੀਆਂ ਨੇ ਪੁਲਿਸ ਦਾ ਸਾਰਾ ਡਰ ਗੁਆ ਦਿੱਤਾ ਹੈ। ਸੂਬੇ ਵਿਚ ਲੁੱਟ-ਖੋਹ, ਕਤਲ ਤੇ ਜ਼ਬਰਦਸਤੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਤੇ ਗੈਂਗਸਟਰ ਦਿਨ-ਦਿਹਾੜੇ ਅਪਰਾਧਾਂ ਨੂੰ ਬਿਨ੍ਹਾਂ ਕਿਸੇ ਡਰ ਦੇ ਅੰਜਾਮ ਦੇ ਰਹੇ ਹਨ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਬਠੌਣੀਆਂ ਵਰਗੀਆਂ ਘਟਨਾਵਾਂ ਪਹਿਲਾਂ ਵੀ ਵਾਪਰੀਆਂ ਹਨ ਪਰ ਸਰਕਾਰ ਨੇ ਸਿਰਫ ਇਕ ਝੂਠੀ ਜਾਂਚ ਦਾ ਸਹਾਰਾ ਲਿਆ ਹੈ। ਨਰੇਸ਼ ਭਾਰਦਵਾਜ ਨੇ ਜ਼ੋਰਦਾਰ ਮੰਗ ਕੀਤੀ ਕਿ ਸਰਕਾਰ ਤੁਰੰਤ ਕਾਰਵਾਈ ਕਰੇ ਤੇ ਪੁਲਿਸ ਪ੍ਰਸ਼ਾਸਨ ਨੂੰ ਖੁੱਲ੍ਹੀ ਛੁੱਟੀ ਦੇ ਕੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ। ਭਾਰਦਵਾਜ ਨੇ ਚੇਤਾਵਨੀ ਦਿੱਤੀ ਕਿ ਬਠੌਨੀਆ ਹਾਦਸੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤੇ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਤੇ ਪੀੜਤਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਕਾਨੂੰਨ ਵਿਵਸਥਾ ਦੀ ਸਥਿਤੀ ਵਿਚ ਸੁਧਾਰ ਨਹੀਂ ਕੀਤਾ ਤਾਂ ਉਹ ਸੜਕਾਂ ’ਤੇ ਉਤਰਨ ਤੇ ਜਨਤਕ ਹਿੱਤਾਂ ਲਈ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।