ਸਰਕਾਰ ਆਪਣੀ ਅਸਫਲਤਾ ਲੁਕਾਉਣ ਲਈ ਸਿੱਖਾਂ ਦੇ ਧਾਰਮਿਕ ਮਾਮਲੇ ਵਿੱਚ ਬੇਲੋੜੀ ਦਖਲ ਅੰਦਾਜੀ ਕਰ ਰਹੀ : ਨਾਨਕਪੁਰ/ ਸਵਰਨ ਸਿੰਘ

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਕਰਕੇ ਆਪਣੀ ਸਰਕਾਰ ਦੀਆਂ ਨਕਾਮੀਆਂ ਨੂੰ ਛੁਪਾਉਣਾ ਚਾਹੁੰਦੀ ਹੈ ਅਤੇ ਲੋਕਾਂ ਦਾ ਧਿਆਨ ਭਟਕਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੁਆਬਾ ਜ਼ੋਨ ਦੇ ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਤੇ ਜੁਝਾਰੂ ਆਗੂ ਸੁਖਦੇਵ ਸਿੰਘ ਨਾਨਕਪੁਰ ਨੇ ਅੱਜ ਹਲਕੇ ਦੇ ਅਕਾਲੀ ਆਗੂਆਂ ਨਾਲ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਚੋਰੀ ਦੇ ਮਾਮਲੇ ਵਿਚ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਉਲਟ ਬਿਆਨਬਾਜ਼ੀ ਕਰਕੇ ਉਸਦੀ ਸਾਖ ਨੂੰ ਧੱਕਾ ਪਹੁੰਚਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 328 ਸਰੂਪਾਂ ਦੇ ਮਾਮਲੇ ਵਿਚ ਪੰਜਾਬ ਦੀ ਸਰਕਾਰ ਰਾਜਨੀਤਿਕ ਰੰਗਤ ਦੇ ਰਹੀ ਹੈ ਜਦਕਿ ਇਸ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਪਹਿਲਾਂ ਹੀ ਡਾ. ਈਸ਼ਵਰ ਸਿੰਘ ਦੀ ਬਣਾਈ ਕਮੇਟੀ ਦੀ ਜਾਂਚ ਵਿਚ ਸਾਰੇ 16 ਕਸੂਰਵਾਰਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ ਤੇ ਹੁਣ ਜਾਣ ਬੁੱਝ ਕੇ ਦੁਬਾਰਾ ਉਸ ਮਾਮਲੇ ਨੂੰ ਉਛਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਚੈਲੰਜ ਕੀਤਾ ਜਾ ਰਿਹਾ ਹੈ ਜਿਸ ਨੂੰ ਸਿੱਖ ਕੌਮ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਜੀਨੀਅਰ ਸਵਰਨ ਸਿੰਘ ਨੇ ਕਿਹਾ ਕਿ ਇਹ ਚੋਣ ਵਰ੍ਹਾ ਸ਼ੁਰੂ ਹੋ ਚੁੱਕਾ ਹੈ ਅਤੇ ਸਰਕਾਰ ਨੇ ਆਪਣੇ ਪਿਛਲੇ ਚਾਰ ਸਾਲਾਂ ਵਿੱਚ ਕੋਈ ਵੀ ਵਿਕਾਸ ਕਾਰਜ ਨਹੀਂ ਕਰਵਾਏ ਅਤੇ ਹੁਣ ਆਪਣੀ ਨਕਾਮੀ ਨੂੰ ਛੁਪਾਉਣ ਲਈ ਇਹ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਕੇ ਇਸ ਨੂੰ ਮੁੱਦਾ ਬਣਾ ਰਹੀ ਹੈ ਕਿਉਂਕਿ 2022 ਦੀਆਂ ਚੋਣਾਂ ਵਿਚ ਬਰਗਾੜੀ ਕਾਂਡ ਨੂੰ ਮੂਹਰੇ ਰੱਖ ਕੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਝੂਠਾ ਪ੍ਰਚਾਰ ਕਰਕੇ ਇਸ ਪਾਰਟੀ ਨੇ ਪਹਿਲਾਂ ਸਰਕਾਰ ਬਣਾਈ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਦੇ ਖਿਲਾਫ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਕੇ ਪ੍ਰਚਾਰ ਕਰੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਸ਼ੀ ਵੱਲੋਂ ਗੁਰੂ ਸਾਹਿਬਾਨ ਪ੍ਰਤੀ ਵਰਤੀ ਗਈ ਭੱਦੀ ਸ਼ਬਦਾਵਲੀ ਵੀ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਹਾਲੇ ਵੀ ਆਪਣੀ ਕੋਝੀਆਂ ਚਾਲਾਂ ਤੋਂ ਬਾਜ਼ ਨਹੀਂ ਆਈ ਤਾਂ ਸ਼੍ਰੋਮਣੀ ਅਕਾਲੀ ਦਲ ਇਸ ਦੇ ਵਿਰੁੱਧ ਇਕ ਤਿੱਖਾ ਸੰਘਰਸ਼ ਛੇੜਨ ਨੂੰ ਮਜਬੂਰ ਹੋਵੇਗੀ। ਇਸ ਮੌਕੇ ਸੁਖਦੇਵ ਸਿੰਘ ਨਾਨਕਪੁਰ, ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ, ਇੰਜੀਨੀਅਰ ਸਵਰਨ ਸਿੰਘ, ਦਰਬਾਰਾ ਸਿੰਘ ਵਿਰਦੀ ਸਾਬਕਾ ਸ਼ਹਿਰੀ ਪ੍ਰਧਾਨ ਯੂਥ, ਸੁਖਵਿੰਦਰ ਸਿੰਘ ਧੰਜੂ ਐੱਨਆਰਆਈ, ਬਲਜੀਤ ਸਿੰਘ ਬੱਲੀ ਤਲਵੰਡੀ ਚੌਧਰੀਆਂ, ਜਥੇਦਾਰ ਸਤਨਾਮ ਸਿੰਘ ਰਾਮੇ, ਜਥੇਦਾਰ ਕੁਲਦੀਪ ਸਿੰਘ ਬੂਲੇ, ਮਲਕੀਤ ਸਿੰਘ ਚੰਦੀ, ਅਰੁਣਦੀਪ ਸਿੰਘ ਸੈਦਪੁਰ, ਬੀਬੀ ਬਲਜੀਤ ਕੌਰ ਕਮਾਲਪੁਰ, ਜੋਗਿੰਦਰ ਸਿੰਘ ਭੱਟੋ ਆਦਿ ਵੀ ਹਾਜ਼ਰ ਸਨ।