ਪਾਕਿ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆਇਆ : ਤਲਵਾੜ
ਸਰਕਾਰ ਸਰਹੱਦ ਤੇ ਡਰੋਨ ਵਿਰੋਧੀ ਤਕਨਾਲੋਜੀ ਤੋਂ ਇਲਾਵਾ ਸਖ਼ਤ ਕਦਮ ਚੁੱਕੇ: ਜੋਗਿੰਦਰ ਤਲਵਾੜ
Publish Date: Sat, 13 Dec 2025 07:26 PM (IST)
Updated Date: Sat, 13 Dec 2025 07:27 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪਾਕਿਸਤਾਨ ਅਜੇ ਵੀ ਆਪਣੀਆਂ ਨਾਪਾਕ ਸਾਜ਼ਿਸ਼ਾਂ ਨਹੀਂ ਛੱਡ ਰਿਹਾ ਹੈ। ਇਹ ਗੱਲ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਮੰਤਰੀ ਜੋਗਿੰਦਰ ਤਲਵਾੜ ਨੇ ਸ਼ਨੀਵਾਰ ਨੂੰ ਜਾਰੀ ਇਕ ਪ੍ਰੈਸ ਬਿਆਨ ਵਿਚ ਕਹੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਸਿੱਧੇ ਤੌਰ ’ਤੇ ਲੜਨ ਦੀ ਬਜਾਏ ਸਰਹੱਦ ਤੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ੇ ਦੀ ਤਸਕਰੀ ਕਰਕੇ ਇਕ ਪ੍ਰਾਕਸੀ ਯੁੱਧ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਦੌਰਾਨ ਭਾਰਤੀ ਫੌਜ ਦੇ ਉਤਸ਼ਾਹ ਨੂੰ ਦੇਖਦੇ ਹੋਏ ਪਾਕਿਸਤਾਨ ਨੂੰ ਅਹਿਸਾਸ ਹੋ ਗਿਆ ਹੈ ਕਿ ਉਹ ਸਿੱਧੇ ਯੁੱਧ ’ਚ ਭਾਰਤ ਨੂੰ ਕਦੇ ਵੀ ਹਰਾ ਨਹੀਂ ਸਕਦਾ, ਇਸ ਲਈ ਉਸਦੀ ਖੁਫੀਆ ਏਜੰਸੀ ਆਈਐੱਸਆਈ, ਉੱਥੋਂ ਦੇ ਅੱਤਵਾਦੀ ਸੰਗਠਨਾਂ ਨਾਲ ਮਿਲ ਕੇ ਨੌਜਵਾਨਾਂ ਨੂੰ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜ ਕੇ ਉਨ੍ਹਾਂ ਦੇ ਭਵਿੱਖ ਨੂੰ ਖਰਾਬ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਦੇ ਇਲਾਕਿਆਂ ਵਿਚ ਡਰੋਨਾਂ ਦੀ ਵਰਤੋਂ ਕਰਕੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੇ ਪੱਧਰ ’ਤੇ ਤਸਕਰੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਹ ਦਰਸਾਉਂਦਾ ਹੈ ਕਿ ਸਾਡਾ ਗੁਆਂਢੀ ਦੇਸ਼ ਆਪਣੀਆਂ ਨਾਪਾਕ ਗਤੀਵਿਧੀਆਂ ਤੋਂ ਬਾਜ਼ ਨਹੀਂ ਆ ਰਿਹਾ ਹੈ ਅਤੇ ਅੱਤਵਾਦ ਨੂੰ ਉਤਸ਼ਾਹਿਤ ਕਰਨਾ ਜਾਰੀ ਰੱਖ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਡਰੋਨਾਂ ਰਾਹੀਂ ਰੋਜ਼ਾਨਾ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਖੇਤਾਂ ਵਿਚ ਹੈਰੋਇਨ ਅਤੇ ਹਥਿਆਰਾਂ ਦੀਆਂ ਵੱਡੀਆਂ ਖੇਪਾਂ ਪਹੁੰਚਾਈਆਂ ਜਾ ਰਹੀਆਂ ਹਨ। ਹਾਲਾਂਕਿ ਫੌਜ ਅਤੇ ਪੰਜਾਬ ਪੁਲਿਸ ਨੇ ਕਈ ਖੇਪਾਂ ਜ਼ਬਤ ਕੀਤੀਆਂ ਹਨ ਪਰ ਡਰੋਨ ਨਾਲ ਸਬੰਧਤ ਇਹ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ, ਜੋ ਦੇਸ਼ ਅਤੇ ਸੂਬੇ ਦੋਵਾਂ ਲਈ ਇਕ ਗੰਭੀਰ ਖ਼ਤਰਾ ਬਣ ਰਹੀਆਂ ਹਨ। ਜੋਗਿੰਦਰ ਤਲਵਾੜ ਨੇ ਕੇਂਦਰ ਸਰਕਾਰ ਅਤੇ ਗ੍ਰਹਿ ਵਿਭਾਗ ਨੂੰ ਅਪੀਲ ਕੀਤੀ ਕਿ ਸਰਹੱਦ ਪਾਰ ਤੋਂ ਆਉਣ ਵਾਲੇ ਡਰੋਨਾਂ ’ਤੇ ਕਾਰਵਾਈ ਕਰਨ ਲਈ ਸਰਹੱਦ ਤੇ ਐਂਟੀ-ਡਰੋਨ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇ।