ਨਿਰਮਲ ਕੁਟੀਆ ’ਚ ਮਹਾਨ ਗੁਰਮਤਿ ਸਮਾਗਮ 15 ਨੂੰ
ਨਿਰਮਲ ਕੁਟੀਆ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮਦਿਨ ਅਤੇ ਸੰਗਰਾਂਦ ਮੌਕੇ ਮਹਾਨ ਗੁਰਮਤਿ ਸਮਾਗਮ 15 ਮਈ ਨੂੰ
Publish Date: Sun, 10 May 2026 08:11 PM (IST)
Updated Date: Sun, 10 May 2026 08:12 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮਦਿਨ ਦੀ ਖੁਸ਼ੀ ਤੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ, ਪਿੰਡ ਪੰਡਵਾ ਵਿਖੇ ਮਿਤੀ 15 ਮਈ ਦਿਨ ਸ਼ੁੱਕਰਵਾਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਕਥਾ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਭਗਤ ਧੰਨਾ ਜੀ ਦੇ ਜੀਵਨ ਤੇ ਉਪਦੇਸ਼ਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਜਾਣਗੇ। ਸੰਤ ਮਹਾਰਾਜ ਨੇ ਦਸਿਆ ਕਿ ਸ਼੍ਰੋਮਣੀ ਭਗਤ ਧੰਨਾ ਜੀ ਨੂੰ ਭਗਤੀ ਲਹਿਰ ਦੇ ਮਹਾਨ ਸੰਤਾਂ ਵਿਚ ਵਿਸ਼ੇਸ਼ ਸਥਾਨ ਪ੍ਰਾਪਤ ਹੈ। ਭਗਤ ਧੰਨਾ ਜੀ ਦਾ ਜਨਮ ਰਾਜਸਥਾਨ ਦੇ ਟੋਂਕ ਇਲਾਕੇ ਵਿਚ ਇਕ ਕਿਸਾਨ ਪਰਿਵਾਰ ਵਿਚ ਹੋਇਆ ਮੰਨਿਆ ਜਾਂਦਾ ਹੈ। ਉਹ ਬਚਪਨ ਤੋਂ ਹੀ ਪ੍ਰਭੂ ਭਗਤੀ ਤੇ ਸਾਦਗੀ ਭਰੇ ਜੀਵਨ ਵਲ ਰੁਝਾਨ ਰੱਖਦੇ ਸਨ। ਉਹ ਮੰਨਦੇ ਸਨ ਕਿ ਪ੍ਰਭੂ ਦੀ ਪ੍ਰਾਪਤੀ ਲਈ ਵੱਡੇ ਕਰਮਕਾਂਡਾਂ ਦੀ ਨਹੀਂ, ਸਗੋਂ ਸੱਚੀ ਸ਼ਰਧਾ ਤੇ ਨਿਰਮਲ ਮਨ ਦੀ ਲੋੜ ਹੈ। ਭਗਤ ਧੰਨਾ ਜੀ ਦੀ ਬਾਣੀ ਨੂੰ ਸ੍ਰੀ ਗੁਰੁ ਗਰੰਥ ਸਾਹਿਬ ਜੀ ਵਿਚ ਵੀ ਸਥਾਨ ਪ੍ਰਾਪਤ ਹੈ, ਜੋ ਉਨ੍ਹਾਂ ਦੀ ਮਹਾਨ ਆਤਮਕ ਸੋਚ ਦਾ ਪ੍ਰਮਾਣ ਮੰਨੀ ਜਾਂਦੀ ਹੈ। ਉਨ੍ਹਾਂ ਨੇ ਆਪਣੇ ਜੀਵਨ ਰਾਹੀਂ ਲੋਕਾਂ ਨੂੰ ਕਿਰਤ ਕਰਨ, ਨਾਮ ਜਪਣ ਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਨੇ ਸਮੂਹ ਸੰਗਤਾਂ ਨੂੰ ਮਿਤੀ 15 ਮਈ ਦਿਨ ਸ਼ੁਕਰਵਾਰ ਨੂੰ ਤਪ ਅਸਥਾਨ ਨਿਰਮਲ ਕੁਟੀਆ ਵਿਖੇ ਪਹੁੰਚ ਕੇ ਗੁਰੁ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ।