ਭੁਲੱਥ ਵਿਖੇ ਕਣਕ ਦਾ ਨਾੜ ਸਾੜਨ ਕਾਰਨ ਲੱਗੀ ਅੱਗ
ਭੁਲੱਥ ਵਿਖੇ ਕਣਕ ਦਾ ਨਾੜ ਸਾੜਨ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਆਈਆਂ ਸਾਹਮਣੇ
Publish Date: Mon, 27 Apr 2026 09:53 PM (IST)
Updated Date: Mon, 27 Apr 2026 09:55 PM (IST)

ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਅੱਜ ਐੱਸਡੀਐੱਮ ਰੁਪਿੰਦਰ ਪਾਲ ਸਿੰਘ ਵੱਲੋਂ ਸਬ-ਡਿਵੀਜ਼ਨ ਭੁਲੱਥ ਦੇ ਖੇਤਾਂ ਦਾ ਦੌਰਾ ਕੀਤਾ ਗਿਆ, ਜਿਥੇ ਕਣਕ ਦਾ ਨਾੜ ਸਾੜਨ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ। ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਨੇ ਸਥਿਤੀ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ ਤੇ ਅੱਗ ਕਾਰਨ ਹੋ ਰਹੇ ਵਾਤਾਵਰਣਕ ਨੁਕਸਾਨ ‘ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ, ਖ਼ਾਸ ਕਰਕੇ ਡਿਪਟੀ ਕਮਿਸ਼ਨਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ, ਕਣਕ ਦਾ ਨਾੜ ਸਾੜਨ ਦੀ ਰੋਕਥਾਮ ਲਈ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਣਕ ਦੀ ਰਹਿਦ-ਖੂੰਦ ਸਾੜਨ ਨਾਲ ਹਵਾ ਦੀ ਗੁਣਵੱਤਾ ਬਹੁਤ ਤੇਜ਼ੀ ਨਾਲ ਖਰਾਬ ਹੁੰਦੀ ਹੈ, ਜਿਸ ਦਾ ਅਸਰ ਬੱਚਿਆਂ, ਬਜ਼ੁਰਗਾਂ ਤੇ ਆਮ ਜਨਤਾ ਦੀ ਸਿਹਤ ‘ਤੇ ਪੈਂਦਾ ਹੈ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਣਕ ਦੀ ਰਹਿਦ ਖੂੰਦ ਤੇ ਪਰਾਲੀ ਸਾੜਨ ਦੀ ਪ੍ਰਥਾ ਨਾ ਸਿਰਫ਼ ਵਾਤਾਵਰਣ ਲਈ ਹਾਨੀਕਾਰਕ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਘਟਾਉਂਦੀ ਹੈ। ਇਸ ਲਈ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਪੁਰਾਣੀ ਪ੍ਰਥਾ ਨੂੰ ਛੱਡ ਕੇ ਆਧੁਨਿਕ ਤੇ ਵਾਤਾਵਰਣ-ਮਿੱਤਰ ਤਰੀਕਿਆਂ ਨੂੰ ਅਪਣਾਉਣ। ਪ੍ਰਸ਼ਾਸਨ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਰਕਾਰ ਵੱਲੋਂ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ ਆਦਿ ਉਪਲਬਧ ਕਰਵਾਈ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਡਿਪਟੀ ਕਮਿਸ਼ਨਰ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਜੁਰਮਾਨਾ ਤੇ ਹੋਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਇਕ ਵਾਰ ਫਿਰ ਅਪੀਲ ਕੀਤੀ ਕਿ ਉਹ ਖੇਤਾਂ ਵਿਚ ਕਣਕ ਦੀ ਰਹਿਦ-ਖੂੰਦ ਨਾ ਸਾੜਨ ਤੇ ਪੰਜਾਬ ਨੂੰ ਸਾਫ਼, ਹਰਾ-ਭਰਾ ਤੇ ਪ੍ਰਦੂਸ਼ਣ ਰਹਿਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।