ਸਕੂਲੀ ਪਾਠਕ੍ਰਮ ਵਿੱਚ ਨੈਤਿਕ ਅਤੇ ਧਾਰਮਿਕ ਸਿੱਖਿਆ ਨੂੰ ਸ਼ਾਮਲ ਕਰਨਾ ਸਮੇਂ ਦੀ ਮੁੱਖ ਮੰਗ ਹੈ- ਅਸ਼ੋਕ/ਭੋਲਾ/ਆਨੰਦ

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਬੱਚਿਆਂ ਦੇ ਭਵਿੱਖ ਅਤੇ ਸਮਾਜ ਵਿੱਚ ਵੱਧ ਰਹੇ ਨੈਤਿਕ ਪਤਨ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਸੀਹ ਮੰਤਰੀ ਅਸ਼ੋਕ ਕੁਮਾਰ, ਜ਼ਿਲ੍ਹਾ ਇੰਚਾਰਜ ਚੰਦਰ ਮੋਹਨ ਭੋਲਾ ਤੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਨੇ ਕਿਹਾ ਕਿ ਮੌਜੂਦਾ ਡਿਜੀਟਲ ਯੁੱਗ ਵਿੱਚ ਜਿੱਥੇ ਤਕਨਾਲੋਜੀ ਨੇ ਤਰੱਕੀ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ, ਉੱਥੇ ਹੀ ਇਹ ਸਕੂਲੀ ਬੱਚਿਆਂ ਦੇ ਕੋਮਲ ਮਨਾਂ ’ਤੇ ਵੀ ਕੁਝ ਮਾੜਾ ਪ੍ਰਭਾਵ ਪਾ ਰਹੀ ਹੈ। ਅਸ਼ੋਕ ਕੁਮਾਰ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਧਾਰਮਿਕ ਸਿੱਖਿਆ ਦੇ ਨਾਲ-ਨਾਲ ਮਹਾਨ ਸ਼ਹੀਦਾਂ ਦੀਆਂ ਜੀਵਨੀਆਂ ਨੂੰ ਸਕੂਲੀ ਪਾਠਕ੍ਰਮ ਵਿੱਚ ਲਾਜ਼ਮੀ ਤੌਰ ’ਤੇ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।
ਸੋਸ਼ਲ ਮੀਡੀਆ ਦਾ ਵਧਦਾ ਪ੍ਰਭਾਵ ਤੇ ਚਿੰਤਾਵਾਂ : ਅਸ਼ੋਕ ਕੁਮਾਰ ਨੇ ਕਿਹਾ ਕਿ ਵਿਦਿਆਰਥੀ ਭਾਈਚਾਰਾ ਸੋਸ਼ਲ ਮੀਡੀਆ ਦੀ ਜ਼ਿਆਦਾ ਵਰਤੋਂ ਕਾਰਨ ਆਪਣੇ ਸੱਭਿਆਚਾਰ, ਸੱਭਿਅਤਾ ਅਤੇ ਉੱਚ ਨੈਤਿਕ ਕਦਰਾਂ-ਕੀਮਤਾਂ ਤੋਂ ਦੂਰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਟਰਨੈੱਟ ਤੇ ਪਰੋਸੀ ਜਾ ਰਹੀ ਅਪ੍ਰਸੰਗਿਕ ਸਮੱਗਰੀ ਬੱਚਿਆਂ ਦੇ ਮਾਨਸਿਕ ਵਿਕਾਸ ਤੇ ਮਾੜਾ ਪ੍ਰਭਾਵ ਪਾ ਰਹੀ ਹੈ। ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਸਾਡੀ ਆਉਣ ਵਾਲੀ ਪੀੜ੍ਹੀ ਮਹਾਨ ਇਨਕਲਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੀ ਸ਼ਾਨਦਾਰ ਵਿਰਾਸਤ ਤੋਂ ਅਣਜਾਣ ਹੁੰਦੀ ਜਾ ਰਹੀ ਹੈ।
ਸ਼ਹੀਦ ਕ੍ਰਾਂਤੀਕਾਰੀਆਂ ਦਾ ਇਤਿਹਾਸ ਪੜ੍ਹਾਉਣਾ ਬਹੁਤ ਜ਼ਰੂਰੀ : ਆਨੰਦ ਯਾਦਵ ਨੇ ਸੁਝਾਅ ਦਿੱਤਾ ਕਿ ਜੇਕਰ ਸਕੂਲ ਦੇ ਸਮਾਂ-ਸਾਰਨੀ ਵਿੱਚ ਧਾਰਮਿਕ ਅਤੇ ਨੈਤਿਕ ਗਿਆਨ ਦੇ ਵਿਸ਼ੇ ਸ਼ਾਮਲ ਕੀਤੇ ਜਾਣ ਤਾਂ ਇਹ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਅਤੇ ਊਧਮ ਸਿੰਘ ਵਰਗੇ ਮਹਾਨ ਕ੍ਰਾਂਤੀਕਾਰੀਆਂ ਦਾ ਇਤਿਹਾਸ ਪੜ੍ਹਾਉਣਾ ਬਹੁਤ ਜ਼ਰੂਰੀ ਹੈ। ਜਦੋਂ ਬੱਚੇ ਇਨ੍ਹਾਂ ਮਹਾਪੁਰਸ਼ਾਂ ਦੇ ਸੰਘਰਸ਼ਾਂ ਬਾਰੇ ਪੜ੍ਹਨਗੇ ਤਾਂ ਉਨ੍ਹਾਂ ਵਿੱਚ ਦੇਸ਼ ਭਗਤੀ ਅਤੇ ਅਨੁਸ਼ਾਸਨ ਦੀ ਭਾਵਨਾ ਆਪਣੇ ਆਪ ਜਾਗ ਜਾਵੇਗੀ।
ਪ੍ਰਾਚੀਨ ਇਤਿਹਾਸ ਤੇ ਸੱਭਿਆਚਾਰਕ ਮਹਿਮਾ : ਚੰਦਰ ਮੋਹਨ ਭੋਲਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪ੍ਰਾਚੀਨ ਸਮੇਂ ਦੀਆਂ ਸ਼ਾਨਦਾਰ ਪ੍ਰਕਿਰਿਆਵਾਂ ਅਤੇ ਪਰੰਪਰਾਵਾਂ ਦਾ ਗਿਆਨ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਿੱਖਿਆ ਦਾ ਅਰਥ ਤੰਗਦਿਲੀ ਨਹੀਂ ਹੈ। ਸਗੋਂ ਬੱਚਿਆਂ ਨੂੰ ਮਨੁੱਖਤਾ, ਦਾਨ ਅਤੇ ਸੰਜਮ ਦੇ ਪਾਠ ਪੜ੍ਹਾਉਣਾ ਹੈ। ਇਸ ਮੌਕੇ ਕੁਲਦੀਪ ਸਿੰਘ ਨੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਬੱਚੇ ਮੋਬਾਈਲ ਅਤੇ ਸੋਸ਼ਲ ਮੀਡੀਆ ਤੇ ਕਿੰਨਾ ਸਮਾਂ ਬਿਤਾ ਰਹੇ ਹਨ। ਇਸ ਮੌਕੇ ਚੰਦਰ ਮੋਹਨ ਭੋਲਾ ਨੇ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹਾ ਕਪੂਰਥਲਾ ਦੇ ਸਕੂਲਾਂ ਵਿੱਚ ਵਿਸ਼ੇਸ਼ ਸੈਸ਼ਨ ਕਰਵਾਏ ਜਾਣ, ਤਾਂ ਜੋ ਵਿਦਿਆਰਥੀ ਆਪਣੇ ਅਮੀਰ ਵਿਰਸੇ ਤੇ ਮਾਣ ਕਰ ਸਕਣ ਅਤੇ ਜ਼ਿੰਮੇਵਾਰ ਨਾਗਰਿਕ ਬਣ ਸਕਣ।