ਨਿਗਮ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਅੱਜ ਤੋਂ : ਗੋਪਾਲ ਥਾਪਰ
ਨਿਗਮ ਕਰਮਚਾਰੀਆਂ ਵੱਲੋਂ ਅੱਜ ਤੋਂ ਸ਼ੁਰੂ ਹੋਵੇਗੀ ਅਣਮਿੱਥੇ ਸਮੇਂ ਲਈ ਹੜਤਾਲ : ਗੋਪਾਲ ਥਾਪਰ
Publish Date: Tue, 05 May 2026 09:22 PM (IST)
Updated Date: Tue, 05 May 2026 09:23 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਵਿਚ ਅਸਫਲ ਰਹਿਣ ਵਿਰੁੱਧ ਸੂਬੇ ਭਰ ਵਿਚ ਨਗਰ ਨਿਗਮ ਦੇ ਕਰਮਚਾਰੀਆਂ, ਸਫਾਈ ਕਰਮਚਾਰੀਆਂ ਤੇ ਸੀਵਰ ਕਰਮਚਾਰੀਆਂ ਵਿਚ ਵਿਆਪਕ ਗੁੱਸਾ ਹੈ, ਜਿਸ ਕਾਰਨ ਸਮੂਹ ਸਟਾਫ ਕਰਮਚਾਰੀਆ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਜਾਵੇਗੀ। ਨਗਰ ਨਿਗਮ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਗੋਪਾਲ ਥਾਪਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਲਦੀ ਹੱਲ ਨਹੀਂ ਕੀਤਾ ਗਿਆ ਤਾਂ ਹੜਤਾਲ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਗੋਪਾਲ ਥਾਪਰ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਜਿਨ੍ਹਾਂ ਵਿਚ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਝਰ, ਬਲਕਾਰ ਸਿੰਘ ਤੇ ਡਾ. ਰਵਜੋਤ ਸਿੰਘ ਸ਼ਾਮਲ ਹਨ, ਨਾਲ ਪਹਿਲਾਂ ਹੀ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਵਿੱਤ ਮੰਤਰੀ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ ਤੇ ਸਰਕਾਰ ਨੂੰ ਮੰਗਾਂ ਨੂੰ ਹੱਲ ਕਰਨ ਲਈ ਕਈ ਪੱਤਰ ਲਿਖੇ ਗਏ ਹਨ, ਪਰ ਅੱਜ ਤੱਕ ਕਈ ਠੋਸ ਨਤੀਜਾ ਨਹੀਂ ਨਿਕਲਿਆ ਹੈ। ਉਨ੍ਹਾਂ ਕਿਹਾ ਕਿ ਪੂਰੀਆਂ ਨਾ ਹੋਈਆਂ ਮੰਗਾਂ ਕਾਰਨ, ਪੰਜਾਬ ਦੇ ਸਾਰੇ ਨਗਰ ਨਿਗਮ ਕਰਮਚਾਰੀਆਂ, ਸਫਾਈ ਕਰਮਚਾਰੀਆਂ ਤੇ ਸੀਵਰਮੈਨਾਂ ਵਿਚ ਵਿਆਪਕ ਗੁੱਸਾ ਹੈ। ਸਰਕਾਰ ਨੂੰ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਿਊਂਸੀਪਲ ਕਰਮਚਾਰੀ ਐਕਸ਼ਨ ਕਮੇਟੀ ਪੰਜਾਬ ਨਾਲ ਤੁਰੰਤ ਪੈਨਲ ਮੀਟਿੰਗ ਬੁਲਾਉਣ ਦੀ ਅਪੀਲ ਕੀਤੀ ਹੈ। ਗੋਪਾਲ ਥਾਪਰ ਨੇ ਕਿਹਾ ਕਿ ਜੇਕਰ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਤੇ ਜਲਦੀ ਹੀ ਸਕਾਰਾਤਮਕ ਫੈਸਲਾ ਨਹੀਂ ਲੈਂਦੀ ਹੈ, ਤਾਂ ਮਜਬੂਰਨ ਉਨ੍ਹਾਂ ਨੂੰ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਵੇਗਾ।