ਯੂਨੀਵਰਸਿਟੀ ਕਾਲਜ ’ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ ) ਫੱਤੂਢੀਂਗਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
Publish Date: Mon, 09 Mar 2026 08:20 PM (IST)
Updated Date: Mon, 09 Mar 2026 08:24 PM (IST)

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਗਰਲਜ਼) ਫੱਤੂਢੀਂਗਾ ਵਿਖੇ ਐੱਨਐੱਸਐੱਸ ਯੂਨਿਟ ਤੇ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਕਲੱਬ ਦੇ ਸਾਂਝੇ ਉਪਰਾਲੇ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਕਾਲਜ ਦੇ ਮਾਣਯੋਗ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖੈਰਾ ਦੀ ਸਰਪ੍ਰਸਤੀ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਸੁਜਾਨਪੁਰ ਦੇ ਪੰਜਾਬੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਤੇ ਮੁਖੀ ਡਾ. ਵਿਸ਼ਾਲ ਕੁਮਾਰ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਡਾ. ਵਿਸ਼ਾਲ ਕੁਮਾਰ ਨੂੰ ਲਗਭਗ 15 ਸਾਲਾਂ ਦਾ ਅਧਿਆਪਨ ਤਜ਼ਰਬਾ ਹੈ। ਉਨ੍ਹਾਂ ਦੀਆਂ 4 ਕਿਤਾਬਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ ਤੇ 50 ਤੋਂ ਵੱਧ ਖੋਜ ਪੱਤਰ ਵੱਖ-ਵੱਖ ਪੱਤ੍ਰਿਕਾਵਾਂ ਤੇ ਪੁਸਤਕਾਂ ਵਿਚ ਪ੍ਰਕਾਸ਼ਿਤ ਹੋਏ ਹਨ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਮਹਿਲਾ ਸਸ਼ਕਤੀਕਰਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਤੇ ਉਨ੍ਹਾਂ ਨੂੰ ਸਿੱਖਿਆ, ਆਤਮ ਵਿਸ਼ਵਾਸ ਤੇ ਮਿਹਨਤ ਨਾਲ ਜੀਵਨ ਵਿਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ ਤੇ ਸਮਾਜ ਵਿਚ ਔਰਤ ਦੀ ਅਵਸਥਾ ਤੇ ਉਸ ਦੇ ਮਹੱਤਵਪੂਰਨ ਯੋਗਦਾਨ ਬਾਰੇ ਵੀ ਰੋਸ਼ਨੀ ਪਾਈ। ਇਸ ਦੌਰਾਨ ਵਿਦਿਆਰਥਣਾਂ ਵੱਲੋਂ ਮਹਿਲਾ ਸ਼ਕਤੀ ਨੂੰ ਸਮਰਪਿਤ ਭਾਸ਼ਣ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਸਮਾਗਮ ਨੂੰ ਹੋਰ ਵੀ ਪ੍ਰੇਰਣਾਦਾਇਕ ਬਣਾਇਆ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ ਤੇ ਵਿਦਿਆਰਥਣਾਂ ਨੂੰ ਆਪਣੇ ਜੀਵਨ ਵਿਚ ਆਤਮ ਵਿਸ਼ਵਾਸ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਐੱਨਐੱਸਐੱਸ ਯੂਨਿਟ ਤੇ ਕਲੱਬ ਵੱਲੋਂ ਸਾਰੇ ਮਹਿਮਾਨਾਂ ਤੇ ਹਾਜ਼ਰੀਨਾਂ ਦਾ ਧੰਨਵਾਦ ਕੀਤਾ ਗਿਆ।