ਬ੍ਰਿਟਿਸ਼ ਵਿਕਟੋਰੀਆ ਸਕੂਲ ’ਚ ਇਨਵੈਸਟਿਚਰ ਸੈਰੇਮਨੀ ਕਰਵਾਈ
ਬ੍ਰਿਟਿਸ਼ ਵਿਕਟੋਰੀਆ ਸਕੂਲ ਵਿੱਚ ਇਨਵੈਸਟਿਚਰ ਸੈਰੇਮਨੀ ਦਾ ਆਯੋਜਨ
Publish Date: Mon, 11 May 2026 09:24 PM (IST)
Updated Date: Mon, 11 May 2026 09:27 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬ੍ਰਿਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਵਿਚ ਅੱਜ ਸੈਸ਼ਨ 2026-27 ਲਈ ਸ਼ਾਨਦਾਰ ਇਨਵੈਸਟਿਚਰ ਸੈਰੇਮਨੀ ਦਾ ਆਯੋਜਨ ਬੜੇ ਉਤਸ਼ਾਹ ਤੇ ਗਰਿਮਾ ਨਾਲ ਕੀਤਾ ਗਿਆ। ਇਸ ਸਮਾਗਮ ਵਿਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਤੇ ਪ੍ਰਿੰਸੀਪਲ ਸੁਨੀਤਾ ਸਭਰਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਲੀਡਰਸ਼ਿਪ, ਅਨੁਸ਼ਾਸਨ ਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਪ੍ਰਜਵਲਨ ਤੇ ਸਕੂਲ ਪ੍ਰਾਰਥਨਾ ਨਾਲ ਹੋਈ। ਇਸ ਤੋਂ ਬਾਅਦ ਸਕੂਲ ਦੇ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਵਿਦਿਆਰਥੀ ਕੌਂਸਲ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਬੈਜ ਤੇ ਸੈਸ਼ੇ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲਾਸ 12ਵੀਂ ਦੇ ਵਿਦਿਆਰਥੀ ਗੁਰਸ਼ਾਨ ਸਿੰਘ ਨੂੰ ਹੈੱਡ ਬੁਆਏ ਤੇ ਨੂਰਪ੍ਰੀਤ ਕੌਰ ਨੂੰ ਹੈੱਡ ਗਰਲ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਕੈਪਟਨ, ਵਾਈਸ ਕੈਪਟਨ, ਪ੍ਰੀਫੈਕਟ, ਵਾਈਸ ਪ੍ਰੀਫੈਕਟ, ਸਪੋਰਟਸ ਕੈਪਟਨ ਅਤੇ ਐਡੀਟੋਰੀਅਲ ਹੈੱਡ ਸਮੇਤ ਹੋਰ ਵਿਦਿਆਰਥੀ ਕੌਂਸਲ ਮੈਂਬਰਾਂ ਨੂੰ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਸਾਰੇ ਚੁਣੇ ਗਏ ਵਿਦਿਆਰਥੀਆਂ ਨੇ ਸਕੂਲ ਦੇ ਨਿਯਮਾਂ ਤੇ ਆਪਣੇ ਫਰਜ਼ਾਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣ ਦੀ ਸਹੁੰ ਲਈ। ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੀਡਰਸ਼ਿਪ ਸਿਰਫ਼ ਅਹੁਦਾ ਪ੍ਰਾਪਤ ਕਰਨਾ ਨਹੀਂ, ਸਗੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਤੇ ਸਮਰਪਣ ਨਾਲ ਨਿਭਾਉਣਾ ਹੈ। ਪ੍ਰਿੰਸੀਪਲ ਸ਼੍ਰੀਮਤੀ ਸੁਨੀਤਾ ਸਭਰਵਾਲ ਨੇ ਸਾਰੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਕੂਲ ਦੇ ਆਦਰਸ਼ ਪ੍ਰਤੀਨਿਧ ਬਣਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਸ਼ਿੰਦਰਪਾਲ ਸਿੰਘ ਨੇ ਆਪਣੇ ਸੰਦੇਸ਼ ਵਿਚ ਸਾਰੇ ਵਿਦਿਆਰਥੀ ਕੌਂਸਲ ਮੈਂਬਰਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀ ਸਕੂਲ ਦਾ ਮਾਣ ਹਨ ਤੇ ਉਨ੍ਹਾਂ ਨੂੰ ਅਨੁਸ਼ਾਸਨ, ਮਿਹਨਤ ਅਤੇ ਸਕਾਰਾਤਮਕ ਸੋਚ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।