ਕਿਸਾਨਾਂ ਲਈ ਫਾਰਮਰ ਰਜਿਸਟਰੀ ’ਚ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ
ਪੀਐਮ ਕਿਸਾਨ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'Farmer Registry' ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ
Publish Date: Mon, 25 May 2026 09:24 PM (IST)
Updated Date: Tue, 26 May 2026 04:14 AM (IST)

ਕਿਸਾਨ ਨੇੜਲੇ ਕਾਮਨ ਸਰਵਿਸ ਸੈਂਟਰ ਵਿਖੇ ਜਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦਫ਼ਤਰ ਨਾਲ ਕਰਨ ਸੰਪਰਕ : ਜ਼ਿਲ੍ਹਾ ਸਿਖਲਾਈ ਅਫ਼ਸਰ ਕਪੂਰਥਲਾ ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ, ਫੱਤੂਢੀਂਗਾ : ਕਿਸਾਨ ਆਪਣੀ ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਸੀਐਸਸੀ ਵਿਖੇ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ । ਇਹ ਪ੍ਰਗਟਾਵਾ ਜ਼ਿਲ੍ਹਾ ਸਿਖਲਾਈ ਅਫ਼ਸਰ, ਕਪੂਰਥਲਾ ਡਾ ਗੁਰਮੀਤ ਸਿੰਘ ਵੱਲੋਂ ਪਿੰਡ ਸੰਧਰ ਜਗੀਰ ਵਿਖੇ ਲਗਾਏ ਕਿਸਾਨ ਸਿਖਲਾਈ ਕੈਂਪ ਦੌਰਾਨ ਕੀਤਾ ਗਿਆ । ਉਹਨਾਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨੂੰ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ ’ਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਉਨਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਹਨਾਂ ਹੀ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿਲੱਖਣ ਕਿਸਾਨ ਆਈ.ਡੀ. ਤਿਆਰ ਕੀਤੀ ਜਾਵੇਗੀ। ਇਸ ਨੂੰ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਅਤੇ ਜ਼ਮੀਨੀ ਰਿਕਾਰਡ ਦੀ ਤਸਦੀਕ ਕਰਨਾ ਸੌਖਾ ਹੋ ਜਾਵੇਗਾ । ਉਨਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਹਨਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁਕ ਸਕਦੀਆਂ ਹਨ। ਖੇਤੀਬਾੜੀ ਵਿਭਾਗ ਨੇ ਸਾਰੇ ਯੋਗ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਵਾਉਣ। ਕਿਸਾਨ ਆਪਣੀ ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਵਿਖੇ ਜਾ ਸਕਦੇ ਹਨ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਅਤੇ ਜਮਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ ਤੇ ਹੀ ਬਿਨਾਂ ਕਿਸੇ ਰੁਕਾਵਟ ਦੇ ਕਾਰਵਾਈ ਮੁਕੰਮਲ ਹੋ ਸਕੇ। ਗੁਰਵਿੰਦਰ ਸਿੰਘ ਸੰਧੂ ਟ੍ਰੇਨਿੰਗ ਅਫ਼ਸਰ ਵੱਲੋਂ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਅਧਾਰ ਤੇ ਕਰਨ ਲਈ ਉਤਸ਼ਾਹਿਤ ਕੀਤਾ ਗਿਆ।ਉਨਾਂ ਨੇ ਕਿਸਾਨ ਵੀਰਾਂ ਨੂੰ ਕੋਈ ਵੀ ਕੀਟਨਾਸ਼ਕ, ਨਦੀਨਨਾਸ਼ਕ ਜਾਂ ਉੱਲੀਨਾਸ਼ਕ ਦੀ ਸਪਰੇਅ ਕਰਨ ਤੋਂ ਪਹਿਲਾਂ ਫਸਲ ਤੇ ਆਈ ਸਮੱਸਿਆ ਬਾਰੇ ਵਿਭਾਗ ਨੂੰ ਪਹੁੰਚ ਕਰਨ ਲਈ ਕਿਹਾ, ਤਾਂ ਜੋ ਉਹਨਾਂ ਨੂੰ ਸਹੀ ਰਸਾਇਣ ਦੀ ਵਰਤੋਂ ਬਾਰੇ ਦੱਸਿਆ ਜਾ ਸਕੇ ਅਤੇ ਰਸਾਇਣਾਂ ਦੀ ਬੇਲੋੜੀ ਵਰਤੋਂ ਨੂੰ ਘੱਟ ਕਰਕੇ ਖੇਤੀ ਖਰਚ ਘਟਾਇਆ ਜਾ ਸਕੇ। ਉਹਨਾਂ ਨੇ ਕਿਸਾਨਾਂ ਨੂੰ ਸਾਉਣੀ ਸੀਜ਼ਨ ਦੌਰਾਨ ਲੱਗਣ ਵਾਲੀ ਮੱਕੀ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਉਪਧਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਰਣਬੀਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨਾਂ ਨੂੰ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਮਿੱਟੀ ਦੀ ਉਪਜਾਉ ਸ਼ਕਤੀ ਘੱਟਦੀ ਹੈ ਅਤੇ ਮਨੁੱਖੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ਤੇ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ। ਉਹਨਾਂ ਦੱਸਿਆ ਕਿ ਕਣਕ ਦੇ ਨਾੜ ਤੋਂ ਤੂੜੀ ਬਣਾਉਣ ਤੋਂ ਬਾਅਦ ਬਚੀ ਰਹਿੰਦ ਖੂੰਹਦ ਨੂੰ ਜੇਕਰ ਜਮੀਨ ਦੇ ਵਿੱਚ ਹੀ ਵਾਹ ਦਿੱਤਾ ਜਾਵੇ ਤਾਂ ਉਸ ਨਾਲ ਜਮੀਨ ਦੇ ਜੈਵਿਕ ਮਾਦੇਂ ਵਿੱਚ ਵਾਧਾ ਹੁੰਦਾ ਹੈ, ਜਮੀਨ ਵਿੱਚ ਸੁਖਮ ਜੀਵਾਂ ਦੀ ਮਾਤਰਾ ਵੱਧਦੀ ਹੈ ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ। ਇਸ ਮੌਕੇ ਤੇ ਮੌਜੂਦ 40 ਕਿਸਾਨਾਂ ਦੀਆਂ ਐਗਰੀਸਟੈਕ ਦੀਆਂ ਆਈਡੀਆਂ ਖੇਤੀਬਾੜੀ ਵਿਭਾਗ ਵੱਲੋਂ ਬਣਾਈਆਂ ਗਈਆਂ।