ਟੈੱਟ ਪ੍ਰੀਖਿਆ ਦੇ ਸੈਂਟਰ ਦੂਰ ਬਣਾ ਕੇ ਖੱਜਲ ਕਰਨਾ ਗਲਤ : ਯੂਨੀਅਨ
ਟੈਟ ਪ੍ਰੀਖਿਆ ਦੇ ਸੈਂਟਰ ਦੂਰ-ਦੁਰਾਡੇ ਬਣਾਕੇ ਅਧਿਆਪਕਾਂ ਨੂੰ ਖੱਜਲ-ਖੁਆਰ ਕਰਨਾ ਬਰਦਾਸ਼ਤ ਨਹੀਂ – ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ
Publish Date: Sun, 19 Apr 2026 07:00 PM (IST)
Updated Date: Sun, 19 Apr 2026 07:03 PM (IST)

ਫਗਵਾੜਾ : ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕ ਯੋਗਤਾ ਪ੍ਰੀਖਿਆ (ਟੈੱਟ) ਦੇ ਸੈਂਟਰ ਦੂਰ-ਦੁਰਾਡੇ ਇਲਾਕਿਆਂ ਵਿੱਚ ਬਣਾਉਣ ਦੇ ਫ਼ੈਸਲੇ ਨੇ ਅਧਿਆਪਕ ਵਰਗ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਹਾਇਕ ਪ੍ਰੈੱਸ ਸਕੱਤਰ ਗਣੇਸ਼ ਭਗਤ, ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਆਗੂ ਦਲਜੀਤ ਸਿੰਘ ਸੈਣੀ, ਰਛਪਾਲ ਸਿੰਘ ਵੜੈਚ ਅਧਿਆਪਕਾਂ ਨਾਲ ਖੁੱਲ੍ਹੀ ਧੱਕੇਸ਼ਾਹੀ ਕਰਾਰ ਦਿੰਦਿਆਂ ਕਿਹਾ ਹੈ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਲਗਾਤਾਰ ਅਧਿਆਪਕਾਂ ਨੂੰ ਤੰਗ-ਪਰੇਸ਼ਾਨ ਕਰਨ ਵਾਲੇ ਫ਼ੈਸਲੇ ਕਰ ਰਹੇ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਪਹਿਲਾਂ ਹੀ ਅਧਿਆਪਕਾਂ ਨੂੰ ਪੜ੍ਹਾਉਣ ਦੀ ਬਜਾਏ ਗੈਰ-ਸਿੱਖਿਆ ਡਿਊਟੀਆਂ ਵਿੱਚ ਝੋਕਿਆ ਹੋਇਆ ਹੈ ਅਤੇ ਹੁਣ ਪ੍ਰੀਖਿਆ ਦੇ ਸੈਂਟਰ ਸੈਂਕੜੇ ਕਿਲੋਮੀਟਰ ਦੂਰ ਬਣਾ ਕੇ ਅਧਿਆਪਕਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਖ਼ਾਸ ਕਰ ਕੇ ਮਹਿਲਾ ਅਧਿਆਪਕਾਂ ਲਈ ਇਹ ਫ਼ੈਸਲਾ ਬਹੁਤ ਹੀ ਅਸਹੂਲਤ ਭਰਿਆ ਅਤੇ ਗੈਰ-ਜ਼ਿੰਮੇਵਾਰਾਣਾ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਿੱਖਿਆ ਵਿਭਾਗ ਨੇ ਤੁਰੰਤ ਇਹ ਤਾਨਾਸ਼ਾਹੀ ਫ਼ੈਸਲਾ ਵਾਪਸ ਨਾ ਲਿਆ ਅਤੇ ਪ੍ਰੀਖਿਆ ਦੇ ਸੈਂਟਰ ਨਜ਼ਦੀਕੀ ਜ਼ਿਲ੍ਹਿਆਂ ਵਿੱਚ ਨਾ ਬਣਾਏ ਤਾਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਤਿੱਖਾ ਸੰਘਰਸ਼ ਛੇੜਿਆ ਜਾਵੇਗਾ। ਅਧਿਆਪਕ ਵਰਗ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਵੇਗਾ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਹੋਵੇਗੀ।