ਸੰਘਰਸ਼ੀ ਮੁਲਾਜ਼ਮ ਆਗੂਆਂ ਨੂੰ ਗ੍ਰਿਫਤਾਰ ਕਰਨਾ ਮੰਦਭਾਗਾ: ਜੀਟੀਯੂ
ਸੰਘਰਸ਼ੀ ਮੁਲਾਜ਼ਮ ਆਗੂਆਂ ਨੂੰ ਘਰਾਂ ਵਿੱਚ ਬੰਦ ਕਰਨ ਅਤੇ ਗ੍ਰਿਫਤਾਰ ਕਰਨਾ ਮੰਦਭਾਗਾ- ਜੀ.ਟੀ.ਯੂ
Publish Date: Mon, 12 Jan 2026 09:06 PM (IST)
Updated Date: Mon, 12 Jan 2026 09:09 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਭਗਵੰਤ ਮਾਨ ਸਰਕਾਰ ਦਾ ਚਾਰ ਸਾਲਾਂ ਦਾ ਕਾਰਜਕਾਲ ਮੁਲਾਜ਼ਮ ਮਾਰੂ ਨੀਤੀਆਂ ’ਤੇ ਸਥਿਰ ਰਿਹਾ ਹੈ। ਜਿਵੇਂ ਸਰਕਾਰ ਦਾ ਕਾਰਜਕਾਲ ਬੀਤਣ ਜਾ ਰਿਹਾ ਹੈ, ਉਨ੍ਹਾਂ ਨੂੰ ਸੰਘਰਸ਼ੀ ਮੁਲਾਜ਼ਮਾਂ ਤੋ ਐਨਾ ਡਰ ਸਤਾ ਰਿਹਾ ਹੈ ਕਿ ਪੁਲਿਸ ਦੇ ਜ਼ੋਰ ਨਾਲ ਮੁਲਾਜ਼ਮਾਂ ਨੂੰ ਘਰਾਂ ‘ਚ ਨਜ਼ਰਬੰਦ ਕੀਤਾ ਜਾ ਰਿਹਾ ਹੈ। ਆਪਣੇ ਬਣਦੇ ਜਾਇਜ਼ ਹੱਕਾਂ ਨੂੰ ਮੰਗਣ ’ਤੇ ਉਨ੍ਹਾਂ ਨੂੰ ਗਿ੍ਫਤਾਰ ਕੀਤਾ ਜਾ ਰਿਹਾ ਹੈ। ਇਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਉਹ ਵੀ ਪਿਛਲੀਆਂ ਸਰਕਾਰਾਂ ਵਾਂਗ ਸੱਤਾ ਦੇ ਨਸ਼ੇ ਵਿਚ ਧੁੱਤ ਹੋ ਗਏ ਹਨ। ਸੰਘਰਸ਼ੀ ਆਗੂਆਂ ਨੂੰ ਘਰਾਂ ’ਚ ਨਜ਼ਰਬੰਦ ਕਰਨਾ ਅਤੇ ਗ੍ਰਿਫਤਾਰ ਕਰਨਾ ਬਹੁਤ ਹੀ ਨਿੰਦਣਯੋਗ ਘਟਨਾ ਹੈ। ਇਸ ਗੱਲ ਦਾ ਪ੍ਰਗਟਾਵਾ ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਰਨਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਖਜ਼ਾਨਚੀ ਮਨੋਹਰ ਲਾਲ ਸ਼ਰਮਾ, ਸਹਾਇਕ ਪ੍ਰੈੱਸ ਸਕੱਤਰ ਗਣੇਸ਼ ਭਗਤ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ ਪਰ ਸੱਤਾ ਵਿਚ ਆਉਣ ’ਤੇ ਮੁੱਖ ਮੰਤਰੀ ਮੁਲਾਜ਼ਮਾਂ, ਪੈਨਸ਼ਨਰਾਂ, ਮਜ਼ਦੂਰਾਂ, ਕਿਸਾਨਾਂ ਨੂੰ ਭੁੱਲ ਗਏ। ਆਗੂਆਂ ਨੇ ਕਿਹਾ ਕਿ ਹਾਕਮ ਇਕ ਜਮਾਤ ਹੈ, ਚਾਹੇ ਉਹ ਕਾਂਗਰਸੀ ਹੋਣ, ਅਕਾਲੀ ਹੋਣ, ਭਾਜਪਾ ਹੋਵੇ ਜਾਂ ਕੋਈ ਹੋਰ। ਇਨ੍ਹਾਂ ਦੀਆਂ ਨੀਤੀਆਂ ਮੁਲਾਜ਼ਮ, ਮਜ਼ਦੂਰ, ਕਿਸਾਨ ਤੇ ਆਮ ਲੋਕਾਂ ਦੀਆਂ ਵਿਰੋਧੀ ਹੀ ਹੁੰਦੀਆਂ ਹਨ। ਜ਼ਿਕਰਯੋਗ ਹੈ ਕਿ ਜਲੰਧਰ ਵਿਖੇ ਨਵ-ਨਿਯੁਕਤ ਪੁਲਿਸ ਮੁਲਾਜ਼ਮਾਂ ਨੂੰ ਆਰਡਰ ਦੇਣ ਦੇ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਪੁੱਜੇ ਮੁੱਖ ਮੰਤਰੀ ਨੇ ਦਫ਼ਤਰੀ ਮੁਲਾਜ਼ਮ ਜਥੇਬੰਦੀ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸ਼ੋਭਿਤ ਭਗਤ ਨੂੰ ਉਨ੍ਹਾਂ ਦੇ ਘਰ ਵਿਚ ਨਜ਼ਰਬੰਦ ਕੀਤਾ। ਦੂਸਰੇ ਪਾਸੇ ਪੁਰਾਣੀ ਪੈਨਸ਼ਨ ਬਹਾਲੀ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ, ਜਿਸ ਦਾ ਸਮੁੱਚੇ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ਵਿਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਸੱਤਾਧਿਰ ਨੂੰ ਸਵਾਲ ਕਰਦੇ ਸਨ ਪਰ ਹੁਣ ਆਪ ਪੁਰਾਣੀਆਂ ਸਰਕਾਰਾਂ ਵਾਂਗ ਸਾਰੀਆ ਹੱਦਾਂ ਟੱਪ ਚੁੱਕੇ ਹਨ। ਉਹ ਸੰਘਰਸ਼ੀ ਲੋਕਾਂ ਦੀ ਅਵਾਜ਼ ਨੂੰ ਦਬਾ ਕੇ ਰਾਜਪਾਠ ਦਾ ਅਨੰਦ ਮਾਣਨਾ ਚਾਹੁੰਦੇ ਹਨ। ਜੀਟੀਯੂ ਦੇ ਆਗੂਆਂ ਨੇ ਕਿਹਾ ਕਿ ਸੰਘਰਸ਼ੀ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰਕੇ ਉਨ੍ਹਾਂ ਦੇ ਪਰਿਵਾਰਾਂ ‘ਚ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਭਗਵੰਤ ਮਾਨ ਸਰਕਾਰ ਲੋਕਤੰਤਰ ਦੀ ਹੱਤਿਆ ਕਰਨ ਵਿਚ ਸਾਰੀਆ ਹੱਦਾਂ ਪਾਰ ਕਰ ਗਈ ਹੈ, ਜਿਸ ਨੂੰ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀ ਕੀਤਾ ਜਾਵੇਗਾ। ਆਗੂਆ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਸਿਰਮੌਰ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਸਰਕਾਰ ਦੇ ਖਿਲਾਫ ਆਪਣੇ ਤਿੱਖੇ ਸੰਘਰਸ਼ ਲਈ ਵਚਨਬੱਧ ਹੈ।