ਪੰਜਾਬ ਭਾਜਪਾ ’ਚ ਇਕ ਨਵਾਂ ਅਧਿਆਏ ਸ਼ੁਰੂ ਹੋਵੇਗਾ : ਖੋਜੇਵਾਲ
ਕੇਵਲ ਸਿੰਘ ਢਿੱਲੋਂ ਦਾ ਕਾਰਜਕਾਲ ਪੰਜਾਬ ਭਾਜਪਾ ਲਈ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੋਵੇਗਾ-ਖੋਜੇਵਾਲ
Publish Date: Sat, 30 May 2026 09:34 PM (IST)
Updated Date: Sat, 30 May 2026 09:35 PM (IST)

---ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਨੇ ਦਿੱਤੀਆਂ ਸ਼ੁਭਕਾਮਨਾਵਾਂ ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਭਾਜਪਾ ਪੰਜਾਬ ਦੇ ਨਵੇਂ ਸੂਬਾ ਪ੍ਰਧਾਨ ਵਜੋਂ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਤੋਂ ਬਾਅਦ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਨਵ-ਨਿਯੁਕਤ ਸੂਬਾ ਪ੍ਰਧਾਨ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਇਸ ਨੂੰ ਪਾਰਟੀ ਲਈ ਇਕ ਇਤਿਹਾਸਕ ਫੈਸਲਾ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਭਾਜਪਾ ਨੇ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਇਕ ਮਜ਼ਬੂਤ ਸਿੱਖ ਸ਼ਖਸੀਅਤ ਨੂੰ ਸੌਂਪੀ ਹੈ, ਜਿਸ ਨਾਲ ਪਾਰਟੀ ਨੂੰ ਸੂਬੇ ਵਿਚ ਇਕ ਨਵੀਂ ਦਿਸ਼ਾ ਤੇ ਪਛਾਣ ਮਿਲੇਗੀ। ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਲੰਬੇ ਸਮੇਂ ਤੋਂ ਲੋਕਾਂ ਨਾਲ ਜੁੜੇ ਹੋਏ ਹਨ ਤੇ ਉਨ੍ਹਾਂ ਦੇ ਰਾਜਨੀਤਿਕ ਤਜਰਬੇ ਤੋਂ ਪਾਰਟੀ ਨੂੰ ਨਵੀਂ ਦਿਸ਼ਾ ਤੇ ਤਾਕਤ ਮਿਲਣ ਦੀ ਉਮੀਦ ਹੈ। ਪੰਜਾਬ ਇਸ ਸਮੇਂ ਕਈ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਨੌਜਵਾਨਾਂ ਦੀ ਬੇਰੁਜ਼ਗਾਰੀ, ਨਸ਼ਿਆਂ ਦੀ ਸਮੱਸਿਆ, ਉਦਯੋਗਾਂ ਵਿਚ ਘਟਦਾ ਵਿਸ਼ਵਾਸ ਤੇ ਕਿਸਾਨਾਂ ਨਾਲ ਸਬੰਧਤ ਮੁੱਦੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਇਸ ਸਮੇਂ ਲੋਕਾਂ ਨੂੰ ਨਵੀਂ ਭਾਜਪਾ ਲੀਡਰਸ਼ਿਪ ਤੋਂ ਬਹੁਤ ਉਮੀਦਾਂ ਹਨ। ਪਾਰਟੀ ਦਾ ਮੰਨਣਾ ਹੈ ਕਿ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ। ਕੇਵਲ ਸਿੰਘ ਢਿੱਲੋਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ ਤੇ ਪਾਰਟੀ ਦਾ ਅਧਾਰ ਸਾਰੇ ਵਰਗਾਂ ਵਿਚ ਫੈਲੇਗਾ। ਉਨ੍ਹਾਂ ਕਿਹਾ ਕਿ ਨਵੇਂ ਪ੍ਰਧਾਨ ਦੀ ਕਾਰਜਸ਼ੈਲੀ ਤੇ ਤਜਰਬਾ ਪਾਰਟੀ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਹੈ ਤੇ ਭਾਜਪਾ ਆਉਣ ਵਾਲੇ ਸਾਲਾਂ ਵਿਚ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕੇਵਲ ਸਿੰਘ ਢਿੱਲੋਂ ਨੂੰ ਸਫਲ ਕਾਰਜਕਾਲ ਦੀ ਕਾਮਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਨ ਨੇ ਪੰਜਾਬ ਦੀਆਂ ਭਾਵਨਾਵਾਂ ਅਤੇ ਸਮਾਜਿਕ ਢਾਂਚੇ ਨੂੰ ਸਮਝਦੇ ਹੋਏ ਇਹ ਮਹੱਤਵਪੂਰਨ ਫੈਸਲਾ ਲਿਆ ਹੈ। ਪੰਜਾਬ ਇਕ ਧਾਰਮਿਕ ਤੇ ਸੱਭਿਆਚਾਰਕ ਤੌਰ ’ਤੇ ਸੰਵੇਦਨਸ਼ੀਲ ਸੂਬਾ ਹੈ, ਜਿਥੇ ਸਿੱਖ ਭਾਈਚਾਰਾ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਸੰਦਰਭ ਵਿਚ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਨਿਯੁਕਤ ਕਰਨਾ ਭਾਜਪਾ ਦੇ ਸਕਾਰਾਤਮਕ ਦ੍ਰਿਸ਼ਟੀਕੋਣ ਤੇ ਸਮਾਵੇਸ਼ ਦੀ ਨੀਤੀ ਨੂੰ ਦਰਸਾਉਂਦਾ ਹੈ। ਇਸ ਨਾਲ ਸਿੱਖ ਭਾਈਚਾਰੇ ਨੂੰ ਇਕ ਸਕਾਰਾਤਮਕ ਸੁਨੇਹਾ ਜਾਵੇਗਾ ਤੇ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਖੋਜੇਵਾਲ ਨੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਨ੍ਹਾਂ ਦਾ ਕਾਰਜਕਾਲ ਪੰਜਾਬ ਭਾਜਪਾ ਲਈ ਇਕ ਨਵੇਂ ਅਧਿਆਏ ਦੀ ਸ਼ੁਰੂਆਤ ਕਰੇਗਾ।