ਬਿਜਲੀ ਕੱਟਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਭਲਕੇ ਧਰਨੇ ਦਾ ਐਲਾਨ
ਬਿਜਲੀ ਕੱਟਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ 27 ਅਪ੍ਰੈਲ ਨੂੰ ਧਰਨੇ ਦਾ ਐਲਾਨ
Publish Date: Sat, 25 Apr 2026 07:44 PM (IST)
Updated Date: Sun, 26 Apr 2026 04:17 AM (IST)

- ਸਰਕਾਰ ਵੱਲੋਂ ਵਾਅਦੇ ਪੂਰੇ ਨਾ ਕਰਨ ਦਾ ਦੋਸ਼, ਕਿਸਾਨੀ ਫਸਲਾਂ ਤੇ ਲੋਕਾਂ ਦੀ ਜ਼ਿੰਦਗੀ ਹੋਈ ਪ੍ਰਭਾਵਿਤ ਕੈਪਸ਼ਨ: 25ਕੇਪੀਟੀ5, 6, 7 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਬਾਊਪੁਰ, ਸ਼ੇਰ ਸਿੰਘ ਮਹੀਂਵਾਲ ਅਤੇ ਪੁਸ਼ਪਿੰਦਰ ਸਿੰਘ ਮੋਮੀ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਦੇਣ ਦਾ ਐਲਾਨ ਕਰਦੇ ਹੋਏ । ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸ਼ੇਰ ਸਿੰਘ ਮਹੀਂਵਾਲ, ਸਰਵਣ ਸਿੰਘ ਬਾਊਪੁਰ ਅਤੇ ਪੁਸ਼ਪਿੰਦਰ ਸਿੰਘ ਮੋਮੀ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਐਲਾਨ ਕੀਤਾ ਹੈ ਕਿ 27 ਅਪ੍ਰੈਲ ਦਿਨ ਸੋਮਵਾਰ ਨੂੰ ਜ਼ਿਲ੍ਹਾ ਕਪੂਰਥਲਾ ਦੇ ਐੱਸਸੀ ਦਫ਼ਤਰ ਅੱਗੇ ਇਕ ਰੋਜ਼ਾ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ‘ਤੇ ਖਰੀ ਨਹੀਂ ਉਤਰ ਰਹੀ। ਆਗੂਆਂ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੋਟਰਾਂ ਲਈ ਅਤੇ ਘਰੇਲੂ ਵਰਤੋਂ ਲਈ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਕਈ ਕਈ ਘੰਟਿਆਂ ਲਈ ਬੰਦ ਰਹਿੰਦੀ ਹੈ, ਜਿਸ ਕਾਰਨ ਤਪਦੇ ਗਰਮੀ ਦੇ ਮੌਸਮ ਵਿੱਚ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਤ ਸਮੇਂ ਲੱਗਣ ਵਾਲੇ ਲੰਬੇ ਕੱਟਾਂ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਲਈ ਹਾਲਤ ਬਹੁਤ ਹੀ ਮੁਸ਼ਕਲ ਬਣ ਗਈ ਹੈ। ਇਸਦੇ ਨਾਲ ਹੀ ਬਿਜਲੀ ਦੀ ਘਾਟ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਵੀ ਨੁਕਸਾਨ ਪਹੁੰਚ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਬਿਜਲੀ ਵਿਭਾਗ ਵੱਲੋਂ ਤਿੰਨ ਦਿਨਾਂ ਦਾ ਸਮਾਂ ਲਿਆ ਗਿਆ ਸੀ ਪਰ ਹਾਲਾਤ ਵਿੱਚ ਕੋਈ ਸੁਧਾਰ ਨਹੀਂ ਆਇਆ। ਇਸ ਕਾਰਨ 27 ਅਪ੍ਰੈਲ ਨੂੰ ਵੱਡੀ ਗਿਣਤੀ ’ਚ ਲੋਕਾਂ ਨੂੰ ਐੱਸਸੀ ਦਫ਼ਤਰ ਕਪੂਰਥਲਾ ਵਿਖੇ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਹੈ।