ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ’ਚ ਮਜ਼ਦੂਰ ਦਿਵਸ ਮਨਾਇਆ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ’ਚ ਮਜ਼ਦੂਰ ਦਿਵਸ ਮਨਾਇਆ
Publish Date: Fri, 01 May 2026 08:00 PM (IST)
Updated Date: Fri, 01 May 2026 08:02 PM (IST)

ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿੱਚ ਐੱਨਐੱਸਐੱਸ ਵਿਭਾਗ ਵੱਲੋਂ ਮਜ਼ਦੂਰ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ ਨੇ ਮਜ਼ਦੂਰਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਦੇ ਇਤਿਹਾਸ ਅਤੇ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਮਿਹਨਤ ਦੀ ਮਹਾਨਤਾ ਨੂੰ ਸਮਝਾਉਂਦੇ ਹੋਏ ਵਿਦਿਆਰਥੀਆਂ ਨੂੰ ਮਿਹਨਤ ਦੀ ਕਦਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਐੱਨਐੱਸਐੱਸ ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਮਜ਼ਦੂਰ ਦਿਵਸ ਸਾਨੂੰ ਮਿਹਨਤਕਸ਼ ਲੋਕਾਂ ਦੀ ਕਦਰ ਕਰਨ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮਿਹਨਤ ਨੂੰ ਸਤਿਕਾਰ ਦੇਣ ਅਤੇ ਸਮਾਜ ਵਿੱਚ ਸਕਾਰਾਤਮਕ ਯੋਗਦਾਨ ਪਾਉਣ। ਐੱਨਐੱਸਐੱਸ ਦੀ ਦੂਜੀ ਯੂਨਿਟ ਦੇ ਪ੍ਰੋਗਰਾਮ ਅਫਸਰ ਸੰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਮਜ਼ਦੂਰਾਂ ਦੀ ਕਦਰ ਕਰਨ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਿਹਾ ਕਿ ਮਜ਼ਦੂਰ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੇ ਬਿਨਾਂ ਵਿਕਾਸ ਸੰਭਵ ਨਹੀਂ। ਉਨ੍ਹਾਂ ਨੇ ਕਾਲਜ ਵਿੱਚ ਕੰਮ ਕਰ ਰਹੇ ਸਾਰੇ ਦਰਜਾ ਚਾਰ ਕਰਮਚਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੀ ਮਿਹਨਤ ਨਾਲ ਸੰਸਥਾ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਅਜਿਹੇ ਦਿਵਸ ਮਨਾਉਣ ਨਾਲ ਵਿਦਿਆਰਥੀਆਂ ਅਤੇ ਸਮਾਜ ਵਿੱਚ ਮਿਹਨਤ ਪ੍ਰਤੀ ਸਤਿਕਾਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ।