ਕੇਂਦਰ ਵਾਂਗ ਸੀਐੱਮ ਮਾਨ ਵੀ ਤੇਲ ਦੇ ਵਾਧੇ ਦਾ ਬੋਝ ਆਪਣੇ ਸਿਰ ਲੈਣ : ਭਾਜਪਾ ਆਗੂ
ਮੋਦੀ ਸਰਕਾਰ ਵਾਂਗ ਭਗਵੰਤ ਮਾਨ ਵੀ ਟੈਕਸ ਘਟਾ ਕੇ ਪੈਟਰੋਲ-ਡੀਜ਼ਲ ਦੇ ਵਾਧੇ ਦਾ ਬੋਝ ਆਪਣੇ ਸਿਰ ਲੈਣ : ਭਾਜਪਾ ਆਗੂ
Publish Date: Tue, 26 May 2026 06:59 PM (IST)
Updated Date: Wed, 27 May 2026 04:05 AM (IST)

ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ : ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਭਾਜਪਾ ਆਗੂਆਂ ਜਿਲਾ ਮੀਤ ਪ੍ਰਧਾਨ ਬਲਵਿੰਦਰ ਠਾਕੁਰ,ਭਾਜਪਾ ਸੀਨੀਅਰ ਆਗੂ ਆਸ਼ੂ ਸਾਂਪਲਾ, ਭਾਜਪਾ ਯੁਵਾ ਮੋਰਚਾ ਜਿਲਾ ਸਕਤਰ ਲੋਕੇਸ਼ ਬਾਲੀ, ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਮ ਲੋਕਾਂ ਨੂੰ ਰਾਹਤ ਦੇਣ ਲਈ ਕਈ ਵਾਰ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕੀਤੀ ਗਈ, ਪਰ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਈ ਵੱਡੀ ਰਾਹਤ ਨਹੀਂ ਦਿੱਤੀ ਜਾ ਰਹੀ। ਭਾਜਪਾ ਆਗੂਆਂ ਨੇ ਕਿਹਾ ਕਿ ਜਿਵੇਂ ਮੋਦੀ ਸਰਕਾਰ ਨੇ ਟੈਕਸ ਘਟਾ ਕੇ ਪੈਟਰੋਲ-ਡੀਜ਼ਲ ਦੇ ਵਾਧੇ ਦਾ ਬੋਝ ਆਪਣੇ ਸਿਰ ਲਿਆ ਸੀ, ਉਸੇ ਤਰ੍ਹਾਂ ਪੰਜਾਬ ਸਰਕਾਰ ਨੂੰ ਵੀ ਵੈਟ ਵਿੱਚ ਕਟੌਤੀ ਕਰਕੇ ਸੂਬੇ ਦੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਧ ਰਹੀਆਂ ਇੰਧਨ ਕੀਮਤਾਂ ਦਾ ਸਿੱਧਾ ਅਸਰ ਆਮ ਜਨਤਾ ਦੀ ਜੇਬ ‘ਤੇ ਪੈਂਦਾ ਹੈ ਅਤੇ ਟਰਾਂਸਪੋਰਟ ਤੋਂ ਲੈ ਕੇ ਰੋਜ਼ਮਰਾ ਦੀਆਂ ਵਸਤੂਆਂ ਤੱਕ ਹਰ ਚੀਜ਼ ਮਹਿੰਗੀ ਹੋ ਜਾਂਦੀ ਹੈ।ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਾਧੂ ਟੈਕਸ ਇਕੱਠਾ ਕਰਕੇ ਲੋਕਾਂ ‘ਤੇ ਆਰਥਿਕ ਬੋਝ ਪਾ ਰਹੀ ਹੈ, ਜਦਕਿ ਆਮ ਆਦਮੀ ਪਹਿਲਾਂ ਹੀ ਮਹਿੰਗਾਈ ਨਾਲ ਜੂਝ ਰਿਹਾ ਹੈ। ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਪੈਟਰੋਲ ਅਤੇ ਡੀਜ਼ਲ ‘ਤੇ ਲੱਗਣ ਵਾਲੇ ਟੈਕਸ ਵਿੱਚ ਕਮੀ ਕਰੇ ਤਾਂ ਜੋ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ। ਜਿਲਾ ਮੀਤ ਪ੍ਰਧਾਨ ਬਲਵਿੰਦਰ ਠਾਕੁਰ,ਭਾਜਪਾ ਸੀਨੀਅਰ ਆਗੂ ਆਸ਼ੂ ਸਾਂਪਲਾ,ਭਾਜਪਾ ਯੁਵਾ ਮੋਰਚਾ ਜਿਲਾ ਸਕਤਰ ਲੋਕੇਸ਼ ਬਾਲੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦਾ ਅਸਲ ਵਿਕਾਸ ਸਿਰਫ਼ ਭਾਜਪਾ ਦੇ ਰਾਜ ਵਿੱਚ ਹੀ ਸੰਭਵ ਹੈ, ਜਦਕਿ ਮੌਜੂਦਾ ਸੂਬਾ ਸਰਕਾਰ ਪਿਛਲੇ ਚਾਰ ਸਾਲਾਂ ਦੌਰਾਨ ਕੋਈ ਵੀ ਨਵਾਂ ਪ੍ਰੋਜੈਕਟ ਜਾਂ ਵੱਡਾ ਵਿਕਾਸ ਕਾਰਜ ਸ਼ੁਰੂ ਕਰਨ ਵਿੱਚ ਅਸਫਲ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇ ਨਾਮ ’ਤੇ ਗੁੰਮਰਾਹ ਕੀਤਾ ਗਿਆ, ਪਰ ਸਰਕਾਰ ਨੇ ਨਾ ਉਦਯੋਗਿਕ ਖੇਤਰ ਵਿੱਚ ਕੋਈ ਨਵੀਂ ਯੋਜਨਾ ਲਾਗੂ ਕੀਤੀ ਅਤੇ ਨਾ ਹੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬੇਰੁਜ਼ਗਾਰੀ, ਕਰਜ਼ਾ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਗੰਭੀਰ ਹੋ ਰਹੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਿਤ ਰਹੀ ਹੈ, ਜਦਕਿ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਹੀ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਆ ਸਕਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਕਈ ਯੋਜਨਾਵਾਂ ਅਤੇ ਫੰਡ ਜਾਰੀ ਕੀਤੇ ਗਏ ਹਨ, ਪਰ ਸੂਬਾ ਸਰਕਾਰ ਉਨ੍ਹਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ। ਭਾਜਪਾ ਆਗੂਆਂ ਨੇ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਭਾਜਪਾ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ।