ਸੀਐੱਮ ਮਾਨ ਵੀ ਟੈਕਸ ਘਟਾ ਕੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਦਾ ਬੋਝ ਆਪਣੇ ਸਿਰ ਲੈਣ : ਭਾਜਪਾ
ਮੋਦੀ ਸਰਕਾਰ ਵਾਂਗ ਭਗਵੰਤ ਮਾਨ ਵੀ ਟੈਕਸ ਘਟਾ ਕੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਬੋਝ ਆਪਣੇ ਸਿਰ ਲੈਣ : ਭਾਜਪਾ
Publish Date: Mon, 25 May 2026 06:53 PM (IST)
Updated Date: Tue, 26 May 2026 04:08 AM (IST)

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਤੇਲ ਦੀਆਂ ਵਧੀਆਂ ਹੋਈਆਂ ਕੀਮਤਾਂ ਦਾ ਪੰਜਾਬ ਦੇ ਲੋਕਾਂ ‘ਤੇ ਕੋਈ ਵਾਧੂ ਆਰਥਿਕ ਬੋਝ ਨਾ ਪਏ, ਇਸ ਲਈ ਜਿਸ ਤਰ੍ਹਾਂ 27 ਮਾਰਚ 2026 ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ 10 ਰੁਪਏ ਪ੍ਰਤੀ ਲੀਟਰ ਟੈਕਸ ਘਟਾ ਕੇ ਤੇਲ ਦੀਆਂ ਵਧੀਆਂ ਕੀਮਤਾਂ ਦਾ ਬੋਝ ਆਪਣੇ ਸਿਰ ਲਿਆ ਗਿਆ ਸੀ, ਉਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੈਟਰੋਲ ਅਤੇ ਡੀਜ਼ਲ ‘ਤੇ ਵਧੇ 3 ਰੁਪਏ ਪ੍ਰਤੀ ਲੀਟਰ ਦੇ ਬੋਝ ਨੂੰ ਰਾਜ ਕਰਾਂ ਵਿੱਚ ਕਟੌਤੀ ਕਰਕੇ ਆਪਣੇ ਸਿਰ ਲੈਣਾ ਚਾਹੀਦਾ ਹੈ, ਤਾਂ ਜੋ ਬੀਜਾਈ ਦੇ ਇਸ ਮਹੱਤਵਪੂਰਨ ਸਮੇਂ ਦੌਰਾਨ ਕਿਸਾਨਾਂ ਸਮੇਤ ਆਮ ਲੋਕਾਂ ‘ਤੇ ਵਾਧੂ ਆਰਥਿਕ ਬੋਝ ਨਾ ਪਵੇ। ਇਹ ਗੱਲ ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਸੂਬਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਪੰਜਾਬ ਵਿਜੇ ਸਾਂਪਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਸਾਂਪਲਾ ਨੇ ਕਿਹਾ ਕਿ ਰੂਸ-ਯੂਕਰੇਨ ਜੰਗ ਅਤੇ ਹੋਰ ਅੰਤਰਰਾਸ਼ਟਰੀ ਕਾਰਨਾਂ ਦੇ ਬਾਵਜੂਦ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅਪ੍ਰੈਲ 2022 ਤੋਂ 14 ਮਈ 2026 ਤੱਕ ਲਗਭਗ ਸਵਾ ਚਾਰ ਸਾਲ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਮਾਰਚ 2022 ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ‘ਤੇ ਰਾਜ ਕਰ ਵਧਾ ਕੇ ਆਮ ਲੋਕਾਂ ‘ਤੇ ਲਗਭਗ 3 ਰੁਪਏ ਪ੍ਰਤੀ ਲੀਟਰ ਦਾ ਵਾਧੂ ਬੋਝ ਪਾਇਆ ਗਿਆ ਹੈ। ਸਾਂਪਲਾ ਨੇ ਕਿਹਾ ਕਿ ਮੌਜੂਦਾ ਜੰਗ ਵਰਗੇ ਹਾਲਾਤਾਂ ਕਾਰਨ ਜਿੱਥੇ ਕੱਚੇ ਤੇਲ ਦੀ ਕੀਮਤ 70 ਡਾਲਰ ਪ੍ਰਤੀ ਬੈਰਲ ਤੋਂ ਵੱਧ ਕੇ 120 ਤੋਂ 130 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ, ਉੱਥੇ ਹੀ ਅਮਰੀਕਾ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਲਗਭਗ 50 ਫੀਸਦੀ, ਯੂਰਪ ਵਿੱਚ 20 ਫੀਸਦੀ, ਪਾਕਿਸਤਾਨ ਵਿੱਚ 60 ਫੀਸਦੀ ਅਤੇ ਬੰਗਲਾਦੇਸ਼ ਵਿੱਚ 16 ਫੀਸਦੀ ਤੱਕ ਵਾਧਾ ਕੀਤਾ ਗਿਆ ਹੈ। ਇਸਦੇ ਉਲਟ ਭਾਰਤ ਵਿੱਚ ਕੇਵਲ 3 ਫੀਸਦੀ ਦਾ ਹੀ ਵਾਧਾ ਕੀਤਾ ਗਿਆ ਹੈ। ਸਾਂਪਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਦੀ ਤਰਜ਼ ‘ਤੇ ਪੰਜਾਬ ਸਰਕਾਰ ਵੀ ਆਪਣੇ ਕਰਾਂ ਵਿੱਚ ਕਟੌਤੀ ਕਰ ਕੇ ਇਸ 3 ਰੁਪਏ ਪ੍ਰਤੀ ਲੀਟਰ ਦੇ ਵਾਧੇ ਦਾ ਬੋਝ ਆਪਣੇ ਸਿਰ ਲਵੇ ਅਤੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰੇ।