ਲਾਇਲਪੁਰ ਖ਼ਾਲਸਾ ਕਾਲਜ ’ਚ ਹੋਇਆ ਸਲਾਨਾ ਇਨਾਮ ਵੰਡ ਸਮਾਗਮ
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਨੇ ਕਰਾਇਆ ਸਲਾਨਾ ਇਨਾਮ ਵੰਡ ਸਮਾਗਮ
Publish Date: Mon, 27 Apr 2026 07:38 PM (IST)
Updated Date: Mon, 27 Apr 2026 07:40 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਉੱਤਰੀ ਭਾਰਤ ਦੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਬਲਬੀਰ ਕੌਰ ਦੀ ਯੋਗ ਅਗਵਾਈ ਤੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਕਾਲਜ ਦਾ ਸਲਾਨਾ ਇਨਾਮ ਵੰਡ ਸਮਾਗਮ ਬੜੇ ਹੀ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਸੈਸ਼ਨ 2025-26 ਦੌਰਾਨ ਅਕਾਦਮਿਕ, ਸੱਭਿਆਚਾਰਕ ਤੇ ਸਹਿ-ਅਕਾਦਮਿਕ ਸਰਗਰਮੀਆਂ ਵਿਚ ਉੱਤਮ ਪ੍ਰਦਰਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਤੇ ਸਰਟੀਫ਼ਿਕੇਟ ਤਕਸੀਮ ਕੀਤੇ ਗਏ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਸਮਾਗਮ ਵਿਚ ਡਾ. ਕਰਮਜੀਤ ਸਿੰਘ ਚਾਹਲ ਰਜਿਸਟਰਾਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਮੁੱਖ ਮਹਿਮਾਨ ਵਜੋਂ ਤੇ ਡਾ. ਕੁਲਜੀਤ ਕੌਰ ਮੁਖੀ ਕੰਪਿਊਟਰ ਸਾਇੰਸ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਕਾਲਜ ਦੇ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ 110 ਵਿਦਿਆਰਥੀਆਂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜ਼ੋਨਲ ਯੂਥ ਫੈਸਟੀਵਲ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ 50 ਵਿਦਿਆਰਥੀਆਂ ਤੇ ਸਹਿ-ਅਕਾਦਮਿਕ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰਨ ਵਾਲੇ 40 ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਤੇ ਯਾਦਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਢਿੱਲੋਂ ਨੇ ਸੈਸ਼ਨ 2025-26 ਚ ਕਾਲਜ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਵੱਲੋਂ ਕੀਤੀਆਂ ਵਿਸ਼ੇਸ਼ ਪ੍ਰਾਪਤੀਆਂ ਦੀ ਸਲਾਨਾ ਰਿਪੋਰਟ ਪੇਸ਼ ਕਰਦਿਆਂ, ਉਨ੍ਹਾਂ ਦੀਆਂ ਉਪਲੱਬਧੀਆਂ ਦੀ ਪ੍ਰਸ਼ੰਸਾ ਕੀਤੀ ਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਮੁੱਖ ਮਹਿਮਾਨ ਡਾ. ਕਰਮਜੀਤ ਸਿੰਘ ਚਾਹਲ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ, ਜ਼ਿੰਦਗੀ ਵਿਚ ਮਿਹਨਤ, ਅਨੁਸ਼ਾਸਨ ਤੇ ਸਕਾਰਾਤਮਕ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ। ਵਿਸ਼ੇਸ਼ ਮਹਿਮਾਨ ਡਾ. ਕੁਲਜੀਤ ਕੌਰ ਮੁਖੀ, ਕੰਪਿਊਟਰ ਸਾਇੰਸ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਡਾ. ਢਿੱਲੋਂ ਨੇ ਵੀ ਵਿਦਿਆਰਥੀਆਂ ਨੂੰ ਰੁਜ਼ਗਾਰ ਪ੍ਰਾਪਤ ਕਰਨ ਦੇ ਨਾਲ ਨਾਲ ਸਮਾਜ ਸੇਵਾ, ਮਾਤਾ ਪਿਤਾ ਦੀ ਸੇਵਾ ਤੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਗਿੱਧਾ, ਸੋਲੋ ਡਾਂਸ, ਕਵਿਤਾ ਅਤੇ ਗੀਤ-ਸੰਗੀਤ ਸ਼ਾਮਲ ਸਨ। ਇਸ ਮੌਕੇ ਬੈਸਟ ਲਾਇਬ੍ਰੇਰੀ ਯੂਜ਼ਰ ਐਵਾਰਡ ਵਿਦਿਆਰਥੀ ਸਿਮਰਦੀਪ ਕੌਰ ਨੂੰ, ਅਕਾਦਮਿਕ ਐਕਸੀਲੈਂਸ ਅਵਾਰਡ ਅਮਨਪ੍ਰੀਤ ਕੌਰ ਤੇ ਵਰਨਪ੍ਰੀਤ ਕੌਰ ਨੂੰ, ਡਿਲੀਜੈਂਟ ਸਟੂਡੈਂਟ ਅਵਾਰਡ ਹਰਮਨਦੀਪ ਸਿੰਘ ਤੇ ਰਵਨੂਰ ਸਿੰਘ ਨੂੰ, ਹਾਈਐਸਟ ਅਟੈਂਡਸ ਐਵਾਰਡ, ਅਨਮੋਲ ਨੂੰ ਆਰਟਫੁਲੀ ਕ੍ਰੀਏਟਿਵ ਐਵਾਰਡ ਹਰਸ਼ਦੀਪ ਸਿੰਘ, ਨਵਦੀਪ ਕੌਰ ਅਤੇ ਅਮਨਦੀਪ ਕੌਰ ਨੂੰ ਕਲਚਰਲ ਅਚੀਵਮੈਂਟ ਐਵਾਰਡ ਗੁਰਜੀਤ ਸਿੰਘ ਤੇ ਰਮਨਦੀਪ ਸਿੰਘ ਨੂੰ ਬੈਸਟ ਸਟੂਡੈਂਟ ਆਫ਼ ਦਾ ਯੀਅਰ ਦਵਿੰਦਰ ਸਿੱਧੂ ਨੂੰ ਅਧਿਆਪਕਾਂ ਵਿਚੋਂ ਬੈਸਟ ਲਾਇਬੑੇਰੀ ਯੂਜ਼ਰ ਐਵਾਰਡ ਪ੍ਰੋ. ਵਰਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ ਤੇ ਪ੍ਰੋ. ਮਨਮੋਹਨ ਕੁਮਾਰ ਨੂੰ ਦਿੱਤੇ ਗਏ। ਇਸ ਮੌਕੇ ਪ੍ਰੋ. ਇੰਦਰਪ੍ਰੀਤ ਸਿੰਘ ਨੂੰ ਐਪਰੀਸੀਏਸ਼ਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਅੰਤ ਵਿਚ ਕਾਲਜ ਦੇ ਰਜਿਸਟਰਾਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ, ਸਮੂਹ ਅਧਿਆਪਕ ਸਾਹਿਬਾਨ ਤੇ ਵਿਦਿਆਰਥੀਆਂ ਦਾ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਧੰਨਵਾਦ ਕੀਤਾ। ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਵਰਿੰਦਰ ਕੌਰ ਨੇ ਬਾਖ਼ੂਬੀ ਨਿਭਾਈ।