30 ਮਈ ਨੂੰ ਪ੍ਰਕਾਸ਼ ਪੂਰਬ ਸਬੰਧੀ ਕਰਵਾਇਆ ਜਾਵੇਗਾ ਮਹਾਨ ਕੀਰਤਨ ਦਰਬਾਰ
ਫਗਵਾੜਾ ਵਿਖੇ 30 ਮਈ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਸਬੰਧੀ ਕਰਵਾਇਆ ਜਾਵੇਗਾ ਮਹਾਨ ਕੀਰਤਨ ਦਰਬਾਰ
Publish Date: Tue, 26 May 2026 08:40 PM (IST)
Updated Date: Wed, 27 May 2026 04:11 AM (IST)

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ 30 ਮਈ ਨੂੰ ਫਗਵਾੜਾ ਵਿਖੇ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਜੀ ਦੇ ਸਾਹਮਣੇ ਸਥਿਤ ਸਰਕਾਰੀ ਮਿਡਲ ਸਕੂਲ ਦੀ ਗਰਾਊਂਡ ਜੀਟੀ ਰੋਡ ਚੱਕ ਹਕੀਮ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਕਰਵਾਏ ਜਾ ਰਹੇ ਮਹਾਨ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਲੋਕ ਸਭਾ ਮੈਂਬਰ (ਐਮਪੀ) ਡਾ. ਰਾਜ ਕੁਮਾਰ ਚੱਬੇਵਾਲ ਅਤੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਵੱਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਸਮਾਗਮ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਐੱਮਪੀ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਹ ਸਮਾਗਮ ਬਹੁਤ ਹੀ ਇਤਿਹਾਸਕ ਅਤੇ ਵਿਸ਼ਾਲ ਪੱਧਰ ਤੇ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ, ਇਸ ਲਈ ਪੰਜਾਬ ਸਰਕਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਪੂਰੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ ਅਤੇ ਸਾਡੀ ਸਾਰਿਆਂ ਦੀ ਕੋਸ਼ਿਸ਼ ਹੈ ਕਿ ਇਸ 650ਵੇਂ ਪ੍ਰਕਾਸ਼ ਉਤਸਵ ਨੂੰ ਬੇਹੱਦ ਸ਼ਰਧਾ, ਉਤਸ਼ਾਹ ਅਤੇ ਯਾਦਗਾਰੀ ਤਰੀਕੇ ਨਾਲ ਮਨਾਇਆ ਜਾਵੇ। ਇਸ ਦੌਰਾਨ ਪ੍ਰਬੰਧਾਂ ਦੀ ਰੂਪ-ਰੇਖਾ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਜਿਸ ਤਹਿਤ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਤੋਂ ਬਚਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਰੂਟ ਪਲਾਨ ਅਤੇ ਪਾਰਕਿੰਗ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਫਗਵਾੜਾ ਨਗਰ ਨਿਗਮ ਨੂੰ ਸਮਾਗਮ ਵਾਲੀ ਥਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਅਤੇ ਸੜਕਾਂ ਦੀ ਮੁਰੰਮਤ ਕਰਨ ਦੇ ਨਾਲ-ਨਾਲ ਸੰਗਤਾਂ ਲਈ ਸਾਫ਼ ਪੀਣ ਵਾਲੇ ਪਾਣੀ, ਆਰਜ਼ੀ ਪਖਾਨੇ ਅਤੇ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪਾਂ ਸਮੇਤ ਐਂਬੂਲੈਂਸਾਂ ਤਾਇਨਾਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਮਾਗਮ ਵਾਲੀ ਥਾਂ ਤੇ ਇੱਕ ਹਵਾਦਾਰ ਅਤੇ ਵਿਸ਼ਾਲ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਦੇ ਮੁੱਖ ਰਸਤਿਆਂ ਤੇ ਆਕਰਸ਼ਕ ਸਵਾਗਤੀ ਗੇਟ ਵੀ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਸਮੁੱਚੀ ਤਿਆਰੀ 29 ਮਈ ਤੱਕ ਹਰ ਹਾਲ ਵਿੱਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਤਾਂ ਜੋ 30 ਮਈ ਦੇ ਮੁੱਖ ਪ੍ਰੋਗਰਾਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ।