ਲੋਕ ਸੇਵਾ ਦੇ ਜਜ਼ਬੇ ਨਾਲ ਪ੍ਰਸ਼ਾਸਨਿਕ ਖੇਤਰ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਰਹੇ : ਨਰਿੰਦਰ ਚੀਮਾ

ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ
ਕਪੂਰਥਲਾ : ਮਨ ਵਿਚ ਲੋਕ ਸੇਵਾ ਦਾ ਜਜ਼ਬਾ ਅਤੇ ਆਪਣੇ ਇਲਾਕੇ ਦੇ ਲੋਕਾਂ ਵਾਸਤੇ ਕੁਝ ਕਰਨ ਦੀ ਮਜ਼ਬੂਤ ਇੱਛਾ ਹੀ ਉਨ੍ਹਾਂ ਨੂੰ ਪ੍ਰਸ਼ਾਸਨਿਕ ਕੰਮ ਵੱਲ ਖਿੱਚ ਲਿਆਈ। ਇਹ ਵਿਚਾਰ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਰੀਡਰ ਨਰਿੰਦਰ ਸਿੰਘ ਚੀਮਾ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਸਿਰਫ਼ ਨੌਕਰੀ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਦਾ ਇੱਕ ਵੱਡਾ ਮੌਕਾ ਹੈ, ਜਿਸ ਰਾਹੀਂ ਆਮ ਜਨਤਾ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦਾ ਹੱਲ ਕੀਤਾ ਜਾ ਸਕਦਾ ਹੈ। ਮਾਰਚ 2019 ਵਿੱਚ ਸਰਕਾਰੀ ਸੇਵਾ ਵਿੱਚ ਭਰਤੀ ਹੋਏ ਨਰਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਉਹ ਸ਼ੁਰੂ ਤੋਂ ਹੀ ਸਮਾਜ ਸੇਵਾ ਨਾਲ ਜੁੜੇ ਰਹੇ ਹਨ ਅਤੇ ਲੋਕਾਂ ਦੀ ਮਦਦ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਡੀਸੀ ਦਫ਼ਤਰ ਵਿੱਚ ਕੰਮ ਕਰਦਿਆਂ ਉਨ੍ਹਾਂ ਨੂੰ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਰੋਜ਼ਾਨਾ ਸੰਪਰਕ ਕਰਨ ਦਾ ਮੌਕਾ ਮਿਲਦਾ ਹੈ, ਜਿਸ ਨਾਲ ਉਨ੍ਹਾਂ ਨੂੰ ਲੋਕਾਂ ਦੀਆਂ ਅਸਲ ਸਮੱਸਿਆਵਾਂ ਅਤੇ ਉਮੀਦਾਂ ਨੂੰ ਨੇੜੇ ਤੋਂ ਜਾਣਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਸੇਵਾ ਰਾਹੀਂ ਆਮ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਕਈ ਵਾਰ ਜਾਣਕਾਰੀ ਦੀ ਕਮੀ ਕਾਰਨ ਲੋਕ ਸਰਕਾਰੀ ਸਕੀਮਾਂ ਦਾ ਲਾਭ ਨਹੀਂ ਲੈ ਸਕਦੇ, ਇਸ ਲਈ ਕਰਮਚਾਰੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਲੋਕਾਂ ਨੂੰ ਸਹੀ ਜਾਣਕਾਰੀ ਦੇਣ ਅਤੇ ਉਨ੍ਹਾਂ ਦੀ ਮਦਦ ਕਰਨ।
ਉਨ੍ਹਾਂ ਕਿਹਾ ਕਿ ਦਫ਼ਤਰ ਵਿੱਚ ਆਉਣ ਵਾਲੇ ਹਰ ਵਿਅਕਤੀ ਨਾਲ ਨਿਮਰਤਾ ਅਤੇ ਸਨਮਾਨ ਨਾਲ ਪੇਸ਼ ਆਉਣਾ ਚਾਹੀਦਾ ਹੈ ਤਾਂ ਜੋ ਲੋਕਾਂ ਦਾ ਸਰਕਾਰੀ ਪ੍ਰਣਾਲੀ ’ਤੇ ਭਰੋਸਾ ਬਣਿਆ ਰਹੇ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਸਰਕਾਰੀ ਕਰਮਚਾਰੀਆਂ ਅਤੇ ਆਮ ਲੋਕਾਂ ਵਿਚਕਾਰ ਸਹਿਯੋਗ ਬਹੁਤ ਮਹੱਤਵਪੂਰਨ ਹੈ। ਜਦੋਂ ਦੋਵੇਂ ਪੱਖ ਮਿਲ ਕੇ ਕੰਮ ਕਰਦੇ ਹਨ ਤਾਂ ਵਿਕਾਸ ਦੇ ਰਸਤੇ ਹੋਰ ਆਸਾਨ ਬਣ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣ ਲਈ ਵਚਨਬੱਧ ਹਨ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਸੇਵਾ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸੰਦੇਸ਼ ਦਿੱਤਾ ਕਿ ਉਹ ਵੀ ਸਮਾਜ ਦੀ ਭਲਾਈ ਲਈ ਅੱਗੇ ਆਉਣ ਅਤੇ ਸਕਾਰਾਤਮਕ ਸੋਚ ਨਾਲ ਕੰਮ ਕਰਨ, ਤਾਂ ਜੋ ਦੇਸ਼ ਅਤੇ ਸਮਾਜ ਨੂੰ ਮਜ਼ਬੂਤੀ ਮਿਲ ਸਕੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਲਗਾਤਾਰ ਮਿਹਨਤ, ਸਚਾਈ ਅਤੇ ਲੋਕ ਸੇਵਾ ਦੇ ਜਜ਼ਬੇ ਨਾਲ ਹੀ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਨਾ, ਉਨ੍ਹਾਂ ਦਾ ਯੋਗ ਹੱਲ ਕਰਨਾ ਅਤੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਉਣਾ ਹੈ, ਤਾਂ ਜੋ ਆਮ ਜਨਤਾ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਨਰਿੰਦਰ ਸਿੰਘ ਚੀਮਾ ਜੋ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਵਿਚ ਵੱਖ-ਵੱਖ ਦਫ਼ਤਰਾਂ ਵਿਚ ਆਪਣੀਆਂ ਸੇਵਾਵਾਂ ਬਾਖੂਬੀ ਨਿਭਾ ਚੁੱਕੇ ਹਨ ਅਤੇ ਇਲਾਕੇ ਵਿਚ ਇਕ ਇਮਾਨਦਾਰ ਅਤੇ ਮਿਲਣਸਾਰ ਕਰਮਚਾਰੀ ਵਜੋਂ ਜਾਣੇ ਜਾਂਦੇ ਹਨ।