ਮਾਨ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ : ਚੀਮਾ
ਮਾਨ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ : ਸੱਜਣ ਸਿੰਘ ਚੀਮਾ
Publish Date: Sun, 08 Feb 2026 10:29 PM (IST)
Updated Date: Sun, 08 Feb 2026 10:32 PM (IST)

ਅਮਾਨੀਪੁਰ ’ਚ ਸੜਕ ਦਾ ਉਦਘਾਟਨ, ਫਿਰਨੀ ’ਤੇ ਇੰਟਰਲਾਕ ਟਾਈਲਾਂ ਤੇ ਸਟਰੀਟ ਲਾਈਟਾਂ ਦੇ ਕੰਮ ਸ਼ੁਰੂ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਪਿੰਡ ਵਿਕਾਸ ਮੁਹਿੰਮ ਤਹਿਤ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਅਮਾਨੀਪੁਰ ਵਿਚ ਅੱਜ ਵਿਕਾਸ ਦੇ ਨਵੇਂ ਅਧਿਆਇ ਦੀ ਸ਼ੁਰੂਆਤ ਹੋਈ। ਇੰਪਰੂਵਮੈਂਟ ਟਰਸਟ ਕਪੂਰਥਲਾ ਦੇ ਚੇਅਰਮੈਨ ਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਅਰਜਨ ਐਵਾਰਡੀ ਸੱਜਣ ਸਿੰਘ ਚੀਮਾ ਵੱਲੋਂ ਪਿੰਡ ਵਿਚ ਨਵੀਂ ਸੜਕ ਦਾ ਉਦਘਾਟਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪਿੰਡ ਦੀ ਬਾਹਰਲੀ ਫਿਰਨੀ ’ਤੇ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਈਆਂ ਜਾਣਗੀਆਂ, ਜਦਕਿ ਪਿੰਡ ਵਿਚ ਰਾਤ ਦੇ ਸਮੇਂ ਰੌਸ਼ਨੀ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 5 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਸਟਰੀਟ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਹ ਕੰਮ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਸੀ। ਇਸ ਮੌਕੇ ਸੰਬੋਧਨ ਕਰਦਿਆਂ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਕੇ ਹਰ ਪਿੰਡ ਤੱਕ ਵਿਕਾਸ ਪਹੁੰਚਾ ਰਹੀ ਹੈ। ਸੜਕਾਂ, ਗਲੀਆਂ, ਫਿਰਨੀਆਂ ਤੇ ਰੌਸ਼ਨੀ ਵਰਗੀਆਂ ਸਹੂਲਤਾਂ ਨਾਲ ਪਿੰਡਾਂ ਦੀ ਤਸਵੀਰ ਬਦਲ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਹਲਕੇ ਦੇ ਹਰ ਪਿੰਡ ਨੂੰ ਮਾਡਲ ਪਿੰਡ ਬਣਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਅੰਦਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਲੋਕਾਂ ਦੀ ਸਰਕਾਰ ਹੈ। ਅਸੀਂ ਵਚਨਬੱਧ ਹਾਂ ਕਿ ਹਲਕਾ ਸੁਲਤਾਨਪੁਰ ਲੋਧੀ ਦਾ ਹਰ ਪਿੰਡ ਵਿਕਾਸ ਪੱਖੋਂ ਮਾਡਲ ਪਿੰਡ ਬਣਾਇਆ ਜਾਵੇਗਾ। ਪਿੰਡ ਦੇ ਸਰਪੰਚ ਜਗਦੀਪ ਸਿੰਘ ਨੇ ਪੰਜਾਬ ਸਰਕਾਰ ਤੇ ਸੱਜਣ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸੜਕ, ਫਿਰਨੀ ਤੇ ਸਟਰੀਟ ਲਾਈਟਾਂ ਦੇ ਕੰਮ ਨਾਲ ਆਵਾਜਾਈ ਸੁਗਮ ਹੋਵੇਗੀ ਤੇ ਰਾਤ ਸਮੇਂ ਸੁਰੱਖਿਆ ਵਿਚ ਵੀ ਵੱਡਾ ਸੁਧਾਰ ਆਵੇਗਾ। ਇਸ ਮੌਕੇ ਬੀਡੀਪੀਓ ਗੁਰਮੀਤ ਸਿੰਘ ਕਾਹਲੋਂ, ਸੈਕਟਰੀ ਬਲਵਿੰਦਰ ਸਿੰਘ, ਮੈਂਬਰ ਸੁਖਜਿੰਦਰ ਸਿੰਘ, ਅਵਤਾਰ ਸਿੰਘ, ਪਰਮਜੀਤ ਕੌਰ, ਹਰਨਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਲਵਜੋਤ ਸਿੰਘ, ਕਰਮਜੀਤ ਸਿੰਘ, ਕਰਨਪ੍ਰੀਤ ਸਿੰਘ, ਦਲਜੀਤ ਸਿੰਘ, ਹਰਮਿੰਦਰ ਸਿੰਘ, ਸੁਰਜੀਤ ਸਿੰਘ, ਜਰਨੈਲ ਸਿੰਘ, ਹਰਵਿੰਦਰ ਸਿੰਘ, ਜਗਦੀਸ਼ ਸਿੰਘ, ਹੀਰਾ ਲਾਲ ਤੇ ਦਿਲਬਾਗ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।