ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾ ਰਹੀ ਮੋਦੀ ਸਰਕਾਰ : ਧਾਲੀਵਾਲ
ਪੈਟਰੋਲ-ਡੀਜਲ ਦੀਆਂ ਕੀਮਤਾਂ ਵਧਾ ਕੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾ ਰਹੀ ਮੋਦੀ ਸਰਕਾਰ - ਧਾਲੀਵਾਲ
Publish Date: Fri, 29 May 2026 06:58 PM (IST)
Updated Date: Fri, 29 May 2026 06:59 PM (IST)
ਤੇਲ ਕੀਮਤਾਂ ਦੇ ਵਿਰੋਧ ’ਚ ਕਾਂਗਰਸ ਨੇ ਕੱਢਿਆ ਗੱਡਾ ਮਾਰਚ
ਫਗਵਾੜਾ : ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਦੇ ਖਿਲਾਫ ਕਾਂਗਰਸ ਪਾਰਟੀ ਵੱਲੋਂ ਅੱਜ ਫਗਵਾੜਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ‘ਗੱਡਾ ਮਾਰਚ’ ਕੱਢਿਆ ਗਿਆ। ‘ਮੋਦੀ ਸਰਕਾਰ ਮੁਰਦਾਬਾਦ’ ਦੇ ਨਾਅਰਿਆਂ ਨਾਲ ਗੂੰਜਦੇ ਇਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਖੱਚਰਾਂ ਵਾਲੇ ਗੱਡਿਆਂ ਤੇ ਸਾਇਕਲਾਂ ‘ਤੇ ਸਵਾਰ ਹੋ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਆਪਣਾ ਵਿਰੋਧ ਦਰਜ ਕਰਵਾਇਆ। ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਮੂਹ ਕਾਂਗਰਸ ਵਰਕਰ ਰੈਸਟ ਹਾਊਸ ਜੀਟੀ ਰੋਡ ਫਗਵਾੜਾ ਵਿਖੇ ਇਕੱਤਰ ਹੋਏ। ਉੱਥੋਂ ਇਹ ਰੋਸ ਮਾਰਚ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਬੱਸ ਸਟੈਂਡ ਫਗਵਾੜਾ ਤੱਕ ਪਹੁੰਚਿਆ। ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਹੱਥਾਂ ਵਿਚ ਤਖਤੀਆਂ ਤੇ ਬੈਨਰ ਫੜ ਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਆਮ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਵਿਚ ਬੇਰੁਜ਼ਗਾਰੀ ਤੇ ਮਹਿੰਗਾਈ ਸਿਖਰ ‘ਤੇ ਹੈ, ਦੂਜੇ ਪਾਸੇ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਹਰ ਵਰਗ ਦੀ ਕਮਰ ਤੋੜ ਦਿੱਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਿਚ ਲੱਗੀ ਹੋਈ ਹੈ ਜਦਕਿ ਆਮ ਜਨਤਾ ਮਹਿੰਗਾਈ ਦੀ ਮਾਰ ਹੇਠ ਪਿਸ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਜਦੋਂ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ ਲਗਭਗ ਜ਼ੀਰੋ ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਸੀ, ਉਸ ਸਮੇਂ ਵੀ ਕੇਂਦਰ ਸਰਕਾਰ ਨੇ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ। ਉਨ੍ਹਾਂ ਆਖਿਆ ਕਿ ਸਰਕਾਰ ਨੇ ਉਸ ਵੇਲੇ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦੀ ਬਜਾਏ ਟੈਕਸ ਵਧਾ ਕੇ ਲੋਕਾਂ ਦੀ ਜੇਬ ‘ਤੇ ਵਾਧੂ ਬੋਝ ਪਾਇਆ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਘਰੇਲੂ ਰਸੋਈ ਦਾ ਬਜਟ ਪੂਰੀ ਤਰ੍ਹਾਂ ਵਿਗੜ ਚੁੱਕਾ ਹੈ ਤੇ ਆਮ ਆਦਮੀ ਲਈ ਦੋ ਵਕਤ ਦੀ ਰੋਟੀ ਕਮਾਉਣਾ ਵੀ ਔਖਾ ਹੋ ਗਿਆ ਹੈ। ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਸੜਕਾਂ ‘ਤੇ ਸੰਘਰਸ਼ ਕਰਦੀ ਰਹੇਗੀ ਤੇ ਜਦੋਂ ਤੱਕ ਕੇਂਦਰ ਸਰਕਾਰ ਮਹਿੰਗਾਈ ‘ਤੇ ਕਾਬੂ ਨਹੀਂ ਪਾਉਂਦੀ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ, ਵਰਕਰ ਤੇ ਸਮਰਥਕ ਹਾਜ਼ਰ ਸਨ।