ਨਡਾਲਾ ਪੁਲਿਸ ਨੇ ਵਿਸ਼ੇਸ਼ ਮੁਹਿੰਮ ਤਹਿਤ ਕਈ ਵਾਹਨਾਂ ਦੇ ਚਲਾਨ ਕੱਟੇ
ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਡਾਲਾ ਪੁਲਿਸ ਦੀ ਵਿਸ਼ੇਸ਼ ਮੁਹਿੰਮ, ਕਈ ਵਾਹਨਾਂ ਦੇ ਚਲਾਨ
Publish Date: Tue, 17 Mar 2026 09:47 PM (IST)
Updated Date: Tue, 17 Mar 2026 09:49 PM (IST)

ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ ਅਪਣਾਉਂਦਿਆਂ ਨਡਾਲਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਵੱਲੋਂ ਕਸਬੇ ਤੇ ਆਸ-ਪਾਸ ਦੇ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਤੇ ਨਿਯਮ ਤੋੜਨ ਵਾਲੇ ਚਾਲਕਾਂ ਦੇ ਚਲਾਨ ਕੱਟੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਨਡਾਲਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਚੈੱਕਿੰਗ ਦੌਰਾਨ ਕਈ ਚਾਲਕ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਪਾਏ ਗਏ। ਉਨ੍ਹਾਂ ਦੱਸਿਆ ਕਿ ਬਿਨਾਂ ਹੈਲਮੈਟ ਮੋਟਰਸਾਈਕਲ ਚਲਾਉਣ, ਬਿਨਾਂ ਸੀਟ ਬੈਲਟ ਗੱਡੀ ਚਲਾਉਣ, ਦੋ ਪਹੀਆ ਵਾਹਨਾਂ ‘ਤੇ ਤਿੰਨ ਸਵਾਰੀਆਂ ਬਿਠਾਉਣ, ਵਾਹਨਾਂ ਦੇ ਜ਼ਰੂਰੀ ਕਾਗਜ਼ਾਤ ਅਧੂਰੇ ਹੋਣ ਤੇ ਨੰਬਰ ਪਲੇਟਾਂ ਵਿਚ ਖਾਮੀਆਂ ਹੋਣ ਕਾਰਨ ਕਈ ਵਾਹਨਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਕਿਹਾ ਕਿ ਚਾਲਕਾਂ ਨੂੰ ਮੌਕੇ ‘ਤੇ ਹੀ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ ਤੇ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਭਵਿੱਖ ਵਿਚ ਨਿਯਮਾਂ ਦੀ ਉਲੰਘਣਾ ਨਾ ਕਰਨ। ਚੌਂਕੀ ਇੰਚਾਰਜ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਤੇ ਹੋਰਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਟਰੈਫਿਕ ਨਿਯਮਾਂ ਦੀ ਪਾਲਣਾ ਜ਼ਰੂਰ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਸੜਕ ਹਾਦਸਿਆਂ ਨੂੰ ਰੋਕਣ ਤੇ ਟਰੈਫਿਕ ਪ੍ਰਬੰਧ ਨੂੰ ਸੁਚਾਰੂ ਬਣਾਉਣ ਲਈ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਲਗਾਤਾਰ ਜਾਰੀ ਰਹੇਗੀ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।