ਖ਼ਾਲਸਾ ਕਾਲਜ ’ਚ ਰਾਸ਼ਟਰੀ ਤਕਨਾਲੋਜੀ ਦਿਵਸ ਮਨਾਇਆ
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ
Publish Date: Mon, 11 May 2026 07:35 PM (IST)
Updated Date: Mon, 11 May 2026 07:36 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਨਵੀਨਤਾ ਤੇ ਆਧੁਨਿਕ ਤਕਨਾਲੋਜੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਤੇ ਤਕਨਾਲੋਜੀ ਦੇ ਵੱਖ-ਵੱਖ ਖੇਤਰਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਮੁੱਖ ਰਿਸੋਰਸ ਪਰਸਨ ਪ੍ਰੋ. ਦਮਨਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਰ ਸਾਲ 11 ਮਈ ਨੂੰ ਮਨਾਇਆ ਜਾਣ ਵਾਲਾ ਰਾਸ਼ਟਰੀ ਤਕਨਾਲੋਜੀ ਦਿਵਸ ਭਾਰਤ ਦੀਆਂ ਵਿਗਿਆਨਕ ਤੇ ਤਕਨੀਕੀ ਉਪਲੱਬਧੀਆਂ ਨੂੰ ਸਮਰਪਿਤ ਹੁੰਦਾ ਹੈ। ਇਹ ਦਿਨ ਨੌਜਵਾਨ ਪੀੜ੍ਹੀ ਨੂੰ ਵਿਗਿਆਨ ਤੇ ਤਕਨਾਲੋਜੀ ਦੇ ਖੇਤਰ ਵਿਚ ਅੱਗੇ ਵਧਣ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦਾ ਹੈ। ਇਸ ਮੌਕੇ ਕਾਲਜ ਵਿਚ ਵਿਸ਼ੇਸ਼ ਲੈਕਚਰ, ਤਕਨੀਕੀ ਵਿਚਾਰ-ਵਟਾਂਦਰੇ ਤੇ ਜਾਣਕਾਰੀ ਭਰਪੂਰ ਸੈਸ਼ਨ ਆਯੋਜਿਤ ਕੀਤੇ ਗਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਤਕਨਾਲੋਜੀ ਅੱਜ ਦੇ ਯੁੱਗ ਦੀ ਸਭ ਤੋਂ ਵੱਡੀ ਲੋੜ ਬਣ ਚੁੱਕੀ ਹੈ। ਸਿੱਖਿਆ, ਸਿਹਤ, ਖੇਤੀਬਾੜੀ, ਉਦਯੋਗ ਅਤੇ ਸੰਚਾਰ ਦੇ ਹਰ ਖੇਤਰ ਵਿੱਚ ਤਕਨਾਲੋਜੀ ਨੇ ਮਹੱਤਵਪੂਰਨ ਬਦਲਾਅ ਲਿਆਂਦੇ ਹਨ। ਸਮਾਗਮ ਦੌਰਾਨ ਪੋਸਟਰ ਮੇਕਿੰਗ, ਤਕਨੀਕੀ ਪ੍ਰਸ਼ਨੋਤਰੀ ਅਤੇ ਨਵੀਨ ਵਿਚਾਰ ਸਾਂਝੇ ਕਰਨ ਵਾਲੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਸਮਾਰਟ ਤਕਨਾਲੋਜੀ, ਸਾਫ਼ ਊਰਜਾ ਤੇ ਭਵਿੱਖ ਦੀਆਂ ਨਵੀਆਂ ਖੋਜਾਂ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।