ਬੇਬੇ ਨਾਨਕੀ ਕਾਲਜ ’ਚ ਰਾਸ਼ਟਰੀ ਏਕਤਾ ਦਿਵਸ ਮਨਾਇਆ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ
Publish Date: Fri, 21 Nov 2025 08:47 PM (IST)
Updated Date: Fri, 21 Nov 2025 08:49 PM (IST)

ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿੱਚ ਡਾਇਰੈਕਟਰ ਯੂਥ ਸਰਵਿਸਿਜ਼ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਨਐੱਸਐੱਸ ਵਿਭਾਗ ਵੱਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਰਾਸ਼ਟਰੀ ਏਕਤਾ ਅਤੇ ਭਾਰਤੀ ਸੰਵਿਧਾਨ ਦੇ ਮੂਲ ਸਿਧਾਂਤਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਵੱਖ-ਵੱਖ ਸਰਗਰਮੀਆਂ ਅਧੀਨ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਰਾਸ਼ਟਰੀ ਏਕਤਾ ਸਿਰਫ਼ ਇੱਕ ਦਿਵਸ ਨਹੀਂ, ਸਗੋਂ ਸਾਡੇ ਜੀਵਨ ਦੀ ਸੋਚ ਅਤੇ ਜੀਵਨਸ਼ੈਲੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਤਾਕਤ ਇਸ ਦੀ ਏਕਤਾ, ਵਿਭਿੰਨਤਾ ਤੇ ਆਪਸੀ ਭਰੋਸੇ ਵਿੱਚ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਪਿਆਰ, ਭਰੋਸੇ, ਭਾਈਚਾਰੇ ਅਤੇ ਦੇਸ਼-ਪ੍ਰੇਮ ਦੇ ਮੁੱਲਾਂ ਨੂੰ ਜੀਵਨ ਵਿੱਚ ਅਪਣਾਉਣ। ਐੱਨਐੱਸਐੱਸ ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਰਾਸ਼ਟਰੀ ਏਕਤਾ ਦਿਵਸ ਮਨਾਉਣ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਮਾਜਿਕ ਸਦਭਾਵਨਾ ਬਾਰੇ ਸੰਵੇਦਨਸ਼ੀਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਦੇ ਐੱਨਐੱਸਐੱਸ ਵਲੰਟੀਅਰਾਂ ਨੇ ਵੱਖ-ਵੱਖ ਸਰਗਰਮੀਆਂ ਰਾਹੀਂ ਏਕਤਾ ਦਾ ਸੁਨੇਹਾ ਫੈਲਾਇਆ। ਇਸ ਮੌਕੇ ਸਟਾਫ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਦੇਸ਼-ਭਗਤੀ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।