ਹੀਟ ਸਟ੍ਰੋਕ ਤੋਂ ਬਚਣ ਲਈ ਸੁਚੇਤ ਰਹਿਣ ਦੀ ਲੋੜ : ਡਾ. ਪ੍ਰੇਮ ਕੁਮਾਰ
ਹੀਟ ਸਟ੍ਰੋਕ ਤੋਂ ਬਚਣ ਲਈ ਸੁਚੇਤ ਰਹਿਣ ਦੀ ਲੋੜ : ਡਾ. ਪ੍ਰੇਮ ਕੁਮਾਰ
Publish Date: Thu, 21 May 2026 10:02 PM (IST)
Updated Date: Thu, 21 May 2026 10:04 PM (IST)

ਬਿਨ੍ਹਾਂ ਕਾਰਨ ਘਰ ਤੋਂ ਬਾਹਰ ਨਾ ਨਿਕਲੋ ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਅੱਜਕਲ੍ਹ ਪੂਰੇ ਪੰਜਾਬ ਵਿਚ ਲੂ ਚੱਲ ਰਹੀ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਤੇ ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਨਿਰਦੇਸ਼ਾਂ ਅਨੁਸਾਰ ਅੱਜ ਸੀਨੀਅਰ ਮੈਡੀਕਲ ਅਫਸਰ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਡਾ. ਪ੍ਰੇਮ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਹੀਟ ਸਟ੍ਰੋਕ ਭਾਵ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੀ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਾ. ਪ੍ਰੇਮ ਕੁਮਾਰ ਨੇ ਕਿਹਾ ਕਿ ਅੱਜ-ਕੱਲ੍ਹ ਦੇ ਤਾਪਮਾਨ ਨੂੰ ਵੇਖਦਿਆਂ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਬੱਚਿਆਂ, ਬਜ਼ੁਰਗਾਂ, ਗਰਭਵਤੀ ਮਹਿਲਾਵਾਂ ਤੇ ਜਿਹੜੇ ਜ਼ੋਖ਼ਮ ਸ਼੍ਰੇਣੀ ਵਿਚ ਆਉਂਦੇ ਹਨ, ਉਨ੍ਹਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀਵੀ, ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ http://mausam.imd.gov.in/ ਰਾਹੀਂ ਵੀ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਲੋਕ ਪੂਰਵ ਅਨੁਮਾਨ ਦੇ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਚੱਕਰ, ਬਹੁਤ ਪਸੀਨਾ, ਉਲਟੀ, ਸਿਰ ਦਰਦ ਜਾਂ ਬੇਹੋਸ਼ੀ ਵਰਗੇ ਲੱਛਣ ਨਜ਼ਰ ਆਉਣ ਤਾਂ ਉਹ ਤੁਰੰਤ ਨੇੜਲੇ ਸਿਹਤ ਕੇਂਦਰ ਜਾ ਕੇ ਸਿਹਤ ਜਾਂਚ ਜ਼ਰੂਰ ਕਰਵਾਉਣ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੀਟ ਵੇਵ ਦੌਰਾਨ ਸਾਵਧਾਨ ਰਹਿ ਕੇ ਆਪਣੇ ਤੇ ਆਪਣੇ ਪਰਿਵਾਰ ਦੀ ਸਿਹਤ ਸੰਭਾਲ ਕਰਨ। ਹੀਟ ਸਟ੍ਰੋਕ ਤੋਂ ਬਚਣ ਲਈ ਕੀ ਕਰਨਾ ਚਾਹੀਦਾ ਹੈ 1. ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਢੇ ਸਮੇਂ ਜਿਵੇਂ ਕਿ ਸਵੇਰ ਤੇ ਸ਼ਾਮ ਨੂੰ ਹੀ ਕੀਤੇ ਜਾਣੇ ਚਾਹੀਦੇ ਹਨ। 2. ਪਿਆਸ ਨਾ ਲੱਗਣ ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। 3. ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਓ। ਕੋਸ਼ਿਸ਼ ਕਰੋ ਕਿ ਗਰਮੀਆਂ ਵਿਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ। 4. ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ ਜਾਂ ਦੁਪੱਟੇ ਦੀ ਵਰਤੋਂ ਕਰੋ। 5. ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲ ਪਾਓ। 6. ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। 7. ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ। 8. ਮੌਸਮੀ ਫਲ ਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਮੌਸਮੀ, ਖਰਬੂਜਾ ਤੇ ਖੀਰੇ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। 9. ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਵਰਗੇ ਘਰੇਲੂ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਤੇ ਸੇਵਨ ਵਧਾਓ। 10. ਆਪਣੀ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਤੇ ਅੱਖਾਂ ਦੀ ਸੁਰੱਖਿਆ ਲਈ ਗੂੜ੍ਹੇ ਚਸ਼ਮੇ ਪਾਓ। ਕੀ ਨਹੀਂ ਕਰਨਾ ਚਾਹੀਦਾ : • ਧੁੱਪ ਵਿਚ ਖਾਸ ਤੌਰ ‘ਤੇ ਦੁਪਹਿਰ 12 ਤੋਂ 3 ਵਜੇ ਤੱਕ ਬਾਹਰ ਜਾਣ ਤੋਂ ਪਰਹੇਜ਼ ਕਰੋ। • ਵਧ ਗਰਮੀ ਵਾਲੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਗੁਰੇਜ਼ ਕੀਤਾ ਜਾਵੇ, ਰਸੋਈ ਨੂੰ ਚੰਗੀ ਤਰ੍ਹਾਂ ਹਵਾਦਾਰ ਰੱਖਣ ਲਈ ਦਰਵਾਜੇ ਤੇ ਖਿੜਕੀਆਂ ਖੁੱਲ੍ਹੀਆਂ ਰੱਖੋ। • ਅਲਕੋਹਲ, ਚਾਹ, ਕੌਫੀ, ਤੇ ਕਾਰਬੋਨੇਟਿਡ ਆਦਿ ਪਦਾਰਥਾਂ ਤੋਂ ਪਰਹੇਜ਼ ਕਰੋ ਕਿਉਂਕਿ ਇਹ ਅਸਲ ਵਿਚ ਬਾਡੀ ਫਲੂਡਜ਼ ਨੂੰ ਖਤਮ ਕਰਦੇ ਹਨ। • ਤਲੇ ਹੋਏ ਭੋਜਨ ਤੋਂ ਪਰਹੇਜ਼ ਕਰੋ, ਬਾਸੀ ਭੋਜਨ ਨਾ ਖਾਓ। • ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਤਾਲਾਬੰਦ ਵਾਹਨ ਵਿਚ ਨਾ ਛੱਡੋ।