ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾਂ ਲਈ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੱਧੂ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ
ਅਮਰੀਕ ਸਿੰਘ ਮੱਲ੍ਹੀ/ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ, ਕਪੂਰਥਲਾ:
ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਮੀਟਿੰਗ ’ਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਕਪੂਰਥਲਾ ਹਲਕੇ ਦੇ ਇੰਚਾਰਜ ਐਚ ਐਸ ਵਾਲੀਆ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੀਟਿੰਗ ਵਿੱਚ ਪਾਰਟੀ ਦੀ ਮਜ਼ਬੂਤੀ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਨੂੰ ਲੈ ਕੇ ਵਿਚਾਰ-ਵਟਾਂਦਰਾ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੇ ਵਲੋਂ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ, ਜਿਨ੍ਹਾਂ ਵਿਚ ਸੰਜੀਵ ਕੁਮਾਰ ਹੈਪੀ ਨੂੰ ਜ਼ਿਲ੍ਹਾ ਸਕੱਤਰ ਜਨਰਲ, ਪਰਦੂਮਨ ਸਿੰਘ ਭੇਟਾਂ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਰਾਜਿੰਦਰ ਸਿੰਘ ਧੰਜਲ ਨੂੰ ਜ਼ਿਲ੍ਹਾ ਜਰਨਲ ਸਕੱਤਰ, ਸੁਖਜਿੰਦਰ ਸਿੰਘ ਸੇਖੋਂ ਨੂੰ ਜ਼ਿਲ੍ਹਾ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਉਮੀਦ ਜਤਾਈ ਕਿ ਨਵ-ਨਿਯੁਕਤ ਅਹੁਦੇਦਾਰ ਪਾਰਟੀ ਦੇ ਸਿਧਾਂਤਾਂ ’ਤੇ ਚੱਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾਂ ਲਈ ਕੰਮ ਕਰਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਹੀ ਇਕ ਐਸੀ ਜ਼ਮੀਨ ਨਾਲ ਜੁੜੀ ਪਾਰਟੀ ਹੈ ਜੋ ਆਪਣੇ ਵਰਕਰਾਂ ਨੂੰ ਸਮੇਂ-ਸਮੇਂ ’ਤੇ ਜਿੰਮੇਵਾਰੀਆਂ ਦੇ ਕੇ ਉਹਨਾਂ ਦਾ ਸਨਮਾਨ ਕਰਦੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਾਰਟੀ ਪਹਿਲਾ ਤੋਂ ਜਿਆਦਾ ਤੇਜ਼ ਗਤੀ ਨਾਲ ਕੰਮ ਕਰ ਰਹੀ ਹੈ ਅਤੇ ਦਿਨ ਬ ਦਿਨ ਲੋਕ ਅਕਾਲੀ ਦਲ ਦੇ ਨਾਲ ਜੁੜ ਰਹੇ ਹਨ । ਆਉਣ ਵਾਲੇ ਦਿਨਾਂ ਵਿਚ ਪਾਰਟੀ ਦਾ ਹੋਰ ਵੀ ਜਿਆਦਾ ਵਿਸਥਾਰ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਆਪਣੇ ਨਾਲ ਜੋੜਿਆ ਜਾਵੇਗਾ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਤੇ ਵਿਸ਼ਵਾਸ ਕਰ ਕੇ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ, ਜਿਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਅਤੇ ਹਲਕਾ ਇੰਚਾਰਜ ਐਚ ਐਸ ਵਾਲੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੇ ਤਨ, ਮਨ ਨਾਲ ਮਿਹਨਤ ਤੇ ਇਮਾਨਦਾਰੀ ਦੇ ਨਾਲ ਪਾਰਟੀ ਲਈ ਕੰਮ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਚੜ੍ਹਦੀਕਲਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਅਤੇ ਪਾਰਟੀ ਵੱਲੋਂ ਕੀਤੇ ਕੰਮਾਂ ਪ੍ਰਤੀ ਨਵੀਂ ਪੀੜੀ ਨੂੰ ਜਾਗਰੂਕ ਕੀਤਾ ਕਰਨਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ, ਅੱਜ ਕੇਂਦਰੀ ਤਾਕਤਾਂ ਵੱਲੋਂ ਅਕਾਲੀ ਦਲ ਨੂੰ ਢਾਅ ਲਾਉਣ ਦੀਆਂ ਕੋਝੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਦੇ ਲੋਕ ਕਦੇ ਵੀ ਖੇਤਰੀ ਧਿਰ ਨੂੰ ਕਮਜ਼ੋਰ ਨਹੀਂ ਹੋਣ ਦੇਣਗੇ। ਇਸ ਮੌਕੇ ਐੱਚਐੱਸ ਵਾਲੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕੰਮ ਕਰਨ ਵਾਲੇ ਜੁਝਾਰੂ ਨੌਜਵਾਨਾਂ ਦੀ ਜ਼ਰੂਰਤ ਹੈ ਕਿਉਂਕਿ ਆਉਣ ਵਾਲੇ ਸਮੇਂ ’ਚ ਨੌਜਵਾਨਾਂ ਨੂੰ ਸਿਆਸਤ ’ਚ ਆਉਣਾ ਪਵੇਗਾ। ਉਨ੍ਹਾਂ ਨੇ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਸੀਨੀਅਰ ਆਗੂ ਅਜੈ ਬਬਲਾ, ਜਗਜੀਤ ਸਿੰਘ ਸ਼ੰਮੀ, ਸਾਬਕਾ ਕੌਂਸਲਰ ਰਾਣਾ ਸੁਰਜੀਤ ਸਿੰਘ, ਮੈਂਬਰ ਪੰਚਾਇਤ ਸੁਖਵਿੰਦਰ ਸਿੰਘ ਸੌਖਾ ਸਿੱਧਵਾਂ ਦੋਨਾਂ, ਜਸਪਾਲ ਸਿੰਘ ਪਾਲਾ ਫਿਆਲੀ, ਬਲਵਿੰਦਰ ਬਾਬਾ ਸਿੱਧਵਾਂ ਦੋਨਾਂ ਆਦਿ ਹਾਜ਼ਰ ਸਨ।