ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ
ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ
Publish Date: Tue, 24 Mar 2026 07:17 PM (IST)
Updated Date: Tue, 24 Mar 2026 07:19 PM (IST)

ਅਮਰੀਕ ਸਿੰਘ ਮੱਲ੍ਹੀ\ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਹਲਕਾ ਕਪੂਰਥਲਾ ਵੱਲੋਂ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕਾ ਇੰਚਾਰਜ ਹਰਕ੍ਰਿਸ਼ਨ ਸਿੰਘ ਵਾਲੀਆ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਵੱਲੋਂ ਨਿਯੁਕਤੀਆਂ ਕੀਤੀਆਂ ਗਈਆਂ, ਜਿਸ ਦੇ ਤਹਿਤ ਸੁਖਦੇਵ ਸਿੰਘ ਨੂੰ ਜ਼ਿਲ੍ਹਾ ਜਰਨਲ ਸਕੱਤਰ, ਸੁਰਜੀਤ ਸ਼ਰਮਾ ਨੂੰ ਜ਼ਿਲ੍ਹਾ ਸਕੱਤਰ, ਯਸ਼ਪਾਲ ਨਾਹਰ ਨੂੰ ਜ਼ਿਲ੍ਹਾ ਉਪ ਪ੍ਰਧਾਨ, ਰਾਜ ਕੁਮਾਰ ਸ਼ਰਮਾ ਨੂੰ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਨਵੇਂ ਅਹੁਦੇਦਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਨਿਰੰਤਰ ਸੇਵਾਵਾਂ ਨੂੰ ਦੇਖਦੇ ਹੋਏ ਇਹ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਸਿੱਧੂ ਨੇ ਆਸ ਪ੍ਰਗਟਾਈ ਕਿ ਨਵੇਂ ਅਹੁਦੇਦਾਰ ਆਪਣੀਆਂ ਸੇਵਾਵਾਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਨਿਰੰਤਰ ਜਾਰੀ ਰੱਖਣਗੇ। ਸਿੱਧੂ ਨੇ ਕਿਹਾ ਕਿ ਪਾਰਟੀ ਵੱਲੋਂ ਸੰਗਠਨ ਦੇ ਵਿਸਤਾਰ ਤੇ ਮਜ਼ਬੂਤੀ ਲਈ ਲਗਾਤਾਰ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਨਵੀਂ ਤਾਕਤ ਮਿਲੇਗੀ ਤੇ ਪਾਰਟੀ ਨਾਲ ਜੁੜਨ ਵਾਲੇ ਹਰ ਵਰਕਰ ਨੂੰ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ। ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਸੂਬੇ ਦੀ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਅਕਾਲੀ ਦਲ ਨੂੰ ਮਜ਼ਬੂਤ ਕਰਨ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਉਹ ਸੂਬਾ ਹੀ ਤਰੱਕੀ ਕਰਦਾ ਹੈ, ਜਿਥੇ ਡਰ ਦਾ ਮਾਹੌਲ ਨਾ ਹੋਵੇ ਪਰ ਅੱਜ ਪੰਜਾਬ ਵਿਚ ਹਰ ਪਾਸੇ ਡਰ ਦਾ ਮਾਹੌਲ ਬਣ ਗਿਆ ਹੈ, ਗੈਂਗਸਟਰਵਾਦ ਵਧਿਆ ਹੈ, ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ। ਅਕਾਲੀ ਦਲ ਦੀ ਸਰਕਾਰ ਦੇ ਵੇਲੇ ਦੇ ਕੰਮਾਂ ਦਾ ਜ਼ਿਕਰ ਕਰਦੇ ਸਿੱਧੂ ਨੇ ਕਿਹਾ ਕਿ ਜੋ ਕੁਝ ਵੀ ਅੱਜ ਪੰਜਾਬ ਵਿਚ ਬਣਿਆ ਹੋਇਆ ਹੈ, ਉਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਹੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਬੰਦ ਕੀਤੀਆਂ ਗਈਆਂ ਸਾਰੀਆਂ ਸਕੀਮਾਂ ਮੁੜ ਤੋਂ ਚਾਲੂ ਕੀਤੀਆਂ ਜਾਣਗੀਆਂ। ਇਸ ਮੌਕੇ ਪੀਏਸੀ ਦੇ ਮੈਂਬਰ ਅਜੈ ਬਬਲਾ, ਸੀਨੀਅਰ ਅਕਾਲੀ ਆਗੂ ਜਗਜੀਤ ਸਿੰਘ ਸ਼ੰਮੀ, ਅਸ਼ੋਕ ਭਗਤ, ਅਮਰਜੀਤ ਸਿੰਘ ਥਿੰਦ, ਹਰਪ੍ਰੀਤ ਸਿੰਘ ਹੈਪੀ, ਸੁਖਜਿੰਦਰ ਸਿੰਘ ਸੇਖੋਂ ਆਦਿ ਹਾਜ਼ਰ ਸਨ।