ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਪੂਰੀ ਤਿਆਰੀ ਨਾਲ ਲੜੇਗੀ - ਇਮਾਨ ਸਿੰਘ ਮਾਨ

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਸ਼੍ਰੋਮਣੀ ਅਕਾਲੀ ਦਲ (ਅ) 13 ਜੂਨ ਨੂੰ ਦੁਆਬੇ ਦੀ ਧਰਤੀ ਫਗਵਾੜਾ ਵਿਖੇ ਬੇਗ਼ਮਪੁਰਾ ਪੰਥਕ ਇੱਕਠ ਕਰ ਕੇ ਪੰਥਕ ਲਹਿਰ ਦੀ ਸ਼ੁਰੂਆਤ ਕਰੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜੱਖੂ ਹਸਪਤਾਲ ਫਗਵਾੜਾ ਵਿਖੇ ਦੁਆਬੇ ਦੇ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪੰਜਾਬ ਅੰਦਰ ਭਾਈਚਾਰਕ ਸਾਂਝ ਪੈਦਾ ਕਰਨ ਫਗਵਾੜਾ ਦੀ ਦਾਣਾ ਮੰਡੀ ਵਿਖੇ 13 ਜੂਨ ਨੂੰ ਬੇਗ਼ਮਪੁਰਾ ਪੰਥਕ ਇੱਕਠ ਕਰ ਕੇ ਪੰਥਕ ਲਹਿਰ ਦੀ ਸ਼ੁਰੂਆਤ ਕਰੇਗਾ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਿਧਾਂਤ ’ਤੇ ਚੱਲ ਕੇ ਬੇਗ਼ਮਪੁਰਾ ਖਾਲਿਸਤਾਨ ਰਾਜ ਸਥਾਪਿਤ ਕਰਨ ਲਈ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਅੰਮ੍ਰਿਤਸਰ ਦਾ ਬੇਗ਼ਮਪੁਰਾ ਖਾਲਿਸਤਾਨ ਦੀ ਸਥਾਪਨਾ ਕਰਨ ਦਾ ਮੁੱਖ ਮੰਤਵ ਪੰਜਾਬ ਅੰਦਰ ਭਾਈਚਾਰਕ ਸਾਂਝ ਪੈਦਾ ਕਰਨਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਥਕ ਏਕਤਾ ਕਰਕੇ ਪੰਜਾਬ ਵਿੱਚ ਪੰਥਕ ਸਰਕਾਰ ਬਣਾਉਣ ਲਈ ਅਕਾਲੀ ਦਲ ਅੰਮ੍ਰਿਤਸਰ ਹਮੇਸ਼ਾ ਹੀ ਹਾਮੀ ਭਰਦਾ ਹੈ ਅਤੇ ਪੰਥਕ ਏਕਤਾ ਨੂੰ ਲੈ ਕੇ ਪਾਰਟੀ ਅੰਦਰ ਕੋਈ ਕਿੰਤੂ ਪ੍ਰੰਤੂ ਨਹੀਂ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਦੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਅਤੇ ਪੰਜਾਬ ਦਾ ਹਰ ਵਰਗ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁੱਖੀ ਹੈ। ਇਸ ਮੌਕੇ ਪਾਰਟੀ ਦੇ ਕਾਰਜਕਾਰਨੀ ਪ੍ਰਧਾਨ ਇਮਾਨ ਮਾਨ ਨੇ ਕਿਹਾ ਕਿ ਪਾਰਟੀ 2027 ਵਿੱਚ ਹੋਣ ਜਾਣ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਪੂਰੀ ਤਿਆਰੀ ਨਾਲ ਲੜੇਗੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਚੱਲਦਾ ਕਰ ਕੇ ਗੁਰੂ ਸਾਹਿਬਾਨ ਦੀ ਸੋਚ ਦੀ ਪੰਥਕ ਸਰਕਾਰ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।