ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਦਾ ਸਿੱਧਾ ਲਾਭ ਮਿਲ ਰਿਹੈ : ਇੰਡੀਅਨ
ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਰੋਜ਼ਗਾਰ, ਸਿੱਖਿਆ, ਖੇਤੀਬਾੜੀ ਤੇ ਸਿਹਤ ਯੋਜਨਾਵਾਂ ਦਾ ਸਿੱਧਾ ਲਾਭ ਪਹੁੰਚ ਰਿਹੈ-ਇੰਡੀਅਨ
Publish Date: Sun, 07 Dec 2025 06:56 PM (IST)
Updated Date: Sun, 07 Dec 2025 06:57 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੁਣ ਤੱਕ ਦੇ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਦੇ ਭਰੋਸੇ ’ਤੇ ਖਰਾ ਉਤਰਦਿਆਂ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ। ਇਨ੍ਹਾਂ ਵਿਚਾਰ ਦਾ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕਤੱਰ ਗੁਰਪਾਲ ਸਿੰਘ ਇੰਡੀਅਨ ਨੇ ਐਤਵਾਰ ਨੂੰ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਖੇਤੀਬਾੜੀ ਤੇ ਰੋਜ਼ਗਾਰ ਖੇਤਰਾਂ ’ਚ ਅਜਿਹੇ ਕਦਮ ਚੁੱਕੇ ਹਨ, ਜਿਨ੍ਹਾਂ ਨਾਲ ਆਮ ਜਨਤਾ ਨੂੰ ਸਿੱਧਾ ਲਾਭ ਪਹੁੰਚ ਰਿਹਾ ਹੈ। ਗੁਰਪਾਲ ਇੰਡੀਅਨ ਨੇ ਕਿਹਾ ਕਿ ਸਰਕਾਰ ਨੇ ਰਾਜ ਦੇ ਸਰਕਾਰੀ ਸਕੂਲਾਂ ਨੂੰ ਮਾਡਲ ਸਕੂਲਾਂ ’ਚ ਤਬਦੀਲ ਕਰ ਕੇ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਮੁਹੱਈਆ ਕਰਵਾਈ ਹੈ। ਸਿਹਤ ਖੇਤਰ ’ਚ ਆਮ ਆਦਮੀ ਕਲੀਨਿਕਾਂ ਦੇ ਜ਼ਰੀਏ ਹਜ਼ਾਰਾਂ ਲੋਕਾਂ ਨੂੰ ਮੁਫ਼ਤ ਇਲਾਜ ਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ। ਖੇਤੀਬਾੜੀ ਦੇ ਵਿਕਾਸ ਲਈ ਕਿਸਾਨਾਂ ਨੂੰ ਬਿਜਲੀ ਸਬਸਿਡੀ, ਫਸਲਾਂ ਦੇ ਵਾਜਬ ਭਾਅ ਤੇ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰ ਨੌਜਵਾਨਾਂ ਲਈ ਨੌਕਰੀ ਮੇਲੇ ਲਗਾ ਕੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਗਏ ਹਨ, ਜਦਕਿ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਸਰਕਾਰ ਨੇ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਪਾਰਦਰਸ਼ੀ ਪ੍ਰਸ਼ਾਸਨ ਦੀ ਸਥਾਪਨਾ ਕੀਤੀ ਹੈ, ਜਿਸ ਨਾਲ ਲੋਕਾਂ ਦਾ ਸਰਕਾਰ ਪ੍ਰਤੀ ਹੋਰ ਵੀ ਵਿਸ਼ਵਾਸ ਵਧਿਆ ਹੈ। ਨਸ਼ਿਆਂ ਵਿਰੁੱਧ ਅਭਿਆਨ ਸਬੰਧੀ ਗੱਲ ਕਰਦਿਆਂ ਗੁਰਪਾਲ ਇੰਡੀਅਨ ਨੇ ਕਿਹਾ ਕਿ ਆਪ ਸਰਕਾਰ ਨੇ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯੁੱਧ ਪੱਧਰ ’ਤੇ ਅਭਿਆਨ ਸ਼ੁਰੂ ਕੀਤਾ ਹੈ, ਜਿਸ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਤੇ ਸਿੱਖਿਆ ਵੱਲ ਪ੍ਰੇਰਿਤ ਕਰਨ ਲਈ ਵਿਸ਼ਾਲ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਅਭਿਆਨ ਲੋਕਾਂ ਦੇ ਸਹਿਯੋਗ ਨਾਲ ਹੀ ਸਫਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਮੁੱਖ ਮਕਸਦ ਆਮ ਆਦਮੀ ਨੂੰ ਸੱਤਾ ਦੇ ਕੇ ਉਸਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਭਗਵੰਤ ਮਾਨ ਸਰਕਾਰ ਇਸੇ ਜਜ਼ਬੇ ਨਾਲ ਪੰਜਾਬ ਨੂੰ ਤਰੱਕੀ ਦੀ ਨਵੀਂ ਦਿਸ਼ਾ ਵੱਲ੍ਹ ਲੈ ਕੇ ਜਾਵੇਗੀ।