ਪਿੰਡ ਬੂਲਪੁਰ ’ਚ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ
ਪਿੰਡ ਬੂਲਪੁਰ ਵਿਖੇ ਸੰਤ ਬਾਬਾ ਬੀਰ ਸਿੰਘ ਦੇ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ
Publish Date: Tue, 05 May 2026 10:19 PM (IST)
Updated Date: Tue, 05 May 2026 10:20 PM (IST)

17 ਮਈ ਨੂੰ ਸਜਣਗੇ ਸੁੰਦਰ ਦੀਵਾਨ, ਸੰਗਤਾਂ ਚ ਭਾਰੀ ਉਤਸ਼ਾਹ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਹਾਨ ਤਪੱਸਵੀ ਪਰਉਪਕਾਰੀ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਨਿੱਘੀ ਯਾਦ ਵਿਚ 182ਵਾਂ ਸਲਾਨਾ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਬੂਲਪੁਰ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਦੀ ਅਗਵਾਈ ਹੇਠ ਦੇਸ਼ ਵਿਦੇਸ਼ ਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜੰਗੀ ਪੱਧਰ ਤੇ ਚੱਲ ਰਹੀਆਂ ਹਨ ਤੇ ਗੁਰੂ ਘਰ ਵਿਖੇ ਸੇਵਾਦਾਰਾਂ ਤੇ ਸੰਗਤਾਂ ਵੱਲੋਂ ਨਿਰੰਤਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਸ ਸਲਾਨਾ ਜੋੜ ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਧੰਨ ਧੰਨ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ ਸਾਲਾਨਾ ਸ਼ਹੀਦੀ ਜੋੜ ਮੇਲਾ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦੀ ਜੋੜ ਮੇਲੇ ਮੌਕੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਬੂਲਪਰ ਵਿਖੇ 13 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਆਰੰਭ ਹੋਵੇਗੀ, ਜਿਸ ਦੇ ਭੋਗ 15 ਮਈ ਨੂੰ ਪਾਏ ਜਾਣਗੇ। ਇਸੇ ਪ੍ਰਕਾਰ ਸ੍ਰੀ ਅਖੰਡ ਪਾਠ ਸਾਹਿਬ ਦੀ ਦੂਜੀ ਲੜੀ 15 ਮਈ ਦਿਨ ਸ਼ੁੱਕਰਵਾਰ ਨੂੰ ਸੁਰੂ ਹੋਵੇਗੀ, ਜਿਸ ਦੇ ਭੋਗ 17 ਮਈ ਦਿਨ ਐਤਵਾਰ ਨੂੰ ਪਾਏ ਜਾਣਗੇ। ਇਸ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿਚ ਪ੍ਰਸਿੱਧ ਕਥਾਵਾਚਕ ਭਾਈ ਗੁਰਦੇਵ ਸਿੰਘ ਦੰਦੂਪੁਰ ਵਾਲੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ, ਉਥੇ ਹੀ ਪੰਥ ਪ੍ਰਸਿੱਧ ਭਾਈ ਮੇਜਰ ਸਿੰਘ ਖਾਲਸਾ ਦਾ ਢਾਡੀ ਜਥਾ ਬਾਬਾ ਬੀਰ ਸਿੰਘ ਜੀ ਦੀਆਂ ਵਾਰਾਂ ਤੇ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰੇਗਾ। ਇਸ ਦੌਰਾਨ ਬਾਬਾ ਬੀਰ ਸਿੰਘ ਬਲੱਡ ਡੋਨੇਟ ਸੋਸਾਇਟੀ ਕਪੂਰਥਲਾ ਦੁਆਰਾ ਹਰ ਸਾਲ ਦੀ ਤਰ੍ਹਾਂ ਖੂਨਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।