ਪਾਣੀ ਦੀ ਸੰਭਾਲ ਲਈ ਜਨਤਕ ਜਾਗਰੂਕਤਾ ਜ਼ਰੂਰੀ : ਪ੍ਰਦੀਪ ਕੁਮਾਰ
ਪਾਣੀ ਦੀ ਸੰਭਾਲ ਲਈ ਜਨਤਕ ਜਾਗਰੂਕਤਾ ਜ਼ਰੂਰੀ ਹੈ : ਪ੍ਰਦੀਪ ਕੁਮਾਰ
Publish Date: Mon, 04 May 2026 05:38 PM (IST)
Updated Date: Tue, 05 May 2026 04:06 AM (IST)

ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਸਿੱਖਿਆ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਦੇ ਖਾਤਮੇ ਅਤੇ ਵਾਤਾਵਰਣ ਸੁਰੱਖਿਆ ਤੇ ਵਿਸ਼ੇਸ਼ ਜ਼ੋਰ ਦਿੰਦੇ ਹੋਏ ਭਾਜਪਾ ਐੱਸਸੀ ਮੋਰਚਾ ਦੇ ਸੂਬਾ ਚੀਫ ਕੋਆਡੀਨੇਟਰ ਪ੍ਰਦੀਪ ਕੁਮਾਰ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਦੀ ਸਫਲਤਾ ਨੂੰ ਮਹੱਤਵਪੂਰਨ ਦੱਸਦੇ ਹੋਏ ਕਿਹਾ ਕਿ ਮੌਜੂਦਾ ਸਮੇਂ ਵਿੱਚ ਲਗਾਤਾਰ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਰੋਕਣਾ ਵੀ ਓਨਾ ਹੀ ਜ਼ਰੂਰੀ ਹੈ ਕਿਉਂਕਿ ਪਾਣੀ ਤੋਂ ਬਿਨਾਂ ਸੁਰੱਖਿਅਤ ਭਵਿੱਖ ਦੀ ਕਲਪਨਾ ਕਰਨਾ ਅਸੰਭਵ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਚਿੰਤਾਜਨਕ ਤੌਰ ’ਤੇ ਹੇਠਾਂ ਜਾ ਰਿਹਾ ਹੈ ਤੇ ਜੇਕਰ ਸਮੇਂ ਸਿਰ ਠੋਸ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰਨਾ ਪਵੇਗਾ।ਉਨ੍ਹਾਂ ਅਨੁਸਾਰ ਭਾਵੇਂ ਸਰਕਾਰ ਅਤੇ ਪ੍ਰਸ਼ਾਸਨ ਇਸ ਦਿਸ਼ਾ ਵਿੱਚ ਸੁਚੇਤ ਹਨ, ਪਰ ਇਸ ਗੰਭੀਰ ਸਮੱਸਿਆ ਦਾ ਸਥਾਈ ਹੱਲ ਜਨਤਕ ਜਾਗਰੂਕਤਾ ਰਾਹੀਂ ਹੀ ਸੰਭਵ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਦੀ ਅਗਵਾਈ ਕਰਨ ਲਈ ਉਤਸ਼ਾਹਿਤ ਕੀਤਾ, ਸਕੂਲ, ਪਰਿਵਾਰ ਅਤੇ ਸਮਾਜ ਦੀ ਭੂਮਿਕਾ ’ਤੇ ਜ਼ੋਰ ਦਿੱਤਾ। ਪ੍ਰਦੀਪ ਕੁਮਾਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਟੂਟੀਆਂ ਚੱਲਦੀਆਂ ਨਾ ਛੱਡਣ ਅਤੇ ਮੀਂਹ ਦੇ ਪਾਣੀ ਦੀ ਸੰਭਾਲ ਵਰਗੇ ਅਭਿਆਸਾਂ ਨੂੰ ਅਪਣਾ ਕੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਜਾਗਰੂਕ ਕਰਨ। ਖੇਤੀਬਾੜੀ ਵਿੱਚ ਪਾਣੀ ਦੀ ਬਰਬਾਦੀ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਝੋਨੇ ਵਰਗੀਆਂ ਫਸਲਾਂ ਕਾਰਨ ਜ਼ਮੀਨੀ ਪਾਣੀ ਦੀ ਬਹੁਤ ਜ਼ਿਆਦਾ ਵਰਤੋਂ ਹੋਣ ਕਾਰਨ,ਕਿਸਾਨਾਂ ਨੂੰ ਤੁਪਕਾ ਸਿੰਚਾਈ ਅਤੇ ਸਪ੍ਰਿੰਕਲਰ ਵਰਗੀਆਂ ਆਧੁਨਿਕ ਸਿੰਚਾਈ ਤਕਨੀਕਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨਾ ਜ਼ਰੂਰੀ ਹੈ।ਅੰਤ ਵਿੱਚ ਪ੍ਰਦੀਪ ਕੁਮਾਰ ਨੇ ਕਿਹਾ ਕਿ ਸਾਰੀਆਂ ਵਿਦਿਅਕ ਸੰਸਥਾਵਾਂ ਨੂੰ ਵਾਤਾਵਰਣ ਸੰਭਾਲ ਅਤੇ ਰੁੱਖ ਲਗਾਉਣ ਵਰਗੀਆਂ ਮੁਹਿੰਮਾਂ ਰਾਹੀਂ ਅਕਾਦਮਿਕ ਉੱਤਮਤਾ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਰਹਿੰਦੇ ਹੋਏ,ਭਵਿੱਖ ਵਿੱਚ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕਾਂ ਵਿੱਚ ਵਿਕਸਤ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ।