ਹੜ੍ਹ ਪੀੜਤਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਭਾਜਪਾ : ਸਾਂਪਲਾ
ਪੰਜਾਬ ਭਾਜਪਾ ਅਤੇ ਕੇਂਦਰ ਦੀ ਮੋਦੀ ਸਰਕਾਰ ਹੜ੍ਹ ਪੀੜਤਾਂ ਦੇ ਨਾਲ : ਵਿਜੇ ਸਾਂਪਲਾ
Publish Date: Sat, 06 Sep 2025 06:38 PM (IST)
Updated Date: Sat, 06 Sep 2025 06:40 PM (IST)

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਅਗਵਾਈ ਹੇਠ ਪੰਜਾਬ ਭਾਜਪਾ ਨੇ ਅੱਜ ਐਸ.ਡੀ.ਐਮ. ਫਗਵਾੜਾ ਜਸ਼ਨਜੀਤ ਸਿੰਘ ਨੂੰ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਂਟ ਕੀਤੀ। ਜਿਨ੍ਹਾਂ ‘ਚ ਮੁੱਖ ਤੌਰ ’ਤੇ ਤਰਪਾਲਾਂ, ਮੱਛਰਾਂ ਤੋਂ ਬਚਾਅ ਲਈ ਦਵਾਈਆਂ ਅਤੇ ਹੋਰ ਵਸਤਾਂ ਸ਼ਾਮਲ ਸਨ। ਭਾਜਪਾ ਦੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਐਸ.ਡੀ.ਐਮ. ਜਸ਼ਨਜੀਤ ਸਿੰਘ ਨੇ ਕਿਹਾ ਕਿ ਇਸ ਮੁਸ਼ਕਿਲ ਸਮੇਂ ਦੀ ਮੰਗ ਹੈ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇ ਅਤੇ ਖੁਸ਼ੀ ਦੀ ਗੱਲ ਹੈ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਇਸ ਸਮੇਂ ਹੜ੍ਹ ਪੀੜਤਾਂ ਦੀ ਮੱਦਦ ਲਈ ਪੂਰੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਸਾਰਿਆਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਬਰਸਾਤ ਦੇ ਮੌਸਮ ਦੌਰਾਨ ਹੋਣ ਵਾਲੀਆਂ ਆਮ ਬਿਮਾਰੀਆਂ ਤੋਂ ਬਚਾਅ ਲਈ ਹੋਰ ਸਮੱਗਰੀ ਦੇ ਨਾਲ ਮੈਡੀਕਲ ਨਾਲ ਸਬੰਧਤ ਸਮੱਗਰੀ ਦਾ ਪ੍ਰਬੰਧ ਵੀ ਜ਼ਰੂਰ ਕੀਤਾ ਜਾਵੇ। ਇਸ ਮੌਕੇ ਗੱਲਬਾਤ ਦੌਰਾਨ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਪੰਜਾਬ ਭਾਜਪਾ ਆਫ਼ਤ ਦੀ ਇਸ ਘੜੀ ਵਿੱਚ ਹੜ੍ਹ ਪੀੜਤਾਂ ਦੇ ਪੂਰੀ ਤਰ੍ਹਾਂ ਨਾਲ ਖੜ੍ਹੀ ਹੈ। ਕੱਲ੍ਹ ਹੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਨਿਰੀਖਣ ਕੀਤਾ ਅਤੇ ਕੇਂਦਰ ਤੋਂ ਤੁਰੰਤ ਰਾਹਤ ਪੈਕੇਜ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਜਿੱਥੇ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਪ੍ਰਤੀ ਦਿਖਾਈ ਜਾ ਰਹੀ ਹਮਦਰਦੀ ਅਤੇ ਉਨ੍ਹਾਂ ਨੂੰ ਲੋੜੀਂਦੀ ਰਾਹਤ ਪਹੁੰਚਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ, ਉੱਥੇ ਹੀ ਉਨ੍ਹਾਂ ਪੰਜਾਬ ਸਰਕਾਰ ਦੇ ਕੰਮ ਕਰਨ ਦੇ ਢੰਗ ’ਤੇ ਵੀ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ। ਇਸ ਦੌਰਾਨ ਸੀਨੀਅਰ ਭਾਜਪਾ ਆਗੂ ਆਸ਼ੂ ਸਾਂਪਲਾ ਨੇ ਭਰੋਸਾ ਦਿੱਤਾ ਕਿ ਫਗਵਾੜਾ ਵਿਧਾਨ ਸਭਾ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੀੜਤ ਪਰਿਵਾਰਾਂ ਨੂੰ ਲੋੜੀਂਦੀ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ’ਤੇ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਬਲਭੱਦਰ ਸੇਨ ਦੁੱਗਲ, ਨਗਰ ਸੁਧਾਰ ਟਰੱਸਟ ਫਗਵਾੜਾ ਦੇ ਸਾਬਕਾ ਚੇਅਰਮੈਨ ਤੇਜਸਵੀ ਭਾਰਦਵਾਜ, ਮਹਿੰਦਰ ਥਾਪਰ, ਕਸ਼ਮੀਰ ਮਾਹੀ, ਪ੍ਰਮੋਦ ਮਿਸ਼ਰਾ, ਆਸ਼ੂ ਪੁਰੀ, ਰਾਜਕੁਮਾਰ ਰਾਣਾ, ਦੀਪਕ ਮਲਹੋਤਰਾ, ਬੱਲੂ ਵਾਲੀਆ, ਅਸ਼ੋਕ ਦੁੱਗਲ, ਸ਼ਿਵਰੰਜਨ ਦੁੱਗਲ, ਲੋਕੇਸ਼ ਬਾਲੀ, ਸ਼ੁਭਮ ਠਾਕੁਰ, ਸਿਧਾਰਥ ਰਾਜ, ਸ਼ੁਕਲਾ ਰਾਏ, ਸੁਰਿੰਦਰ ਜੌਰਡਨ, ਦੀਨਬੰਧੂ ਪਾਂਡੇ, ਐਡਵੋਕੇਟ ਗੁਰਦੇਵ ਦੇਬੀ ਆਦਿ ਹਾਜ਼ਰ ਸਨ।