ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਵਚਨਬੱਧ : ਐਡਵੋਕੇਟ ਚੰਦੀ
ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਵਚਨਬੱਧ-ਐਡਵੋਕੇਟ ਚੰਦੀ
Publish Date: Sat, 09 May 2026 08:54 PM (IST)
Updated Date: Sat, 09 May 2026 08:57 PM (IST)

--ਪਿੰਡ ਨੱਥੂਚਾਹਲ ਦੇ ਖੇਡ ਮੈਦਾਨ ਦਾ ਆਪ ਹਲਕਾ ਇੰਚਾਰਜ ਨੇ ਕੀਤਾ ਉਦਘਾਟਨ --ਕਿਹਾ-ਵਿਕਾਸ ਦੀ ਰਾਹ ਵੱਲ ਵਧ ਰਿਹਾ ਹਲਕਾ ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਪੂਰਥਲਾ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵੱਲੋਂ ਹਲਕੇ ਦੇ ਪਿੰਡ ਨੱਥੂਚਾਹਲ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਚੰਦੀ ਨੇ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਖੇਡ ਮੈਦਾਨ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ 3100 ਨਵੇਂ ਪੇਂਡੂ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤੇ ਇਹ ਖੇਡ ਮੈਦਾਨ ਨੌਜਵਾਨਾਂ ਦੀ ਖੇਡਾਂ ਵਿਚ ਸ਼ਮੂਲੀਅਤ ਵਧਾਉਣ ਵੱਲ ਇਕ ਮੀਲ ਪੱਥਰ ਸਾਬਤ ਹੋਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮੁੱਖ ਮਕਸਦ ਸਿੱਖਿਆ ਦਾ ਪੱਧਰ ਉੱਚਾ ਚੁੱਕਣਾ ਤੇ ਨੌਜਵਾਨਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਐਡਵੋਕੇਟ ਚੰਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਖੇਡ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਮੌਕੇ ਮਿਲ ਸਕਣ। ਮੈਦਾਨ ਵਿਚ ਖਿਡਾਰੀਆਂ ਲਈ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ ਤਾਂ ਜੋ ਪਿੰਡ ਦੇ ਨੌਜਵਾਨ ਵੱਖ-ਵੱਖ ਖੇਡਾਂ ਵਿਚ ਭਾਗ ਲੈ ਕੇ ਆਪਣਾ ਤੇ ਇਲਾਕੇ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਮੈਦਾਨ ਬਣਾਉਣਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਤੇ ਉਨ੍ਹਾਂ ਲਈ ਸਿਹਤਮੰਦ ਮਾਹੌਲ ਤਿਆਰ ਕਰਨਾ ਵੀ ਹੈ। ਐਡਵੋਕੇਟ ਚੰਦੀ ਨੇ ਕਿਹਾ ਕਿ ਖੇਡਾਂ ਨਾਲ ਜੁੜਿਆ ਨੌਜਵਾਨ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦਾ ਹੈ। ਖੇਡਾਂ ਸਰੀਰ ਨੂੰ ਤੰਦਰੁਸਤ ਤੇ ਮਨ ਨੂੰ ਮਜ਼ਬੂਤ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਦੇਸ਼ ਨੂੰ ਕਈ ਮਾਣਯੋਗ ਖਿਡਾਰੀ ਦਿੱਤੇ ਹਨ ਤੇ ਸਰਕਾਰ ਦੀ ਕੋਸ਼ਿਸ਼ ਹੈ ਕਿ ਪਿੰਡਾਂ ਵਿਚੋਂ ਹੋਰ ਨਵੀਆਂ ਪ੍ਰਤਿਭਾਵਾਂ ਨੂੰ ਉਭਾਰਿਆ ਜਾਵੇ। ਉਨ੍ਹਾਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡ ਮੈਦਾਨਾਂ ਦੀ ਸੰਭਾਲ ਕਰਨ ਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਯਤਨ ਕਰਨ। ਇਸ ਮੌਕੇ ਇਲਾਕੇ ਦੇ ਖਿਡਾਰੀਆਂ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ।