ਸਿੱਖਿਆ ਖੇਤਰ ਵਿਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ : ਐਡਵੋਕੇਟ ਚੰਦੀ
ਸਿੱਖਿਆ ਖੇਤਰ ਵਿਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਐਡਵੋਕੇਟ ਚੰਦੀ
Publish Date: Sat, 04 Apr 2026 09:58 PM (IST)
Updated Date: Sat, 04 Apr 2026 10:01 PM (IST)

--ਕਿਹਾ-4 ਸਾਲਾਂ ’ਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ --ਕੌਮੀ ਸਰਵੇਖਣ ’ਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਨੇ ਸ਼ਹਿਰ ਦੇ ਵਾਰਡ ਨੰਬਰ 46 ਵਿਖੇ ਲੋਕਾਂ ਦੇ ਭਾਰੀ ਇਕੱਠ ਦੌਰਾਨ ਪੰਜਾਬ ਦੇ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਲੜੀ ਤਹਿਤ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਚਾਰ ਸਾਲਾਂ ਦਾ ਵਿਸਥਾਰਤ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਕਾਰਡ ਵਿਚ ਦੱਸਿਆ ਗਿਆ ਕਿ ਕਿਵੇਂ ਨਿਰੰਤਰ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਮਾਡਲ ਸੰਸਥਾਵਾਂ ਵਿਚ ਬਦਲ ਰਹੀਆਂ ਹਨ, ਜਿਸ ਦੇ ਦੇਸ਼ ਭਰ ਵਿਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ਸਿੱਖਿਆ ਕ੍ਰਾਂਤੀ ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਕੌਮੀ ਮੁਲਾਂਕਣ ਵਿਚ ਚੋਟੀ ਦੀਆਂ ਦਰਜਾਬੰਦੀਆਂ, ਰਿਕਾਰਡ ਅਕਾਦਮਿਕ ਨਤੀਜੇ, ਜ਼ੀਰੋ ਪੇਪਰ ਲੀਕ ਤੇ ਬੁਨਿਆਦੀ ਢਾਂਚੇ ਤੇ ਅਧਿਆਪਕ ਸਿਖਲਾਈ ਵਿਚ ਕੀਤੇ ਬੇਮਿਸਾਲ ਨਿਵੇਸ਼ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਸ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਵਿੱਤੀ ਪ੍ਰਬੰਧ ਕੀਤੇ ਗਏ ਹਨ। ਸਾਲ 2021-22 ਵਿਚ ਸਿੱਖਿਆ ਬਜਟ 12,657 ਕਰੋੜ ਰੁਪਏ ਸੀ ਜੋ 2026-27 ਵਿਚ ਵਧਾ ਕੇ 19,279 ਕਰੋੜ ਰੁਪਏ ਕੀਤਾ ਗਿਆ ਹੈ ਜੋ ਆਪ ਸਰਕਾਰ ਵੱਲੋਂ ਇਸ ਖੇਤਰ ਨੂੰ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖਿਆ ਰਿਪੋਰਟ ਕਾਰਡ ਨਿਰੰਤਰ ਜਵਾਬਦੇਹੀ ਪ੍ਰਕਿਰਿਆ ਦਾ ਹਿੱਸਾ ਹੈ। ਇਸ ਤੋਂ ਪਹਿਲਾ ਸਿੰਚਾਈ, ਸਿਹਤ, ਖੇਡਾਂ ਤੇ ਕਾਨੂੰਨ ਵਿਵਸਥਾ ਵਰਗੇ ਪ੍ਰਮੁੱਖ ਖੇਤਰਾਂ ਵਿਚ ਵੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਸਬੰਧੀ ਅਜਿਹਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਤੇ ਇਹ ਨਤੀਜੇ ਸ਼ਾਸਨ ਦੇ ਸਾਰੇ ਹਿੱਸਿਆਂ ਵਿਚ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦੇ ਹਨ । ਉਨ੍ਹਾਂ ਨੇ ਸਕੂਲ ਤੇ ਉਚੇਰੀ ਸਿੱਖਿਆ ਵਿੱਚ ਕੀਤੇ ਵਿਆਪਕ ਸੁਧਾਰਾਂ ਦੀ ਰੂਪ-ਰੇਖਾ ਪੇਸ਼ ਕੀਤੀ ਜਿਸ ਵਿਚ ਪਿਛਲੇ ਚਾਰ ਸਾਲਾਂ ਵਿਚ ਕੀਤੇ ਗਏ ਢਾਂਚਾਗਤ ਸੁਧਾਰਾਂ, ਰਿਕਾਰਡ ਨਿਵੇਸ਼ ਤੇ ਨਤੀਜਿਆਂ ਨੂੰ ਉਜਾਗਰ ਕੀਤਾ ਗਿਆ। ਉਨ੍ਹਾਂ ਕਿਹਾ ਸਿੱਖਿਆ ਨੂੰ ਤਰਜੀਹ ਦੇਣ ਵਾਲੇ ਦੇਸ਼ਾਂ ਨੇ ਹਰ ਖੇਤਰ ਵਿਚ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਸਰਕਾਰੀ ਸਕੂਲਾਂ ਵਿਚ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਮਾਪਿਆਂ ਨੂੰ ਬਿਹਤਰ ਬਦਲ ਮਿਲੇਗਾ। ਉਨ੍ਹਾਂਨੇ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲ ਨਿੱਜੀ ਸੰਸਥਾਵਾਂ ਦੇ ਬਰਾਬਰ ਖੜ੍ਹੇ ਹਨ ਤੇ ਸਾਡੇ ਸਿੱਖਿਆ ਮਾਡਲ ਦੀ ਚਰਚਾ ਦੇਸ਼ ਭਰ ਵਿਚ ਹੋ ਰਹੀ ਹੈ। ਸਿੱਖਿਆ ਲਈ ਵਿੱਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਵਿੱਤੀ ਸਾਲ 2026-27 ਲਈ 19,279 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ। ਅਸੀਂ 3,500 ਕਰੋੜ ਰੁਪਏ ਨਾਲ ਸਿੱਖਿਆ ਕ੍ਰਾਂਤੀ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਰਹੇ ਹਾਂ। ਇਸ ਤਹਿਤ ਵਿਸ਼ਵ ਬੈਂਕ ਨਾਲ ਭਾਈਵਾਲੀ ਕੀਤੀ ਗਈ ਹੈ, ਜੋ ਇਸ ਨੂੰ ਸਭ ਤੋਂ ਵੱਡਾ ਸਿੱਖਿਆ ਸੁਧਾਰ ਪ੍ਰੋਗਰਾਮ ਬਣਾਉਂਦਾ ਹੈ। ਮੁੱਖ ਪ੍ਰਾਪਤੀਆਂ ’ਤੇ ਚਾਨਣਾ ਪਾਉਂਦਿਆਂ ਐਡਵੋਕੇਟ ਚੰਦੀ ਨੇ ਕਿਹਾ, ਨੈਸ਼ਨਲ ਅਚੀਵਮੈਂਟ ਸਰਵੇ-2024 ਵਿਚ ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਦੋਂ ਕਿ ਗੁਜਰਾਤ 16ਵੇਂ ਅਤੇ ਹਰਿਆਣਾ ਲਗਭਗ 7ਵੇਂ ਜਾਂ 8ਵੇਂ ਸਥਾਨ ’ਤੇ ਹੈ। ਇਹ ਪ੍ਰਾਪਤੀ ਸਾਡੇ ਸਰਕਾਰੀ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਦੇ ਸਾਲਾਂ ਵਿਚ 740 ਵਿਦਿਆਰਥੀਆਂ ਨੇ ਜੇਈਈਪ੍ਰੀਖਿਆ ਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਰਵੇਖਣ ਵਿਚ ਰਾਸ਼ਟਰੀ ਔਸਤ ਨਾਲੋਂ 18 ਫੀਸਦ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਅਪ੍ਰੈਲ 2022 ਤੋਂ 14,525 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਿੱਖਿਆ ਵਿਭਾਗ ਦੇ 12,316 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ ਹੈ । ਉਨ੍ਹਾਂ ਨਾਲ ਹੀ ਕਿਹਾ ਕਿ ਅਸੀਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਲਈ ਵਿਸ਼ਵ ਪੱਧਰੀ ਸਿਖਲਾਈ ਵੀ ਯਕੀਨੀ ਬਣਾ ਰਹੇ ਹਾਂ। ਸਮਰੱਥਾ ਨਿਰਮਾਣ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ 264 ਸਿੱਖਿਆ ਅਧਿਕਾਰੀਆਂ,ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੇ ਅੱਠ ਬੈਚ ਸਿੰਗਾਪੁਰ ਭੇਜੇ ਗਏ ਹਨ । ਇਸ ਦੇ ਨਾਲ ਹੀ 216 ਪ੍ਰਾਇਮਰੀ ਅਧਿਆਪਕਾਂ ਦੇ ਤਿੰਨ ਬੈਚ ਫਿਨਲੈਂਡ ਦੇ ਤੁਰਕੂ ਵਿਖੇ ਸਿਖਲਾਈ ਲਈ ਭੇਜੇ ਗਏ। ਪੰਜ ਬੈਚ ਆਈਆਈਐੱਮ ਅਹਿਮਦਾਬਾਦ ਭੇਜੇ ਗਏ, ਜਿਥੇ 249 ਮੁੱਖ ਅਧਿਆਪਕਾਂ ਨੇ ਲੀਡਰਸ਼ਿਪ ਸਿਖਲਾਈ ਹਾਸਲ ਕੀਤੀ।