ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਹੜਤਾਲ ’ਚ ਲਵੇਗੀ ਹਿੱਸਾ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ 12 ਫਰਵਰੀ ਦੀ ਕੌਮੀ ਹੜਤਾਲ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਫੈਸਲਾ
Publish Date: Thu, 05 Feb 2026 09:48 PM (IST)
Updated Date: Thu, 05 Feb 2026 09:50 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਤਰਮਿੰਦਰ ਸਿੰਘ ਮੱਲੀ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਵਿਖੇ ਹੋਈ। ਇਸ ਮੌਕੇ 12 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਕੀਤੀ ਜਾ ਰਹੀ ਕੌਮੀ ਹੜਤਾਲ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਤਰਮਿੰਦਰ ਮੱਲ੍ਹੀ ਨੇ ਕਿਹਾ ਕਿ ਸੂਬਾ ਤੇ ਕੇਂਦਰੀ ਸਰਕਾਰਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀਆਂ ਹਨ, ਜਿਸ ਕਾਰਨ ਮੁਲਾਜ਼ਮਾਂ ਵਿਚ ਸਰਕਾਰਾਂ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਵੀ ਇਸ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਪੇਂਡੂ ਤੇ ਬਾਰਡਰ ਏਰੀਆ ਦਾ ਭੱਤਾ ਵੀ ਸਰਕਾਰ ਜਾਮ ਕਰਕੇ ਬੈਠੀ ਹੈ। ਇਸ ਮੌਕੇ ਇਕੱਤਰ ਹੋਏ ਫੈੱਡਰੇਸ਼ਨ ਦੇ ਆਗੂਆਂ ਨੇ ਕਿਹਾ ਕਿ 12 ਫਰਵਰੀ ਦੀ ਕੌਮੀ ਹੜਤਾਲ ਵਿਚ ਕਪੂਰਥਲਾ ਜ਼ਿਲ੍ਹੇ ਦੇ ਸਮੁੱਚੇ ਮੁਲਾਜ਼ਮ ਵੱਧ ਚੜ੍ਹ ਕੇ ਹਿੱਸਾ ਲੈਣਗੇ ਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਪਾਜ ਉਧੇੜਨਗੇ। ਇਸ ਮੌਕੇ ਮਹਾਰਾਸ਼ਟਰ ਵਿਖੇ ਹੋਈ 18ਵੀਂ ਨੈਸ਼ਨਲ ਕਾਨਫਰੰਸ ਵਿਚ ਪਾਸ ਕੀਤੇ ਗਏ ਮਤਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸਾਥੀ ਪ੍ਰਿੰਸੀਪਲ ਪਿਆਰਾ ਸਿੰਘ ਤੇ ਕਾਮਰੇਡ ਜਸਪਾਲ ਸਿੰਘ ਦੇ ਦਿਹਾਂਤ ’ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਚੰਦੀ ਬੂਲਪੁਰ, ਪ੍ਰਦੀਪ ਸਿੰਘ ਘੁਮਾਣ ਤਲਵੰਡੀ ਚੌਧਰੀਆਂ, ਸੁਰਿੰਦਰ ਸਿੰਘ ਔਜਲਾ, ਮਾਸਟਰ ਨਰੇਸ਼ ਕੋਹਲੀ, ਪਰਮਿੰਦਰ ਸਿੰਘ ਆਰਸੀਐੱਫ, ਦੇਵਿੰਦਰ ਸਿੰਘ ਆਦਿ ਹਾਜ਼ਰ ਸਨ।