ਸਬੰਧੀ ਮੰਡ ਇਲਾਕੇ ਦੇ ਸੰਵੇਦਨਸ਼ੀਲ ਖੇਤਰਾਂ ਦਾ ਕੀਤਾ ਦੌਰਾ

- ਜ਼ਮੀਨੀ ਪੱਧਰ ’ਤੇ ਜਾ ਕੇ ਸੰਭਾਵਿਤ ਹੜ੍ਹਾਂ ਤੋਂ ਬਚਾਓ ਸਬੰਧੀ ਪਹਿਲਾਂ ਤੋਂ ਯੋਜਨਾਵਾਂ ਦੀ ਕਰੋ ਤਿਆਰੀ : ਡੀਸੀ
- ਸੁਲਤਾਨਪੁਰ ਲੋਧੀ ’ਚ ਸੰਤ ਸੀਚੇਵਾਲ ਤੇ ਡਿਪਟੀ ਕਮਿਸ਼ਨਰ ਨੇ ਕੀਤੀ ਵਿਸ਼ੇਸ਼ ਬੈਠਕ
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੀ ਅਗਵਾਈ ਹੇਠ ਮੰਡ ਇਲਾਕੇ ਵਿੱਚ ਸੰਭਾਵਿਤ ਹੜ੍ਹਾਂ ਦੌਰਾਨ ਪਹਿਲਾਂ ਤੋਂ ਬਚਾਅ ਸਬੰਧੀ ਰੂਪ-ਰੇਖਾ ਤਿਆਰ ਕਰਨ ਲਈ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿ ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੰਭਾਵਿਤ ਹੜ੍ਹਾਂ ਤੋਂ ਬਚਾਅ ਸਬੰਧੀ ਪਹਿਲਾਂ ਤੋਂ ਪੁਖਤਾ ਇੰਤਜ਼ਾਮ ਕੀਤੇ ਜਾਣ। ਪਹਿਲਾਂ ਤੋਂ ਹੀ ਜ਼ਮੀਨੀ ਪੱਧਰ ’ਤੇ ਅਧਿਕਾਰੀ ਸੰਭਾਵਿਤ ਹੜ੍ਹਾਂ ਵਾਲੇ ਸਥਾਨਾਂ ’ਤੇ ਜਾ ਕੇ ਮੁੱਢਲੀ ਤਿਆਰੀਆਂ ਕਰ ਕੇ ਰੂਪ-ਰੇਖਾ ਬਣਾ ਲੈਣ ਕਿ ਜੇਕਰ ਹੜ੍ਹਾਂ ਵਰਗੀ ਕੋਈ ਸਥਿਤੀ ਬਣਦੀ ਹੈ ਤਾਂ ਕਿਵੇਂ ਯੋਜਨਾ ਅਨੁਸਾਰ ਤਰੀਕੇ ਨਾਲ ਬਚਾਅ ਸਬੰਧੀ ਕਾਰਜ ਕੀਤੇ ਜਾਣਗੇ। ਇਸ ਤੋਂ ਬਾਅਦ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਜ਼ਿਲ੍ਹੇ ਦੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬਿਆਸ ਦਰਿਆ ਦੇ ਐਡਵਾਂਸ ਬੰਨ੍ਹ ਦਾ ਦੌਰਾ ਕਰ ਕੇ ਸੰਵੇਦਨਸ਼ੀਲ ਖੇਤਰਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਪੱਥਰ ਲਗਾ ਕੇ ਮਜ਼ਬੂਤ ਕੀਤੇ ਜਾ ਰਹੇ ਐਡਵਾਂਸ ਬੰਨ੍ਹ ਦੇ ਸੰਵੇਦਨਸ਼ੀਲ ਹਿੱਸੇ ਦਾ ਜਾਇਜ਼ਾ ਲਿਆ। ਇੱਥੋਂ ਆਹਲੀ ਖੁਰਦ ਦੇ ਰਕਬੇ ਵਿੱਚ ਪਿਛਲੇ ਸਾਲ ਅਗਸਤ ਵਿੱਚ ਬੰਨ੍ਹ ਟੁੱਟਣ ਨਾਲ ਵੱਡੇ ਪੱਧਰ ’ਤੇ ਝੋਨੇ ਦੀ ਪੱਕੀ ਫ਼ਸਲ ਤਬਾਹ ਹੋ ਗਈ ਸੀ। ਉਨ੍ਹਾਂ ਅਧਿਕਾਰੀਆਂ ਨੂੰ ਲਗਾਤਾਰ ਇਸ ਖੇਤਰ ਦਾ ਸਮੇਂ-ਸਮੇਂ ’ਤੇ ਜਾਇਜ਼ਾ ਲੈਣ ਸਬੰਧੀ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਮੰਡ ਇਲਾਕੇ ਦੀਆਂ ਪੰਚਾਇਤਾਂ ਨੂੰ ਵੀ ਬੁਲਾਇਆ ਗਿਆ ਸੀ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪਿਛਲੇ ਸਾਲ ਅਗਸਤ ਮਹੀਨੇ ਵਿੱਚ ਆਏ ਹੜ੍ਹਾਂ ਦੌਰਾਨ ਹੋਏ ਨੁਕਸਾਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਦੌਰਾਨ ਆਹਲੀ ਕਲਾਂ ਦੇ ਸਰਪੰਚ ਸ਼ਮਿੰਦਰ ਸਿੰਘ ਨੇ ਕਰਮੂੰਵਾਲ ਪੱਤਣ ’ਤੇ ਪੱਥਰ ਲਗਾਉਣ ਸਬੰਧੀ ਜਾਣਕਾਰੀ ਦਿੱਤੀ। ਵਿਭਾਗ ਨੇ ਆਹਲੀ ਖੁਰਦ ਤੋਂ ਅਲੂਵਾਲ ਤੱਕ ਦੋ ਬੁਰਜੀਆਂ ’ਤੇ ਮਿੱਟੀ ਪਾਉਣ ਦੇ ਕੰਮ ਸਬੰਧੀ ਵੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਸ਼ਹਿਰ ਦੇ ਅੰਦਰਲੀਆਂ ਸੜਕਾਂ ਦੇ ਕੰਮ, ਸ਼ਹਿਰ ਦੀ ਸਫ਼ਾਈ, ਨਾਜਾਇਜ਼ ਕਬਜ਼ਿਆਂ, ਅਪਰਾਧਿਕ ਘਟਨਾਵਾਂ ’ਤੇ ਠੱਲ ਪਾਉਣ ਲਈ ਸੀਸੀਟੀਵੀ ਕੈਮਰੇ ਲਗਾਉਣ ਸਬੰਧੀ ਗੱਲ ਰੱਖੀ ਗਈ, ਜਿਸ ’ਤੇ ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।